ਸਵਰਗਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਸਿੱਖਿਆ, ਸਿਹਤ ਤੇ ਖੇਡਾਂ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਇਆ : ਪ੍ਰਨੀਤ ਕੌਰ ਤੇ ਧਰਮੋਸਤ
ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਧਰਮਸੋਤ ਤੇ ਹੋਰ ਵਿਧਾਇਕ ਡੇਰਾ ਹੰਸਾਲੀ ਦੇ ਸਵ: ਸੰਤ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ
5 Dariya News
ਫ਼ਤਹਿਗੜ੍ਹ ਸਾਹਿਬ 10-Aug-2018
ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਤੇ ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਅੱਜ ਇਥੇ ਹੰਸਾਲੀ ਵਿਖੇ ਸਵਰਗਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਰਾਜਪੁਰਾ ਸ. ਹਰਦਿਆਲ ਸਿੰਘ ਕੰਬੋਜ, ਵਿਧਾਇਕ ਘਨੌਰ ਸ਼੍ਰੀ ਮਦਨ ਲਾਲ ਜਲਾਲਪੁਰ, ਵਿਧਾਇਕ ਸਮਾਣਾ ਸ. ਰਜਿੰਦਰ ਸਿੰਘ, ਵਿਧਾਇਕ ਸ਼ੁਤਰਾਣਾ ਸ. ਨਿਰਮਲ ਸਿੰਘ, ਬੀਬੀ ਮਨਦੀਪ ਕੌਰ ਨਾਗਰਾ ਅਤੇ ਹਰਿੰਦਰਪਾਲ ਸਿੰਘ ਹੈਰੀ ਮਾਨ ਵੀ ਮੌਜੂਦ ਸਨ। ਇਸ ਮੌਕੇ ਡੇਰਾ ਹੰਸਾਲੀ ਦੇ ਮੁਖੀ ਬਾਬਾ ਪਰਮਜੀਤ ਸਿੰਘ ਨੇ ਸ਼੍ਰੀਮਤੀ ਪ੍ਰਨੀਤ ਕੌਰ, ਸ. ਸਾਧੂ ਸਿੰਘ ਧਰਮਸੋਤ ਅਤੇ ਹੋਰ ਵਿਧਾਇਕਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ।ਇਸ ਮੌਕੇ ਸ਼੍ਰੀਮਤੀ ਪ੍ਰਨੀਤ ਕੌਰ ਤੇ ਕੈਬਨਟ ਮੰਤਰੀ ਧਰਮਸੋਤ ਨੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਸਿੱਖਿਆ, ਸਿਹਤ ਤੇ ਖੇਡਾਂ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਇਆ ਹੈ ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਯਾਦ ਰੱਖਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਸੰਤ ਹਮੇਸ਼ਾਂ ਗਰੀਬਾਂ ਤੇ ਲੋੜਵੰਦਾਂ ਦੀ ਸਹਾਇਤਾ ਲਈ ਤਤਪਰ ਰਹਿੰਦੇ ਸਨ ਅਤੇ ਉਨ੍ਹਾਂ ਵੱਲੋਂ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੀ ਸ਼ਾਦੀ ਮੌਕੇ ਕੀਤੀ ਗਈ ਵਿੱਤੀ ਸਹਾਇਤਾ ਕਦੇ ਵੀ ਭੁੱਲਾਈ ਨਹੀਂ ਜਾ ਸਕਦੀ।ਉਨ੍ਹਾਂ ਕਿਹਾ ਕਿ ਸੰਤ ਹੰਸਾਲੀ ਵਾਲਿਆਂ ਵੱਲੋਂ ਪਾਏ ਗਏ ਪੂਰਨਿਆਂ 'ਤੇ ਚੱਲਦੇ ਹੋਏ ਬਾਬਾ ਪਰਮਜੀਤ ਸਿੰਘ ਵੱਲੋਂ ਵੀ ਸਮਾਜ ਸੇਵਾ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਵਿੱਚ ਲੋੜਵੰਦਾਂ ਲਈ ਮੈਡੀਕਲ ਚੈਕਅੱਪ ਕੈਂਪ ਲਗਾਉਣੇ ਅਤੇ ਵਿਸ਼ੇਸ਼ ਤੌਰ 'ਤੇ ਦੰਦਾਂ ਦੇ ਇਲਾਜ ਲਈ ਡੇਰੇ ਵੱਲੋਂ ਜੋ ਵੱਡੀ ਪੱਧਰ 'ਤੇ ਯੋਗਦਾਨ ਪਾਇਆ ਜਾ ਰਿਹਾ ਹੈ ਉਹ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਇਥੇ ਵਰਨਣਯੋਗ ਹੈ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭੋਗ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਐਸ.ਪੀ. (ਹੈ/ਕੁ) ਸ. ਰਵਿੰਦਰਪਾਲ ਸਿੰਘ ਸੰਧੂ, ਡੀ.ਐਸ.ਪੀ. ਬਸੀ ਪਠਾਣਾ ਮਿਸ: ਨਵਨੀਤ ਕੌਰ ਗਿੱਲ, ਜ਼ਿਲ੍ਹਾ ਭਲਾਈ ਅਫਸਰ ਸ਼੍ਰੀ ਆਸ਼ੀਸ਼ ਕਥੂਰੀਆ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਸ਼੍ਰੀ ਗੁਰਜਿੰਦਰ ਸਿੰਘ, ਡੇਰੇ ਦੇ ਸੇਵਾਦਾਰ ਸਾਧੂ ਰਾਮ ਭੱਟਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਸ਼ਾਮਲ ਹੋਏ।