ਖੇਤੀਬਾੜ੍ਹੀ ਵਿਭਾਗ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਰੜ ਵਿਖੇ ਦਵਾਈਆਂ, ਖਾਦ ਬੀਜ਼ਾਂ ਅਤੇ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤੀ ਚੈਕਿੰਗ
ਜ਼ਿਲ੍ਹੇ 'ਚ ਕਿਸਾਨਾਂ ਨੂੰ ਉੱਚ ਮਿਆਰੀ ਦਵਾਈਆਂ, ਖਾਦਾਂ ਅਤੇ ਬੀਜ਼ ਮਿਲਣ ਨੂੰ ਬਣਾਇਆ ਜਾਵੇਗਾ ਯਕੀਨੀ : ਡਾ:ਜਸਵਿੰਦਰ ਸਿੰਘ
5 Dariya News
ਖਰੜ 13-Jun-2018
ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਉੱਚ ਮਿਆਰੀ ਦਵਾਈਆਂ, ਖਾਦਾਂ ਅਤੇ ਬੀਜ਼ ਮਿਲਣ ਨੂੰ ਯਕੀਨੀ ਬਣਾਉਣ ਲਈ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਵਿਭਾਗ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਰੜ ਵਿਖੇ ਖਾਦ, ਬੀਜ਼ ਅਤੇ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜ੍ਹੀ ਵਿਕਾਸ ਅਫਸਰ ਡਾ:ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਖੇਤੀਬਾੜ੍ਹੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਾਉਣ ਲਈ ਵਿਸੇਸ਼ ਮੁਹਿੰਮ ਵਿੰਢੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੜ ਵਿਖੇ ਖੇਤੀਬਾੜ੍ਹੀ ਵਿਕਾਸ ਅਫਸਰ ਡਾ: ਅਮਰਜੀਤ ਸਿੰਘ, ਬਾਗਬਾਨੀ ਵਿਕਾਸ ਅਫਸਰ ਡਾ: ਤਰਲੋਚਨ ਸਿੰਘ ਅਤੇ ਬੀ.ਟੀ.ਅੇਮ. ਸਿੰਘ ਜਗਦੀਪ ਸਿੰਘ ਵੱਲੋਂ ਸਾਂਝੇ ਤੋਰ ਤੇ ਅੱਜ ਖਰੜ ਵਿਖੇ ਖਾਦਾਂ, ਬੀਜ਼ਾਂ ਅਤੇ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਸਲਾਹ ਦਿੱਤੀ ਕਿ ਉਹ ਕਿਸਾਨਾਂ ਨੂੰ ਉਹੀ ਕੀੜੇਮਾਰ ਦਵਾਈਆਂ ਵਰਤਣ ਦੀ ਸਲਾਹ ਦੇਣ ਜਿੰਨ੍ਹਾਂ ਦਾ ਸਬਜ਼ੀਆਂ ਆਦਿ ਤੇ ਅਸਰ ਜਲਦੀ ਖਤਮ ਹੁੰਦਾ ਹੈ ਅਤੇ ਮਿਆਰੀ ਖੇਤੀ ਸਮੱਗਰੀ ਕਿਸਾਨਾਂ ਨੂੰ ਉਪਲੱਬਧ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਕਲੀ ਦਵਾਈਆਂ ਅਤੇ ਬੀਜ਼ ਆਦਿ ਵੇਚਣ ਵਾਲੇ ਵਿਕਰੇਤਾਵਾਂ ਨੂੰ ਕਿਸੇ ਵੀ ਕੀਮਤ ਤੇ ਬਖਸੀਆਂ ਨਹੀਂ ਜਾਵੇਗਾ ਅਤੇ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਫਸਲਾਂ ਲਈ ਖੇਤੀਬਾੜ੍ਹੀ ਯੂਨੀਵਰਸਿਟੀ ਲੁਧਿਆਣਾਂ ਵੱਲੋਂ ਸਿਫਾਰਸ ਕੀਤੀਆਂ ਦਵਾਈਆਂ ਹੀ ਵਰਤੀਆਂ ਜਾਣ ਅਤੇ ਖਾਦਾਂ ਵੀ ਲੋੜ ਅਨੁਸਾਰ ਹੀ ਵਰਤੀਆਂ ਜਾਣ।
ਡਾ: ਜਸਵਿੰਦਰ ਸਿੰਘ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਾਦਾਂ ਦੀ ਵਰਤੋਂ ਮਿੱਟੀ ਟੈਸਟ ਕਰਵਾਉਣ ਉਪਰੰਤ ਹੀ ਕਰਨ ਤੇ ਖੇਤੀਬਾੜ੍ਹੀ ਵਿਭਾਗ ਵੱਲਂੋ ਕਿਸਾਨਾਂ ਦੀ ਜਮੀਨ ਦੀ ਮਿੱਟੀ ਦੀ ਪਰਖ ਮੁਫਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਕੀਟਨਾਸ਼ਕ ਜਾਂ ਰਸ਼ਾਇਣਕ ਖਾਦਾਂ ਵਰਤਣ ਨਾਲ ਜਿੱਥੇ ਮਿੱਟੀ ਦੀ ਸਿਹਤ ਖਰਾਬ ਹੁੰਦੀ ਹੈ। ਉੱਥੇ ਭੋਜਨ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਜਿਸ ਨਾਲ ਮਨੁੱਖ ਨੂੰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਧਰਤੀ ਹੇਠਲੇ ਘਟ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਝੋਨਾ ਨਾ ਲਗਾਉਣ ਦੀ ਸਰਕਾਰ ਵਲੋਂ ਅਪੀਲ ਕੀਤੀ ਗਈ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ 20 ਜੂਨ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜੁਰਮਾਨਾ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰੋਜਾਨਾ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ-ਵੱਧ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ।