ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ੍ਹ -ਧਰਮ ਪਾਲ ਗੁਪਤਾ
ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹੇ ਦੇ ਸਮੂਹ ਨਾਗਰਿਕ ਭਰਵਾਂ ਸਹਿਯੋਗ ਦੇਣ-ਹਰਜੀਤ ਸਿੰਘ
5 Dariya News
ਬਰਨਾਲਾ 07-Jul-2018
ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਡੇਪੋ’ ਮੁਹਿੰਮ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੀ ਅਗਵਾਈ ਵਿੱਚ ਪਿੰਡ ਸੇਖਾ ਦੀ ਧਰਮਸ਼ਾਲਾ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਅਤੇ ਐਸ.ਐਸ.ਪੀ. ਹਰਜੀਤ ਸਿੰਘ ਨੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੌਗਿਰਦੇ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ।ਡਿਪਟੀ ਕਮਿਸ਼ਨਰ ਸ਼੍ਰੀ ਧਰਮਪਾਲ ਗੁਪਤਾ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨਾ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣਾ ਸਮੇਂ ਦੀ ਮੁੱਖ ਲੋੜ੍ਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋ ਪੁੱਟ ਦੇਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ, ਤਾਂ ਜੋ ਨੌਜਵਾਨਾਂ ਤੇ ਸਮਾਜ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਡੈਪੋ ਵਲੰਟੀਅਰਾਂ ਦਾ ਵੀ ਭਰਵਾਂ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਨਸ਼ਿਆਂ ਵਿਰੁੱਧ ਇੱਕ ਸਾਂਝੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਹਰ ਵਰਗ ਦੇ ਲੋਕਾਂ ਦੇ ਭਰਵੇਂ ਸਹਿਯੋਗ ਦੀ ਜ਼ਰੂਰਤ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਕਾਮਯਾਬੀ ਮਿਲ ਸਕਦੀ ਹੈ।
ਐੱਸ.ਐੱਸ.ਪੀ. ਸ. ਹਰਜੀਤ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਵੇਚਣ ਵਾਲਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੀ ਤਸਕਰੀ ਨੂੰ ਕਾਫੀ ਹੱਦ ਤੱਕ ਠੱਲ ਪਈ ਹੈ, ਪ੍ਰੰਤੂ ਜ਼ਿਲ੍ਹੇ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਭਰਵਾਂ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ੇ ਵੇਚਣ ਵਾਲਿਆਂ ਬਾਰੇ ਪਤਾ ਲੱਗੇ ਤਾਂ ਉਸ ਬਾਰੇ ਨਜ਼ਦੀਕ ਦੇ ਥਾਣੇ ਵਿੱਚ ਜਾਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਨੇ ਡੈਪੋ ਦੇ ਨਾਂ ਹੇਠ ਵਿਆਪਕ ਪੱਧਰ ਤੇ ਲੋਕ ਜਾਗਰੂਕਤਾ ਮੁਹਿੰਮ ਆਰੰਭੀ ਹੋਈ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਆਮ ਲੋਕਾਂ ਦੀ ਭਾਈਵਾਲੀ ਨੂੰ ਯਕੀਨੀ ਬਣਾਉਣਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਬਰਨਾਲਾ ਨੇ ਨੌਜ਼ਵਾਨਾਂ ਨੂੰ 'ਮਿਸ਼ਨ ਤੰਦਰੁਸਤ ਪੰਜਾਬ' ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਮਿਸ਼ਨ ਤਹਿਤ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇ, ਤਾਂ ਜੋ ਸਾਡਾ ਵਾਤਾਵਰਣ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਰਹਿ ਸਕੇ ਅਤੇ ਅਸੀਂ ਸਿਹਤਮੰਦ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਬਣਦਾ ਯੋਗਦਾਨ ਪਾ ਸਕੀਏ।ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਪਵਿੱਤਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਜੈ ਭਾਸਕਰ, ਡਾ. ਰਿਤੇਸ਼ ਕਾਲੀਆ, ਸਰਪੰਚ ਗੁਰਤੇਜ ਸਿੰਘ ਅਤੇ ਪਿੰਡ ਸੇਖਾ ਦੀ ਸਮੂਹ ਪੰਚਾਇਤ ਤੇ ਪਿੰਡ ਵਾਸੀ ਵੀ ਮੌਜੂਦ ਸਨ।