ਮਹਿਲਾ ਕਮਿਸ਼ਨ ਦੀ ਲੋਕ ਅਦਾਲਤ ਵਿੱਚ 35 ਕੇਸਾਂ ਦਾ ਨਿਬੇੜਾ
5 Dariya News
ਚੰਡੀਗੜ੍ਹ 17-Jul-2018
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇੱਥੇ ਕਮਿਸ਼ਨ ਦੇ ਮੁੱਖ ਦਫ਼ਤਰ ਵਿੱਚ ਲਾਈ ਦੋ ਦਿਨਾਂ ਲੋਕ ਅਦਾਲਤ ਵਿੱਚ 35 ਕੇਸਾਂ ਦਾ ਨਿਬੇੜਾ ਕੀਤਾ।ਇਸ ਮੌਕੇ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕੁੱਲ 51 ਕੇਸ ਸੁਣਵਾਈ ਲਈ ਪੇਸ਼ ਹੋਏ, ਜਿਨ੍ਹਾਂ ਵਿੱਚੋਂ 35 ਕੇਸਾਂ ਦਾ ਨਿਬੇੜਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਗਿਆ। ਉਨ੍ਹਾਂ ਹਰੇਕ ਮਾਮਲੇ ਵਿੱਚ ਦੋਵਾਂ ਧਿਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਆਪਣੇ ਵਿਵਾਦ ਦਾ ਹੱਲ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਲਾਉਣ ਦਾ ਮਤਲਬ ਅਦਾਲਤਾਂ ਤੋਂ ਕੇਸਾਂ ਦਾ ਭਾਰ ਘਟਾਉਣਾ ਅਤੇ ਲੋਕਾਂ ਨੂੰ ਸਮੇਂ ਸਿਰ ਤੇ ਮੁਫ਼ਤ ਇਨਸਾਫ਼ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਕੀਤੇ ਫੈਸਲਿਆਂ ਨਾਲ ਮਾਨਸਿਕ ਤਣਾਅ ਤੋਂ ਛੇਤੀ ਨਿਜ਼ਾਤ ਮਿਲ ਜਾਂਦੀ ਹੈ।ਚੇਅਰਪਰਸਨ ਨੇ ਕਿਹਾ ਕਿ ਪੀੜਤਾਂ ਨੂੰ ਆਪਣੀਆਂ ਸ਼ਿਕਾਇਤਾਂ ਲੈ ਕੇ ਸਿੱਧਾ ਕਮਿਸ਼ਨ ਕੋਲ ਪਹੁੰਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਇਨਸਾਫ਼ ਦੇਣ ਲਈ ਹਰੇਕ ਜ਼ਿਲ੍ਹੇ ਵਿੱਚ ਲੋਕ ਅਦਾਲਤਾਂ ਲਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਜੇਲ੍ਹਾਂ ਵਿੱਚ ਜਾ ਕੇ ਵੀ ਮਹਿਲਾ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਛੇਤੀ ਤੇ ਬਿਨਾਂ ਖ਼ਰਚ ਤੋਂ ਇਨਸਾਫ਼ ਦੇਣ ਲਈ ਵਚਨਬੱਧ ਹੈ।ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਉਹ ਕਮਿਸ਼ਨ ਦੇ ਹੋਰ ਅਧਿਕਾਰੀਆਂ ਨਾਲ ਅਗਲੇ ਦਿਨਾਂ ਵਿੱਚ ਰਾਜ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਜ਼ਿਕਰਯੋਗ ਹੈ ਕਿ ਚੇਅਰਪਰਸਨ ਨੇ ਪਿਛਲੇ ਦਿਨੀਂ ਰਾਸ਼ਟਰਪਤੀ ਅਤੇ ਕੇਂਦਰੀ ਵਿਦੇਸ਼ ਮੰਤਰੀ ਨਾਲ ਵੀ ਮੁਲਾਕਾਤ ਕੀਤੀ ਅਤੇ ਵਿਦੇਸ਼ੀ ਲਾੜਿਆਂ ਵੱਲੋਂ ਛੱਡੀਆਂ ਔਰਤਾਂ ਦਾ ਮਾਮਲਾ ਚੁੱਕਿਆ। ਉਨ੍ਹਾਂ ਇਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ।