5 Dariya News

ਨਸ਼ਾ ਮੁਕਤੀ ਲਈ ਜਲਦ ਟੋਲ ਫ੍ਰੀ ਨੰਬਰ ਕੀਤਾ ਜਾਵੇਗਾ ਜਾਰੀ- ਡਾ. ਕੇਤਨ ਬਾਲੀਰਾਮ ਪਾਟਿਲ

ਪੁਲਿਸ, ਸਿਹਤ ਵਿਭਾਗ, ਜੀ.ਓ.ਜੀ. ਤੇ ਨੰਬਰਦਾਰ ਹੋਣਗੇ ਟੀਮ ਮੈਂਬਰ ਸ਼ਾਮਿਲ, ਡਾਕਟਰ ਦੀ ਪਰਚੀ ਤੋਂ ਬਗੈਰ ਮੈਡੀਕਲ ਸਟੋਰ 'ਤੇ ਨਹੀਂ ਵਿਕਣਗੀਆਂ ਸਰਿੰਜਾਂ

5 Dariya News

ਫਾਜ਼ਿਲਕਾ 05-Jul-2018

ਪੰਜਾਬ ਸਰਕਾਰ ਵੱਲੋਂ ਚਲਾਈ ਗਈ ਨਸ਼ਾ ਮੁਕਤ ਮੁਹਿਮ ਤਹਿਤ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਰਹਿਤ ਕਰਨ ਲਈ ਥਾਣਾ ਪੱਧਰ 'ਤੇ 13 ਟੀਮਾਂ ਦਾ ਗਠਨ ਕੀਤਾ ਜਾਵੇਗਾ। ਇਨ੍ਹਾਂ ਟੀਮਾਂ ਵਿੱਚ ਪੁਲਿਸ ਵਿਭਾਗ, ਸਿਹਤ ਵਿਭਾਗ, ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਜੀ.ਓ.ਜੀ. ਤੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਿਲ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਇਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਨਸ਼ਾ ਪ੍ਰਭਾਵਿਤ ਏਰੀਆ ਅਤੇ ਨਸ਼ਾ ਕਰਨ ਵਾਲੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਜਿੱਥੇ ਨਸ਼ਾ ਮੁਕਤੀ ਕੇਂਦਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ ਉਥੇ ਇਨ੍ਹਾਂ ਲੋਕਾਂ ਨੂੰ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਨਸ਼ੇ ਤੋਂ ਮੁਕਤੀ ਦਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਡਾ. ਕੇਤਨ ਬਾਲੀਰਾਮ ਪਾਟਿਲ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਵੇਚਣ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਜਲਦ ਹੀ ਇਕ ਟੋਲ ਫ੍ਰੀ ਨੰਬਰ ਵੀ ਜਾਰੀ ਕੀਤਾ ਜਾਵੇਗਾ। ਇਸ ਨੰਬਰ 'ਤੇ ਕੋਈ ਵੀ ਵਿਅਕਤੀ ਨਸ਼ਾ ਵੇਚਣ ਵਾਲੇ ਅਤੇ ਨਸ਼ਾ ਕਰਨ ਵਾਲਿਆਂ ਬਾਰੇ ਜਾਣਕਾਰੀ ਦੇ ਸਕਦਾ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਖੁਸ਼ਹਾਲੀ ਦੇ ਰਾਖਿਆਂ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਾਂਝੀ ਮੀਟਿੰਗ ਦੌਰਾਨ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਥਾਣਿਆਂ ਵਾਈਜ਼ 13 ਟੀਮਾਂ ਦਾ ਗਠਨ ਕੀਤਾ ਜਾਵੇਗਾ। ਇਨ੍ਹਾਂ ਟੀਮਾਂ ਵਿੱਚ ਪੁਲਿਸ, ਸਿਹਤ ਵਿਭਾਗ ਦੇ ਅਧਿਕਾਰੀ, ਆਸ਼ਾ ਵਰਕਰਜ਼, ਜੀ.ਓ.ਜੀ. ਤੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਿਲ ਕੀਤਾ ਜਾਵੇਗਾ। ਇਨ੍ਹਾਂ ਟੀਮਾਂ ਵੱਲੋਂ ਪਿੰਡ ਪੱਧਰ 'ਤੇ ਨਸ਼ਾ ਕਰਨ ਵਾਲੇ ਲੋਕਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਨਸ਼ਾ ਕਰਨ ਵਾਲਿਆਂ ਨੂੰ ਨਸ਼ੇ ਤੋਂ ਮੁਕਤੀ ਦਵਾਉਣ ਲਈ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਵੀ ਜਾਗਰੂਕ ਕੀਤਾ ਜਾਵੇਗਾ। 

