5 Dariya News

ਟਕਸਾਲੀ ਅਕਾਲੀ ਆਗੂ ਨਰਿੰਦਰ ਸਿੰਘ ਲਾਂਬਾ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ

5 Dariya News

ਐਸ.ਏ.ਐਸ. ਨਗਰ (ਮੁਹਾਲੀ) 12-Mar-2018

ਵਿਧਾਨ ਸਭਾ ਹਲਕਾ ਮੁਹਾਲੀ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਜਬਰਦਸਤ ਝਟਕਾ ਲੱਗਾ ਜਦੋਂ ਟਕਸਾਲੀ ਅਕਾਲੀ ਆਗੂ ਨਰਿੰਦਰ ਸਿੰਘ ਲਾਂਬਾ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ।  ਜ਼ਿਲ੍ਹਾ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਸ੍ਰੀ ਨਿਰਮਲ ਕੌਸ਼ਲ ਦੀ ਪ੍ਰੇਰਨਾ ਸਦਕਾ ਕਾਂਗਰਸ ਦਾ ਪੱਲਾ ਫੜਨ ਵਾਲੇ ਸ੍ਰੀ ਲਾਂਬਾ ਦਾ ਅੱਜ ਹਲਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਸਿਰੋਪਾ ਪਾ ਕੇ ਪਾਰਟੀ ਵਿੱਚ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਪੂਰਾ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ । ਇਸ ਮੌਕੇ ਬੋਲਦਿਆਂ ਸ੍ਰੀ ਲਾਂਬਾ ਨੇ ਕਿਹਾ ਕਿ ਉਹ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੀ ਬਹੁਪੱਖੀ ਸਖਸ਼ੀਅਤ ਅਤੇ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨਾਲ ਜੁੜੇ ਹਨ । ਉਨ੍ਹਾਂ ਕਿਹਾ ਕਿ ਅਕਾਲੀ ਦਲ ਅੰਦਰ ਉਨ੍ਹਾਂ ਦਾ ਦਮ ਘੁਟਣ ਲੱਗਾ ਸੀ ਕਿਉਂਕਿ ਅਕਾਲੀ ਦਲ ਨੇ ਟਕਸਾਲੀ ਅਕਾਲੀ ਆਗੂਆਂ ਨੂੰ ਇੱਕ ਪਾਸੇ ਕਰਕੇ ਸਿਰਫ ਅਤੇ ਸਿਰਫ ਚਾਪਲੂਸਾਂ ਨੂੰ ਹੀ ਅਹੁਦੇਦਾਰੀਆਂ ਬਖਸ਼ ਕੇ ਨਵਾਜਿਆ ਹੈ । ਇਸ ਮੌਕੇ ਹੋਰਨਾ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਭਮਰਾ, ਸਤਪਾਲ ਸਿੰਘ, ਮਨੀਸ਼ ਮਲੋਹਤਰਾ, ਜਤਿੰਦਰ ਅਨੰਦਾ ਟਿੰਕੂ, ਗੋਪੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ ।