5 Dariya News

ਅਕਾਲੀ ਦਲ ਕਾਂਗਰਸ ਸਰਕਾਰ ਵੱਲੋਂ ਚੋਣ ਵਾਅਦੇ ਪੂਰੇ ਨਾ ਕਰਨ ਖ਼ਿਲਾਫ ਰੋਸ ਵਜੋਂ ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਅਸੰਬਲੀ ਦਾ ਘਿਰਾਓ ਕਰੇਗਾ

ਪਾਰਟੀ ਦੀ ਕੋਰ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਰਕਾਸ਼ ਪੁਰਬ ਨੂੰ ਇੱਕ ਗਲੋਬਲ ਸਮਾਗਮ ਵਜੋਂ ਮਨਾਉਣ ਦਾ ਫੈਸਲਾ ਕੀਤਾ

5 Dariya News

ਚੰਡੀਗੜ੍ਹ 14-Feb-2018

ਸ਼੍ਰੋਮਣੀ ਅਕਾਲੀ ਦਲ ਕਾਂਗਰਸ ਸਰਕਾਰ ਦੁਆਰਾ ਚੋਣ ਵਾਅਦੇ ਪੂਰੇ ਨਾ ਕਰਕੇ ਪੰਜਾਬ ਦੇ ਲੋਕਾਂ, ਖਾਸ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਕੀਤੇ ਵਿਸ਼ਵਾਸ਼ਘਾਤ ਖਿਲਾਫ ਰੋਸ ਪ੍ਰਗਟ ਕਰਨ ਲਈ ਅਗਲੇ ਮਹੀਨੇ ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਅਸੰਬਲੀ ਦਾ ਘਿਰਾਓ ਕਰੇਗਾ। ਮੌਜੂਦਾ ਹਕੂਮਤ ਵੱਲੋਂ ਲੋਕਾਂ ਨੂੰ ਸਾਰੀਆਂ ਸਮਾਜ ਭਲਾਈ ਸਕੀਮਾਂ ਦੇ ਲਾਭ ਬੰਦ ਕੀਤੇ ਜਾਣ ਖ਼ਿਲਾਫ ਵੀ ਪਾਰਟੀ ਦੁਆਰਾ ਰੋਸ ਪ੍ਰਗਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅਕਾਲੀ ਦਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪਰਕਾਸ਼ ਉਤਸਵ ਖਾਲਸਾਈ ਸ਼ਾਨੋ-ਸ਼ੌਕਤ ਨਾਲ ਇੱਕ ਗਲੋਬਲ ਸਮਾਗਮ ਦੇ ਤੌਰ 'ਤੇ ਮਨਾਏਗਾ। ਇਸ ਸਮਾਗਮ ਦਾ ਸਾਰਾ ਪ੍ਰਬੰਧ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਆਪਣੇ ਸਰੋਤਾਂ ਨਾਲ ਕੀਤਾ ਜਾਵੇਗਾ।ਇਹ ਸਾਰੇ ਫੈਸਲੇ ਅੱਜ ਸ਼ਾਮੀ ਇੱਥੇ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਏ ਗਏ।ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰਨ ਵਾਸਤੇ ਭਾਰੀ ਨਿੰਦਾ ਕੀਤੀ ਗਈ। ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਿਰਫ ਕਿਸਾਨਾਂ ਨਾਲ ਹੀ ਧੋਖਾ ਨਹੀਂ ਕੀਤਾ, ਜਿਹਨਾਂ ਨੂੰ ਉਹਨਾਂ ਦੇ ਸਹਿਕਾਰੀ ਅਤੇ ਰਾਸ਼ਟਰੀ ਬੈਕਾਂ ਤੋਂ ਇਲਾਵਾ ਆੜ੍ਹਤੀਆਂ ਤੋਂ ਲਏ ਸਾਰੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕੀਤਾ ਗਿਆ ਸੀ, ਸਗੋਂ ਉਹ ਗਰੀਬ ਲੋਕਾਂ ਨੂੰ ਵੀ ਆਟਾ ਦਾਲ, ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਅਤੇ ਦਲਿਤ ਵਜ਼ੀਫੇ ਵਰਗੀਆਂ ਸਮਾਜ ਭਲਾਈ ਸਕੀਮਾਂ ਦੇ ਲਾਭ ਨਾ ਦੇ ਕੇ ਦੁਖੀ ਕਰ ਰਿਹਾ ਹੈ।ਕੋਰ ਕਮੇਟੀ ਨੇ ਕਿਹਾ ਕਿ ਪਾਰਟੀ ਕਿਸਾਨਾਂ ਅਤੇ ਕਮਜ਼ੋਰ ਵਰਗਾਂ ਦੇ ਹੱਕਾਂ ਲਈ ਅੰਦੋਲਨ ਕਰਕੇ ਕਾਂਗਰਸ ਸਰਕਾਰ ਨੂੰ ਇਸ ਦੀ ਤਜ਼ਵੀਜ਼ਤ ਕਿਸਾਨ ਕਰਜ਼ਾ ਮੁਆਫੀ ਸਕੀਮ ਦੇ ਘੇਰੇ ਵਿਚ ਖੇਤ ਮਜ਼ਦੂਰਾਂ ਅਤੇ ਦਲਿਤਾਂ ਨੂੰ ਸ਼ਾਮਿਲ ਕੀਤੇ ਜਾਣ ਲਈ ਮਜ਼ਬੂਰ ਕਰ ਦੇਵੇਗੀ।

