ਕਾਰਜ ਸਾਧਕ ਅਫ਼ਸਰ ਸ਼ਹਿਰਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਸਫਾਈ ਕਾਰਜਾਂ ਵੱਲ ਵਿਸ਼ੇਸ਼ ਤਵਜੋ ਦੇਣ : ਸਿੱਧੂ
ਸਰਕਾਰੀ ਜ਼ਮੀਨਾਂ ਤੇ ਨਜ਼ਾਇਜ ਕਬਜੇ ਬਰਦਾਸ਼ਤ ਨਹੀਂ ਕੀਤੇ ਜਾਣਗੇ
5 ਦਰਿਆ ਨਿਊਜ਼
ਐਸ.ਏ.ਐਸ.ਨਗਰ 19-Sep-2013
ਜ਼ਿਲ੍ਹੇ 'ਚ ਪੈਂਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ ਸ਼ਹਿਰਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਸਫਾਈ ਕਾਰਜਾਂ ਵੱਲ ਵਿਸ਼ੇਸ਼ ਤਵਜੋਂ ਦੇਣ ਅਤੇ ਸ਼ਹਿਰਾਂ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ। ਇਹ ਹਦਾਇਤਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਨਗਰ ਕੌਸਲਾਂ ਦੇ ਵਿਕਾਸ ਕੰਮਾਂ ਸਬੰਧੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਦਿੱਤੀਆ। ਉਨ੍ਹਾਂ ਅਫ਼ਸਰਾਂ ਨੂੰ ਇਹ ਵੀ ਹਦਾਇਤਾਂ ਦਿੱਤੀਆ ਕਿ ਉਹ ਸਮੇਂ-ਸਮੇਂ ਤੇ ਸ਼ਹਿਰ ਵਿੱਚ ਜਾ ਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਅਤੇ ਸ਼ਹਿਰ ਨਿਵਾਸੀਆਂ ਨੂੰ ਵੀ ਮਿਲ ਕੇ ਉਨ੍ਹਾਂ ਦੀ ਮੁਸ਼ਕਲਾਂ ਜਾਣਨ ਉਪਰੰਤ ਉਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ।
ਸ੍ਰੀ ਸਿੱਧੂ ਨੇ ਇਸ ਮੌਕੇ ਕਿਹਾ ਕਿ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜੇ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਨਜਾਇਜ਼ ਕਬਜਿਆਂ ਕਾਰਨ ਜਿਥੇ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਉਥੇ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸ਼ਹਿਰਾਂ ਵਿੱਚ ਨਜਾਇਜ਼ ਕਬਜਿਆਂ ਨੂੰ ਦੂਰ ਕਰਨ ਲਈ ਵਿਸ਼ੇਸ ਮੁਹਿੰਮ ਵਿੰਢਣ ਦੀਆਂ ਹਦਾਇਤਾਂ ਵੀ ਦਿੱਤੀਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਖਿਆ ਕਿ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਵਿਕਾਸ ਕਾਰਜਾਂ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਐਸ.ਏ.ਐਸ.ਨਗਰ ਸ਼ਹਿਰ ਵਿੱਚ ਲਗਾਏ ਜਾ ਰਹੇ ਪੇਵਰ ਬਲਾਕਾਂ ਸਬੰਧੀ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆ ਕਿ ਜਿਨ੍ਹਾਂ ਥਾਵਾਂ ਤੇ ਪੇਵਰ ਬਲਾਕ ਲਗਾਉਣ ਦਾ ਕੰਮ ਮੁਕੰਮਲ ਹੋ ਜਾਂਦਾ ਹੈ ਉਥੇ ਤੁਰੰਤ ਸਫਾਈ ਕਰਵਾਈ ਜਾਵੇ ਅਤੇ ਪੇਵਰ ਬਲਾਕ ਲਗਾਉਣ ਦੇ ਕੰਮ ਵਿੱਚ ਤੇਜੀ ਲਿਆ ਕੇ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਚੰਡੀਗੜ੍ਹ ਵਾਲੇ ਪਾਸੇ ਦੇ ਪ੍ਰਵੇਸ ਪੁਆਇੰਟਾਂ ਨੂੰ ਸਾਫ ਸੁਥਰਾ ਅਤੇ ਸੁੰਦਰ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਸ੍ਰੀ ਸਿੱਧੂ ਨੇ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪੁਨੀਤ ਗੋਇਲ ਦੀ ਅਗਵਾਈ ਹੇਠ ਇੱਕ ਵਿਸ਼ੇਸ ਟਂੀਮ ਦਾ ਗਠਨ ਕੀਤਾ ਜਿਸ ਵਿੱਚ ਸਬੰਧਤ ਐਸ.ਡੀ.