5 Dariya News

ਵਿਜੀਲੈਂਸ ਵਲੋਂ ਨਗਰ ਨਿਗਮ ਦੇ ਦੋ ਕਰਮਚਾਰੀ ਰਿਸ਼ਵਤ ਲੈਂਦੇ ਕਾਬੂ

5 Dariya News

ਚੰਡੀਗੜ੍ਹ 11-Jan-2018

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਤਕਨੀਸ਼ੀਨ ਅਵਤਾਰ ਸਿੰਘ ਅਤੇ ਇਲੈਕਟ੍ਰਿਕ ਪੰਪ ਡਰਾਈਵਰ ਚਰਨਜੀਤ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਵਤਾਰ ਸਿੰਘ ਅਤੇ ਚਰਨਜੀਤ ਸਿੰਘ ਨੂੰ ਸ਼ਿਕਾਇਤਕਰਤਾ ਲਾਲੀ ਕੁਮਾਰ, ਵਾਸੀ ਸਿਵਲ ਲਾਈਨ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 2 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ।  ਬੁਲਾਰੇ ਨੇ ਦੱਸਿਆ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਦੋਸ਼ਿਆਂ ਵਲੋਂ ਉਸ ਦੇ ਪਾਣੀ ਅਤੇ ਸੀਵਰੇਜ ਦੇ ਬਿਲ ਪੈਂਡਿੰਗ ਹੋਣ ਕਰਕੇ ਉਸਦਾ ਕੁਨੈਕਸ਼ਨ ਨਾ ਕੱਟਣ ਅਤੇ ਰਿਪੋਰਟ ਅੱਗੇ ਨਾ ਭੇਜਣ ਬਦਲੇ 4000 ਰੁਪਏ ਦੀ ਮੰਗ ਕੀਤੀ ਗਈ ਸੀ ਪਰ ਸੌਦਾ 2000 ਰੁਪਏ ਦੇਣਾ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਉਕਤ ਦੋਹਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ  ਹਜਾਰ ਰੁਪਏ ਦੀ ਰਕਮ ਰਿਸ਼ਵਤ ਵਜੋਂ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ ਗਿਆ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਦੋਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਲੁਧਿਆਣਾ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।