5 Dariya News

ਸੋਇਆਬੀਨ ਦੀ ਫਸਲ ਦੀ ਕਾਸ਼ਤ ਹੋ ਸਕਦੀ ਹੈ ਕਿਸਾਨਾ ਲਈ ਲਾਹੇਵੰਦੀ ਸਾਬਤ

ਜੂਨ ਮਹੀਨੇ ਦੇ ਪਹਿਲੇ ਪੰਦਰਵਾੜੇ ਕੀਤੀ ਜਾ ਸਕਦੀ ਹੈ ਸੋਇਆਬੀਨ ਦੀ ਕਾਸ਼ਤ - ਬਲਜਿੰਦਰ ਸਿੰਘ ਭੁੱਲਰ

5 Dariya News

ਬਟਾਲਾ 21-May-2018

ਸੋਇਆਬੀਨ ਦੀ ਫਸਲ ਦੀ ਕਾਸ਼ਤ ਕਿਸਾਨ ਭਰਾਵਾਂ ਲਈ ਲਾਹੇਵੰਦੀ ਸਾਬਤ ਹੋ ਸਕਦੀ ਹੈ ਅਤੇ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਆਪਣੇ ਕੁਝ ਰਕਬੇ ਵਿੱਚ ਅਜਿਹੀਆਂ ਫਸਲਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਸੋਇਆਬੀਨ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਕਾਸ ਅਧਿਕਾਰੀ ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਸਾਰੇ ਪੰਜਾਬ ਦਾ ਪੌਣ-ਪਾਣੀ ਅਤੇ ਧਰਾਤਲ ਸੋਇਆਬੀਨ ਦੀ ਫਸਲ ਲਈ ਸਾਜ਼ਗਾਰ ਹੈ। ਉਨ੍ਹਾਂ ਦੱਸਿਆ ਕਿ ਸੋਇਆਬੀਨ ਦੀ ਬਿਜਾਈ ਜੂਨ ਮਹੀਨੇ ਦੇ ਪਹਿਲੇ ਪੰਦਰਵਾੜੇ ਦੌਰਾਨ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸੋਇਆਬੀਨ ਦੀਆਂ ਤਿੰਨ ਕਿਸਮਾਂ ਦੀ ਸ਼ਿਫ਼ਾਰਸ਼ ਕੀਤੀ ਗਈ ਹੈ ਜੋ ਹੇਠ ਲਿਖੀਆਂ ਹਨ। ਖੇਤੀਬਾੜੀ ਅਧਿਕਾਰੀ ਸ. ਭੁੱਲਰ ਨੇ ਦੱਸਿਆ ਕਿ ਐੱਸ.ਐੱਲ. 958ઠ(2014) ਕਿਸਮ ਦਾ ਔਸਤਨ ਝਾੜ 7.3 ਕੁਇੰਟਲ/ਏਕੜ ਹੈ ਅਤੇ ਇਹ ਪੱਕਣ ਲਈ ਸਮਾਂ 142 ਦਿਨ ਦਾ ਸਮਾਂ ਲੈਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕਿਸਮ ਦੇ ਦਾਣੇ ਚਮਕੀਲੇ, ਹਲਕੇ ਪੀਲੇ ਰੰਗ ਦੇ ਅਤੇ ਬੀਜ ਦੇ ਹਾਈਲਮ ਦਾ ਰੰਗ ਕਾਲਾ ਹੁੰਦਾ ਹੈ। ਦਾਣਿਆਂ ਵਿੱਚ 41.7% ਪ੍ਰੋਟੀਨ ਅਤੇ 20.2% ਤੇਲ ਹੁੰਦਾ ਹੈ।  ਐੱਸ.ਐੱਲ 744ઠ(2010) ਕਿਸਮ ਦਾ ਔਸਤਨ ਝਾੜ 7.3 ਕੁਇੰਟਲ/ਏਕੜ ਹੁੰਦਾ ਹੈ ਅਤੇ ਇਹ ਪੱਕਣ ਲਈ ਸਮਾਂ 139 ਦਿਨ ਦਾ ਸਮਾਂ ਲੈਂਦੀ ਹੈ। ਇਸ ਕਿਸਮ ਦੇ ਦਾਣੇ ਚਮਕੀਲੇ, ਹਲਕੇ ਪੀਲੇ ਰੰਗ ਦੇ ਅਤੇ ਬੀਜ ਦੇ ਹਾਈਲਮ ਦਾ ਰੰਗ ਸਲੇਟੀ ਹੁੰਦਾ ਹੈ। ਦਾਣਿਆਂ ਵਿੱਚ 42.3% ਪ੍ਰੋਟੀਨ ਅਤੇ 21.0% ਤੇਲ ਹੁੰਦਾ ਹੈ। ਐੱਸ.ਐੱਲ 525ઠ(2003) ਕਿਸਮ ਦਾ ਔਸਤਨ ਝਾੜ 6.1 ਕੁਇੰਟਲ/ਏਕੜ ਹੁੰਦਾ ਹੈ ਅਤੇ ਇਹ ਪੱਕਣ ਲਈ ਸਮਾਂ 144 ਦਿਨ ਲਗਾਉਂਦੀ ਹੈ। ਇਸਦੇ ਦਾਣੇ ਇਕਸਾਰ ਮੋਟੇ, ਚਮਕੀਲੇ, ਕਰੀਮ ਰੰਗ ਦੇ ਅਤੇ ਬੀਜ ਦੇ ਹਾਈਲਮ ਦਾ ਰੰਗ ਸਲੇਟੀ ਹੁੰਦਾ ਹੈ। ਦਾਣਿਆਂ ਵਿੱਚ 37.2% ਪ੍ਰੋਟੀਨ ਅਤੇ 21.9% ਤੇਲ ਹੁੰਦਾ ਹੈ। 