ਐਮ ਅਤੇ ਐਕਸੀਅਨ ਜਨ ਸਿਹਤ ਨੂੰ ਸ਼ਾਮਲ ਕੀਤਾ ਗਿਆ। ਇਹ ਕਮੇਟੀ ਕੁਰਾਲੀ ਅਤੇ ਲਾਲੜੂ ਵਿਖੇ ਮੱਠੀ ਰਫ਼ਤਾਰ ਨਾਲ ਸਿਵਰੇਜ ਪਾਉਣ ਦੇ ਕੰਮ ਸਬੰਧੀ ਜਾਇਜ਼ਾ ਲਵੇਗੀ ਅਤੇ 15 ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਸੌਂਪੇਗੀ ਤਾਂ ਜੋ ਜਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਸ੍ਰੀ ਸਿੱਧੂ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇਰ ਨਾਲ ਪਹੁੰਚਣ ਵਾਲੇ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਸਿੱਧੂ ਨੇ ਇਸ ਮੌਕੇ ਨਗਰ ਨਿਗਮ ਭਵਨ ਐਸ.ਏ.ਐਸ.ਨਗਰ ਦੀ ਹਦੂਦ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਸਮੇਤ ਖਰੜ, ਕੁਰਾਲੀ, ਨਵਾਂ ਗਾਓ, ਡੇਰਾਬੱਸੀ, ਲਾਲੜੂ, ਜ਼ੀਰਕਪੁਰ ਅਤੇ ਨਗਰ ਕੌਂਸਲ ਬਨੂੰੜ ਦੇ ਵਿਕਾਸ ਕੰਮਾਂ ਦੀ ਸਮੀਖਿੱਆ ਕੀਤੀ। ਸ੍ਰੀ ਸਿੱਧੂ ਨੇ ਇਸ ਮੌਕੇ ਨਗਰ ਕੌਸਲ ਬਨੂੰੜ ਦੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤਾਂ ਦਿੱਤੀਆ ਕਿ ਉਹ ਬਨੂੰੜ ਵਿਖੇ ਮੁੱਖ ਮਾਰਗ ਤੇ ਜਿਥੇ ਕਿ ਪ੍ਰੀਮੀਕਸ ਪੈਣਾ ਹੈ ਇੱਕ ਹਫ਼ਤੇ ਦੇ ਅੰਦਰ-ਅੰਦਰ ਕੰਮ ਨੂੰ ਮੁਕੰਮਲ ਕਰਕੇ ਰਿਪੋਰਟ ਦਿੱਤੀ ਜਾਵੇ।
ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਨੇ ਐਮ.ਪੀ.ਲੈਡ ਅਤੇ ਆਰ.ਡੀ.ਐਫ ਸਬੰਧੀ ਲੰਬਿਤ ਵਰਤੋਂ ਸਰਟੀਫਿਕੇਟ ਸਬੰਧੀ ਸੱਦੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆ ਕਿ ਉਹ ਛੋਟੇ-ਛੋਟੇ ਕੰਮਾਂ ਨੂੰ ਮੁਕੰਮਲ ਕਰਨ ਵਿੱਚ ਦੇਰੀ ਨਾ ਕਰਨ ਅਜਿਹਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਗਰਾਂਟਾਂ ਦੇ ਬਕਾਇਆ ਪਏ ਵਰਤੋਂ ਸਰਟੀਫਿਕੇਟ ਇੱਕ ਮਹੀਨੇ ਦੇ ਅੰਦਰ-ਅੰਦਰ ਜਮ੍ਹਾਂ ਕਰਾਉਣ ਤਾਂ ਜੋ ਗਰਾਂਟ ਦੀ ਦੂਜੀ ਕਿਸਤ ਜਾਰੀ ਕਰਨ ਵਿੱਚ ਜਾਰੀ ਕਰਨ ਵਿੱਚ ਦੇਰੀ ਨਾ ਹੋਵੇ। ਇਸ ਤੋਂ ਉਪਰੰਤ ਉਨ੍ਹਾਂ ਜ਼ਿਲ੍ਹੇ ਦੇ ਵਿਕਾਸ ਕੰਮਾਂ ਸਬੰਧੀ ਅਤੇ ਰੋਡ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਅਧਿਕਾਰੀ ਆਪੋ ਆਪਣੇ ਵਿਭਾਗ ਵਿੱਚ ਕਰਵਾਏ ਜਾ ਰਹੇ ਕੰਮ ਪੁਰੀ ਪਾਰਦਰਸ਼ਤਾ ਅਤੇ ਤਨਦੇਹੀ ਨਾਲ ਕਰਾਉਣ ਭ੍ਰਿਸਟਾਚਾਰ ਕਰਨ ਵਾਲੇ ਅਧਿਕਾਰੀ ਨੂੰ ਕਿਸੇ ਵੀ ਕੀਮਤ ਤੇ ਬਖ਼ਸਿਆਂ ਨਹੀਂ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪੁਨੀਤ ਗੋਇਲ, ਐਸ.ਡੀ.ਐਮ. ਖਰੜ ਸ੍ਰੀ ਸੁਖਜੀਤ ਪਾਲ ਸਿੰਘ, ਐਸ.ਡੀ.ਐਮ ਡੇਰਾਬੱਸੀ ਸ੍ਰੀਮਤੀ ਇੰਦਰਜੀਤ ਕੌਰ ਕੰਗ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਰਬੀਰ ਕੌਰ ਭੁੱਲਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਬਿੰਦਰ ਸਿੰਘ ਸਰਾਓ, ਸਹਾਇਕ ਕਮਿਸ਼ਨਰ (ਤਕਨੀਕੀ) ਨਗਰ ਨਿਗਮ ਸ੍ਰੀ ਨਰਿੰਦਰ ਸਿੰਘ ਦਾਲਮ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਸੰਜੀਵ ਕੁਮਾਰ, ਐਕਸੀਅਨ ਜਨ ਸਿਹਤ ਸ੍ਰੀ ਸੁਖਮਿੰਦਰ ਸਿੰਘ ਪੰਧੇਰ, ਉਪ ਅਰਥ ਅਤੇ ਅੰਕੜਾ ਸਲਾਹਾਕਾਰ ਸ੍ਰੀਮਤੀ ਅਮਰਜੀਤ ਕੌਰ ਸਮੇਤ ਸਮੂਹ ਕਾਰਜ ਸਾਧਕ ਅਫ਼ਸਰ, ਬੀ.ਡੀ.ਪੀ.ਓਜ਼ ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।