5 Dariya News

ਵਿਜੀਲੈਂਸ ਵਲੋਂ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

5 Dariya News

ਚੰਡੀਗੜ੍ਹ 21-Feb-2018

ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਲੁਧਿਆਣਾ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਲੁਧਿਆਣਾ ਵਿਖੇ ਤਾਇਨਾਤ ਪਰਮਿੰਦਰ ਸਿੰਘ ਕਲਰਕ ਨੂੰ ਸ਼ਿਕਾਇਤਕਰਤਾ ਅਮਰੀਕ ਸਿੰਘ ਪ੍ਰਧਾਨ ਸਹਿਕਾਰੀ ਖੇਤੀ ਸੇਵਾ ਸਭਾ, ਪਿੰਡ ਜੜਤੋਲੀ ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਕਲਰਕ ਵਲੋਂ ਜੜਤੋਲੀ ਕੋਆਰਪਰੇਟਿਵ ਸੁਸਾਇਟੀ ਵਿਖੇ ਉਚ ਅਧਿਕਾਰੀਆਂ ਤੋਂ ਮੰਜੂਰੀ ਲੈਣ ਉਪਰੰਤ ਸੇਲਸਮੈਨ ਨਿਯੁਕਤ ਕਰਨ ਬਦਲੇ 50 ਹਜਾਰ ਰੁਪਏ ਦੀ ਮੰਗ ਕਰ ਰਿਹਾ ਹੈ ਤੇ ਸੌਦਾ  35 ਹਜਾਰ ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਵਜੋਂ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।