5 Dariya News

ਅਕਾਲੀ-ਭਾਜਪਾ ਵੱਲੋਂ ਪ੍ਰਧਾਨ ਮੰਤਰੀ ਮੋਦੀ ਵਾਸਤੇ 11 ਜੁਲਾਈ ਨੂੰ ਮਲੋਟ ਵਿਖੇ ਧੰਨਵਾਦੀ ਰੈਲੀ

ਹਰਿਆਣਾ ਅਤੇ ਰਾਜਸਥਾਨ ਤੋਂ ਵੀ ਕਿਸਾਨ ਇਸ ਰੈਲੀ ਵਿਚ ਭਾਗ ਲੈਣਗੇ

5 Dariya News

ਚੰਡੀਗੜ੍ਹ 07-Jul-2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਾਉਣੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਬੇਮਿਸਾਲ ਇਤਿਹਾਸਕ ਵਾਧੇ ਦੀ ਖੁਸ਼ੀ ਵਿਚ ਪਾਰਟੀ ਵੱਲੋਂ 11 ਜੁਲਾਈ ਨੂੰ ਇੱਕ ਧੰਨਵਾਦੀ ਰੈਲੀ ਕੀਤੀ ਜਾਵੇਗੀ, ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਕਰਨਗੇ।ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਵਿਧਾਇਕਾਂ, ਉਮੀਦਵਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਲੋਟ ਵਿਖੇ ਆਯੋਜਿਤ ਕੀਤੀ ਜਾਣ ਵਾਲੀ ਇਸ ਰੈਲੀ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ ਭਾਗ ਲੈਣਗੇ।ਸਰਦਾਰ ਬਾਦਲ ਨੇ ਕਿਹਾ ਕਿ ਪੈਦਾਵਰੀ ਲਾਗਤਾਂ ਉੱਤੇ 50 ਫੀਸਦੀ ਮੁਨਾਫੇ ਨੂੰ ਯਕੀਨੀ ਬਣਾਉਣ ਵਾਲੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦਾ ਦਲੇਰਾਨਾ ਫੈਸਲਾ ਲੈਣ ਵਾਲੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕਰਨ ਲਈ ਪੰਜਾਬ ਦੇ ਕਿਸਾਨ ਅਤੇ ਅਕਾਲੀ ਦਲ ਦੇ ਆਗੂ ਅਤੇ ਵਰਕਰ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵੱਲੋਂ ਸਾਂਝੇ ਤੌਰ ਤੇ ਆਯੋਜਿਤ ਕੀਤੀ ਜਾਣ ਵਾਲੀ ਇਸ ਰੈਲੀ ਵਿਚ ਗੁਆਂਢੀ ਰਾਜਾਂ ਤੋਂ ਵੀ ਹਜ਼ਾਰਾਂ ਕਿਸਾਨ ਭਾਗ ਲੈਣਗੇ। ਉਹਨਾਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਇਹ ਇੱਕ ਇਤਿਹਾਸਕ ਮੌਕਾ ਹੋਵੇਗਾ, ਜਿੱਥੇ ਕਿਸਾਨਾਂ ਨੂੰ ਦਿੱਤੇ ਵੱਡੇ ਲਾਭ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਨ ਲਈ ਸਮੁੱਚਾ ਕਿਸਾਨ ਭਾਈਚਾਰੇ ਇੱਕ ਪਲੇਟਫਾਰਮ ਉੱਤੇ ਇਕੱਠਾ ਹੋਵੇਗਾ।