ਪਾਰਟੀ ਨੇ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪਰਕਾਸ਼ ਉਤਸਵ ਪੂਰੀ ਖਾਲਸਾਈ ਸ਼ਾਨੋਸ਼ੌਕਤ ਨਾਲ ਇੱਕ ਗਲੋਬਲ ਸਮਾਗਮ ਵਜੋਂ ਮਨਾਇਆ ਜਾਵੇਗਾ। ਇਸ ਸਮਾਗਮ ਦੀ ਤਿਆਰੀ ਤਹਿਤ ਪਰਕਾਸ਼ ਉਤਸਵ ਨੂੰ ਮਨਾਏ ਜਾਣ ਦੀ ਰੂਪ ਰੇਖਾ ਘੜਣ ਵਾਸਤੇ ਸਾਰੀਆਂ ਸਿੰਘ ਸਭਾਵਾਂ ਅਤੇ ਦੁਨੀਆਂ ਭਰ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਇਕਾਈਆਂ ਦੀਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਟਿੰਗਾਂ ਰੱਖੀਆਂ ਜਾਣਗੀਆਂ।

ਮੀਟਿੰਗ ਵਿਚ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪਰਕਾਸ਼ ਪੁਰਬ ਮਨਾਉਣ ਦੀ ਯੋਜਨਾ ਘੜਣ ਲਈ ਸੱਦੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸੂਚਨਾ ਦੇਣ ਸੰਬੰਧੀ ਸਰਕਾਰ ਵੱਲੋਂ ਹੀ  ਕੋਤਾਹੀ ਕੀਤੀ ਗਈ ਸੀ। ਪਾਰਟੀ ਨੇ ਸਪੱਸ਼ਟ ਕੀਤਾ ਕਿ ਇਸ ਮੁੱਦੇ ਉੱਤੇ ਭਵਿੱਖ ਵਿਚ ਜੇਕਰ ਕੋਈ ਵੀ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੱਦੀ ਗਈ ਤਾਂ ਅਕਾਲੀ ਦਲ ਵਧ ਚੜ੍ਹ ਕੇ ਹਿੱਸਾ ਲਵੇਗਾ।ਕਮੇਟੀ ਨੇ ਇਹ ਵੀ ਐਲਾਨ ਕੀਤਾ ਕਿ  ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ 21 ਫਰਵਰੀ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਫੇਰੀ ਮੌਕੇ ਉਹਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਕਮੇਟੀ ਨੇ ਸੀਨੀਅਰ ਪਾਰਟੀ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਅਜੀਤ ਸਿੰਘ ਕੋਹਾੜ ਦੇ ਅਚਾਨਕ ਹੋਏ ਦੇਹਾਂਤ ਬਾਰੇ ਇੱਕ ਸ਼ੋਕ ਮਤਾ ਪਾਸ ਕੀਤਾ। ਕਮੇਟੀ ਨੇ ਸਰਦਾਰ ਕੋਹਾੜ ਦੁਆਰਾ ਪਾਰਟੀ ਅਤੇ ਸਮਾਜ ਲਈ ਕੀਤੀਆਂ ਸੇਵਾਵਾਂ ਨੂੰ ਰਿਕਾਰਡ ਵਿਚ ਦਰਜ ਕੀਤਾ। ਕਮੇਟੀ ਵੱਲੋਂ ਸਾਬਕਾ ਮੰਤਰੀ ਸਰਦਾਰ ਜਨਮੇਜਾ ਸਿੰਘ ਸੇਖੋ ਦੀ ਪਤਨੀ ਸਰਦਾਰਨੀ ਜਸਵਿੰਦਰ ਕੌਰ ਸੇਖੋਂ ਦੇ ਦੇਹਾਂਤ ਉੱਤੇ ਅਫਸੋਸ ਪ੍ਰਗਟ ਕੀਤਾ ਗਿਆ।ਕੋਰ ਕਮੇਟੀ ਵਿਚ ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਤੋਤਾ ਸਿੰਘ, ਸਰਦਾਰ ਗੋਬਿੰਦ ਸਿੰਘ ਲੌਂਗੋਵਾਲ, ਸਰਦਾਰ ਚਰਨਜੀਤ ਸਿੰਘ ਅਟਵਾਲ, ਸਰਦਾਰ ਨਿਰਮਲ ਸਿੰਘ ਕਾਹਲੋਂ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਸਿਕੰਦਰ ਸਿੰਘ ਮਲੂਕਾ, ਡਾਕਟਰ ਦਲਜੀਤ ਸਿੰਘ ਚੀਮਾ, ਸਰਦਾਰ ਸੇਵਾ ਸਿੰਘ ਸੇਖਵਾਂ, ਬੀਬੀ ਜੰਗੀਰ ਕੌਰ, ਸਰਦਾਰ ਗੁਲਜ਼ਾਰ ਸਿੰਘ ਰਣੀਕੇ, ਸਰਦਾਰ ਬਿਕਰਮ ਸਿੰਘ ਮਜੀਠੀਆ, ਸਰਦਾਰ ਸੁਰਜੀਤ ਸਿੰਘ ਰੱਖੜਾ, ਸਰਦਾਰ ਹਰੀ ਸਿੰਘ ਜ਼ੀਰਾ, ਸਰਦਾਰ ਅਵਤਾਰ ਸਿੰਘ ਹਿੱਤ ਅਤੇ ਸਰਦਾਰ ਬਲਦੇਵ ਸਿੰਘ ਮਾਨ ਵੀ ਸ਼ਾਮਿਲ ਸਨ।