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਆਉਣ ਵਾਲੇ ਵਿਅਕਤੀਆਂ ਦੀ ਪੂਰੀ ਦੇਖਭਾਲ ਕੀਤੀ ਜਾਵੇ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸ਼ਾਮ ਦੇ ਸਮੇਂ ਨਸ਼ਾ ਮੁਕਤੀ ਕੇਂਦਰਾਂ ਦੀ ਲਗਾਤਾਰਤਾ ਵਿੱਚ ਚੈਕਿੰਗ ਕੀਤੀ ਜਾਵੇ ਤੇ ਸਬੰਧਤ ਡਾਕਟਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੋਸਾਇਟੀ ਰਾਹੀਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਡਰੱਗ ਇੰਸਪੈਕਟਰਾਂ ਨੂੰ ਵੀ ਹਦਾਇਤ ਕੀਤੀ ਕਿ ਮੈਡੀਕਲ ਸਟੋਰਾਂ ਦੀ ਲਗਾਤਾਰ ਚੈਕਿੰਗ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਮੈਡੀਕਲ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਬਿਨਾਂ ਡਾਕਟਰ ਦੀ ਪਰਚੀ ਤੋਂ ਬਗੈਰ ਕਿਸੇ ਵੀ ਵਿਅਕਤੀ ਨੂੰ ਸਰਿੰਜ ਨਾ ਦਿੱਤੀ ਜਾਵੇ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸਦੇ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਸ.ਐਸ.ਪੀ. ਨੇ ਕਿਹਾ ਕਿ ਨਸ਼ਾ ਪ੍ਰਭਾਵਿਤ ਏਰੀਏ ਦੇ ਵਿਅਕਤੀਆਂ ਨੂੰ ਨਸ਼ੇ ਤੋਂ ਪੂਰੀ ਤਰ੍ਹਾਂ ਮੁਕਤੀ ਦਵਾਉਣ ਲਈ ਖੇਡਾਂ ਨਾਲ ਜੋੜਿਆ ਜਾਵੇਗਾ। ਇਸ ਤਹਿਤ ਪਿੰਡਾਂ ਦੀਆਂ ਟੀਮਾਂ ਬਣਾਈਆਂ ਜਾਣਗੀਆਂ ਤੇ ਆਪਸ ਵਿੱਚ ਖੇਡ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਐਸ.ਪੀ.ਡੀ. ਮੁਖਤਿਆਰ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਬਲਬੀਰ ਰਾਜ ਸਿੰਘ, ਜ਼ਿਲ੍ਹਾ ਮੁੱਖੀ ਜੀ.ਓ.ਜੀ. ਕਰਨਲ ਬਲਦੇਵ ਸਿੰਘ ਸੰਧੂ, ਸਹਾਇਕ ਕਮਿਸ਼ਨਰ(ਜਨਰਲ) ਸ੍ਰੀ ਜਗਦੀਪ ਸਹਿਗਲ, ਐਸ.ਡੀ.ਐਮ. ਅਬੋਹਰ ਪੂਨਮ ਸਿੰਘ, ਐਸ.ਡੀ.ਐਮ. ਜਲਾਲਾਬਾਦ ਪ੍ਰਿਥੀ ਸਿੰਘ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਤੋਂ ਇਲਾਵਾ ਤਹਿਸੀਲਦਾਰ, ਬੀ.ਡੀ.ਪੀ.ਓਜ਼ ਅਤੇ ਖੁਸ਼ਹਾਲੀ ਦੇ ਰਾਖਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।