5 Dariya News

ਕੈਪਟਨ ਅਮਰਿੰਦਰ ਸਿੰਘ ਦੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਕੇਸ ਚੋਂ ਬਰੀ ਹੋਣ ਤੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ

5 Dariya News

ਐਸ.ਏ.ਐਸ. ਨਗਰ (ਮੁਹਾਲੀ) 27-Jul-2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਕੇਸ ਚੋਂ ਬਰੀ ਹੋਣ ਦੀ ਖੁਸ਼ੀ ਵਿੱਚ ਅੱਜ ਮੁਹਾਲੀ ਸ਼ਹਿਰ ਦੇ ਵੱਖ-ਵੱਖ ਖੇਤਰਾਂ ਅੰਦਰ ਕਾਂਗਰਸੀ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ । ਅੱਜ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਅੱਜ ਫੇਜ਼ ਸੱਤ ਮੁਹਾਲੀ ਵਿਖੇ ਇਕੱਤਰ ਹੋਏ ਕਾਂਗਰਸੀ ਵਰਕਰਾਂ ਨੇ ਢੋਲ ਵਜਾ ਕੇ ਭੰਗੜੇ ਪਾਏ ਅਤੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ । ਇਸ ਮੌਕੇ  ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਝੂਠੇ ਕੇਸ ਵਿੱਚ ਫਸਾ ਕੇ ਕਾਫੀ ਤੰਗ ਪ੍ਰੇਸ਼ਾਨ ਕੀਤਾ ਪਰ ਅੱਜ ਦੇਸ਼ ਦੇ ਕਾਨੂੰਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬਾਇੱਜਤ ਬਰੀ ਕਰਕੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ । 

ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਦੇ ਫੈਸਲੇ ਨਾਲ ਅੱਜ ਸੱਚ ਦੀ ਜਿੱਤ ਹੋਈ ਹੈ ਤੇ ਝੂਠੇ ਲੋਕ ਅੱਜ ਕਿਸੇ ਨੂੰ ਆਪਣਾ ਮੁੰਹ ਦਿਖਾਉਣ ਜੋਗੇ ਵੀ ਨਹੀਂ ਰਹਿ ਗਏ । ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੇ ਲਾਮਿਸਾਲ ਤਰੱਕੀ ਕੀਤੀ ਸੀ ਅਤੇ ਲੋਕਾਂ ਨੂੰ ਭਾਰੀ ਸਹੂਲਤਾਂ ਮਿਲਿਆ ਸੀ ਪਰ ਅਕਾਲੀ ਸਰਕਾਰ ਨੇ ਆਪਣੇ ਦਸ ਸਾਲਾਂ ਦੇ ਜੰਗਲ ਰਾਜ ਦੌਰਾਨ ਪੰਜਾਬ ਦਾ ਭੱਠਾ ਬਿਠਾ ਕੇ ਰੱਖ ਦਿੱਤਾ ਜਿਸ ਨੂੰ ਹੁਣ ਦੁਬਾਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਰੱਕੀ ਦੀਆਂ ਲੀਹਾਂ ਉੱਤੇ ਲਿਆਂਦਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਮਜ਼ਬੂਤ ਤੇ ਹਰਮਨ ਪਿਆਰੇ ਮੁੱਖ ਮੰਤਰੀ ਹਨ ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ । ਇਸ ਮੌਕੇ ਹੋਰਨਾ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਰਣਜੀਤ ਸਿੰਘ ਗਿੱਲ, ਜਗਰੂਪ ਸਿੰਘ ਢੋਲ, ਸ਼ਹਿਰੀ ਪ੍ਰਧਾਨ ਇੰਦਰਜੀਤ ਸਿੰਘ ਖੋਖਰ, ਗੁਰਦੇਵ ਸਿੰਘ ਚੌਹਾਨ, ਅਮਨਪ੍ਰੀਤ ਸਿੰਘ ਵਿਕਟਰ, ਨਰੇਸ਼ ਕੁਮਾਰ ਕੁੰਬੜਾ, ਠੇਕੇਦਾਰ ਹਰਦਿਆਲ ਸਿੰਘ, ਗੁਰਿੰਦਰ ਸਿੰਘ, ਗੋਪੀ, ਮਨਮੋਹਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜਰ ਸਨ  ।