ਸ. ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਸੋਇਆਬੀਨ ਦੀ ਬਿਜਾਈ ਜੂਨ ਮਹੀਨੇ ਦੇ ਪਹਿਲੇ ਪੰਦਰਵਾੜੇ ਦੌਰਾਨ ਕਰਨੀ ਚਾਹੀਦੀ ਹੈ। ਇਸ ਲਈ ਜ਼ਮੀਨ ਨੂੰ ਦੋ ਵਾਰ ਵਾਹ ਕੇ ਅਤੇ ਪਿੱਛੋਂ ਹਰ ਵਾਰ ਸੁਹਾਗਾ ਮਾਰ ਕੇ ਖੇਤ ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 25 ਤੋਂ 30 ਕਿਲੋ ਬੀਜ ਪ੍ਰਤੀ ਏਕੜ ਪਾਉਣਾ ਚਾਹੀਦਾ ਹੈ। ਬੀਜ 2.5 ਤੋਂ 5 ਸੈਂਟੀਮੀਟਰ ਡੂੰਘਾ ਬੀਜਣਾ ਅਤੇ ਬੂਟਿਆਂ ਤੇ ਕਤਾਰਾਂ ਵਿੱਚ ਫ਼ਾਸਲਾ ਕ੍ਰਮਵਾਰ 4-5 ਸੈਂਟੀਮੀਟਰ ਅਤੇ 45 ਸੈਂਟੀਮੀਟਰ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸੋਇਆਬੀਨ ਬਿਨਾਂ ਵਾਹੇ ਜ਼ੀਰੋ ਟਿੱਲ ਡਰਿੱਲ ਨਾਲ ਵੀ ਬੀਜੀ ਜਾ ਸਕਦੀ ਹੈ। ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਉੱਤੇ ਸੋਇਆਬੀਨ ਦੀ ਬਿਜਾਈ ਕਣਕ ਲਈ ਵਰਤੇ ਜਾਂਦੇ ਬੈੱਡ ਪਲਾਂਟਰ ਨਾਲ 67.5 ਸੈਂਟੀਮੀਟਰ ਵਿੱਥ ਤੇ ਤਿਆਰ ਕੀਤੇ ਬੈੱਡਾਂ (37.5 ਸੈਂਟੀਮੀਟਰ ਬੈੱਡ ਅਤੇ 30 ਸੈਂਟੀਮੀਟਰ ਖਾਲੀ) ਉੱਤੇ ਕੀਤੀ ਜਾ ਸਕਦੀ ਹੈ। ਸੋਇਆਬੀਨ ਦੀਆਂ ਦੋ ਕਤਾਰਾਂ ਪ੍ਰਤੀ ਬੈੱਡ 20 ਸੈਂਟੀਮੀਟਰ ਫ਼ਾਸਲੇ ਤੇ ਬੀਜਣੀਆਂ ਚਾਹੀਦੀਆਂ ਹਨ।ਖੇਤੀਬਾੜੀ ਅਧਿਕਾਰੀ ਨੇ ਕਿਹਾ ਕਿ ਜੇਕਰ ਬਾਰਸ਼ ਚੰਗੀ ਅਤੇ ਠੀਕ ਸਮੇਂ ਹੋਵੇ ਤਾਂ ਇਸ ਫਸਲ ਨੂੰ ਕਿਸੇ ਪਾਣੀ ਦੀ ਲੋੜ ਨਹੀਂ। ਜੇਕਰ ਬਾਰਸ਼ ਨਾ ਹੋਵੇ ਤਾਂ ਫ਼ਸਲ ਨੂੰ 3-4 ਪਾਣੀ ਚਾਹੀਦੇ ਹਨ। ਫ਼ਲੀਆਂ ਵਿੱਚ ਦਾਣੇ ਪੈਣ ਸਮੇਂ ਪਾਣੀ ਦੇਣਾ ਬਹੁਤ ਜ਼ਰੂਰੀ ਹੈ। ਸੋਇਆਬੀਨ ਤੋਂ ਵਧੇਰੇ ਝਾੜ ਪ੍ਰਾਪਤ ਕਰਨ ਲਈ ਬਿਜਾਈ ਤੋਂ ਪਹਿਲਾਂ 4 ਟਨ ਪ੍ਰਤੀ ਏਕੜ ਦੇ ਹਿਸਾਬ ਦੇਸੀ ਰੂੜੀ ਦੀ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ। ਸੋਇਆਬੀਨ ਨੂੰ ਪ੍ਰਤੀ ਏਕੜ 28 ਕਿਲੋ ਯੂਰੀਆ ਅਤੇ 200 ਕਿਲੋ ਸੁਪਰਫਾਸਫੇਟ ਖਾਦ ਬਿਜਾਈ ਸਮੇਂ ਡਰਿਲ ਨਾਲ ਪੋਰ ਦਿਉ। ਕਣਕ ਪਿੱਛੋਂ ਬੀਜੀ ਫ਼ਸਲ ਨੂੰ 150 ਕਿਲੋ ਸੁਪਰਫਾਸਫੇਟ ਪ੍ਰਤੀ ਏਕੜ ਪਾਉ ਜੇਕਰ ਕਣਕ ਨੂੰ ਫਾਸਫੋਰਸ ਤੱਤ ਦੀ ਸਿਫ਼ਾਰਸ਼ ਕੀਤੀ ਮਾਤਰਾ ਪਾਈ ਗਈ ਹੋਵੇ। ਸ. ਭੁੱਲਰ ਨੇ ਦੱਸਿਆ ਕਿ ਵਧੇਰੇ ਝਾੜ ਲੈਣ ਵਾਸਤੇ, ਫ਼ਸਲ ਬੀਜਣ ਤੋਂ 60 ਅਤੇ 75 ਦਿਨਾਂ ਬਾਅਦ 2% ਯੂਰੀਆ (3 ਕਿਲੋ ਯੂਰੀਆ 150 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਛਿੜਕਾਅ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਦੋ ਗੋਡੀਆਂ ਬਿਜਾਈ ਤੋਂ 20 ਅਤੇ 40 ਦਿਨਾਂ ਬਾਅਦ ਕਰਨੀਆਂ ਚਾਹੀਦੀਆਂ ਹਨ।