5 Dariya News

ਕੈਪਟਨ ਅਮਰਿੰਦਰ ਸਿੰਘ ਨੇ ਇੰਗਲੈਂਡ ਤੋਂ ਆਏ ਨੌਜਵਾਨਾਂ ਨੂੰ ਵਿਦੇਸ਼ਾਂ 'ਚ ਪੰਜਾਬ ਬਾਰੇ ਪੈਦਾ ਹੋਈਆਂ ਗਲਤ ਧਾਰਨਾਵਾਂ ਦੂਰ ਕਰਨ ਲਈ ਆਖਿਆ

'ਆਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਤਹਿਤ ਪੰਜਾਬ ਆਏ ਨੌਜਵਾਨਾਂ ਨਾਲ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ

5 Dariya News

ਚੰਡੀਗੜ੍ਹ 15-Aug-2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਆਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ ਨੌਜਵਾਨਾਂ ਨੂੰ ਵਾਪਸ ਪਰਤ ਕੇ ਵਿਦੇਸ਼ਾਂ 'ਚ ਵਸਦੇ ਪੰਜਾਬੀ ਭਾਈਚਾਰੇ ਦੇ ਮਨਾਂ 'ਚ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਪਾਈਆਂ ਜਾ ਰਹੀਆਂ ਗਲਤ ਧਾਰਨਾਵਾਂ ਦੂਰ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਦੁਪਹਿਰ ਦੇ ਭੋਜਨ ਦੌਰਾਨ ਸੂਬੇ ਵਿੱਚ 10 ਦਿਨਾ ਦੌਰੇ 'ਤੇ ਵੱਖ-ਵੱਖ ਥਾਵਾਂ 'ਤੇ ਹੋ ਕੇ ਆਏ 14 ਨੌਜਵਾਨਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਖਿਆ ਕਿ ਉਹ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਦੱਸਣ ਕਿ ਪੰਜਾਬ ਦੇ ਲੋਕ ਅਮਨ ਸ਼ਾਂਤੀ ਵਾਲੇ ਮਾਹੌਲ ਵਿੱਚ ਰਹਿ ਰਹੇ ਹਨ ਜਦਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਪੇਸ਼ ਕੀਤੀ ਜਾ ਰਹੀ ਗਲਤ ਤਸਵੀਰ ਵਰਗਾ ਪੰਜਾਬ ਵਿੱਚ ਕੁੱਝ ਵੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਫਾਰ ਜਸਟਿਸ ਸਮੇਤ ਵਿਦੇਸ਼ਾਂ 'ਚ ਰਹਿ ਰਹੇ ਕੁੱਝ ਪੰਜਾਬ ਵਿਰੋਧੀ ਤੱਤਾਂ ਵੱਲੋਂ ਪੈਦਾ ਕੀਤੀ ਜਾ ਰਹੀ ਗਲਤ ਧਾਰਨਾ ਬਾਰੇ ਉਹ (ਨੌਜਵਾਨ) ਖੁਦ ਹੀ ਅੰਦਾਜ਼ਾ ਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਅਨਸਰ ਪੰਜਾਬ ਅਤੇ ਪੰਜਾਬੀਆਂ ਦੇ ਅਕਸ ਨੂੰ ਢਾਹ ਲਾਉਣ ਲਈ ਪੱਬਾਂ ਭਾਰ ਹਨ ਤਾਂ ਕਿ ਅਮਨ ਸ਼ਾਂਤੀ ਨਾਲ ਮੁਹੱਬਤ ਕਰਨ ਵਾਲੇ ਪੰਜਾਬੀਆਂ ਦਰਮਿਆਨ ਵੱਖਵਾਦ ਨੂੰ ਉਤਸ਼ਾਹਿਤ ਕਰਕੇ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਲੀਹ ਤੋਂ ਲਾਹਿਆ ਜਾ ਸਕੇ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਦੱਸਿਆ ਕਿ ਨਾ ਤਾਂ ਇੱਥੇ ਕੋਈ ਤਣਾਅ ਵਾਲੀ ਸਥਿਤੀ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਅਮਨ-ਕਾਨੂੰਨ ਦੀ ਸਮੱਸਿਆ ਹੈ। ਉਨ੍ਹਾਂ ਨੇ ਵਿਦੇਸ਼ਾਂ 'ਚ ਵਸਦੇ ਸਮੂਹ ਪੰਜਾਬੀਆਂ ਨੂੰ ਪੰਜਾਬ ਆ ਕੇ ਇੱਥੋਂ ਦੀਆਂ ਜ਼ਮੀਨੀ ਹਕੀਕਤਾਂ ਆਪਣੇ ਅੱਖੀਂ ਦੇਖਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਦੋ ਸਾਥੀਆਂ ਦੀ ਵੀ ਮਿਸਾਲ ਦਿੱਤੀ ਜੋ ਹਾਲ ਹੀ ਵਿੱਚ ਉਨ੍ਹਾਂ ਨੂੰ ਮਿਲਣ ਲਈ ਵਿਦੇਸ਼ ਤੋਂ ਆਏ ਅਤੇ ਉਨ੍ਹਾਂ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਫਤਹਿਗੜ੍ਹ ਚੂੜੀਆਂ ਨੇੜੇ ਪੈਂਦੇ ਆਪਣੇ ਜੱਦੀ ਪਿੰਡ ਜਾਣ ਦੀ ਇੱਛਾ ਵੀ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਕਿਹਾ,''ਉਨ੍ਹਾਂ ਦੀ ਬੇਨਤੀ 'ਤੇ ਮੈਂ ਆਪਣੇ ਕੈਬਨਿਟ ਸਾਥੀ ਦੀ ਡਿਊਟੀ ਉਨ੍ਹਾਂ ਦੇ ਪੁਰਖਿਆਂ ਦੇ ਪਿੰਡ ਨਾਲ ਜਾਣ ਲਾਈ। ਵਾਪਸੀ ਮੌਕੇ ਉਨ੍ਹਾਂ ਨੇ ਦੱਸਿਆ ਕਿ ਪੂਰੇ ਪਿੰਡ ਵੱਲੋਂ ਕੀਤੇ ਸ਼ਾਨਦਾਰ ਸਵਾਗਤ ਤੋਂ ਉਹ ਗਦਗਦ ਹੋ ਉੱਠੇ ਜੋ ਸਹੀ ਮਾਅਨਿਆਂ ਵਿੱਚ ਪੰਜਾਬੀਆਂ ਦੀ ਅਪਣੱਤ ਅਤੇ ਮੋਹ ਭਰੇ ਸੁਭਾਅ ਦਾ ਪ੍ਰਗਟਾਵਾ ਕਰਦਾ ਹੈ।'' ਲੁਧਿਆਣਾ ਵਿਖੇ ਹੋਏ ਰਾਜ ਪੱਧਰੀ ਆਜ਼ਾਦੀ ਸਮਾਰੋਹ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਨੇ ਕੀਤੀ, ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਹ ਵੱਖ-ਵੱਖ ਵਰਗਾਂ ਦੇ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਲਈ ਮਹੱਤਵਪੂਰਨ ਦਿਨ ਹੁੰਦਾ ਹੈ ਜੋ ਇਸ ਵਿੱਚ ਪੂਰੇ ਜੋਸ਼ੋ-ਖਰੋਸ਼ ਨਾਲ ਸ਼ਾਮਲ ਹੁੰਦੇ ਹਨ। ਇਸ ਮੌਕੇ ਮੁੱਖ ਮੰਤਰੀ  ਨਾਲ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਤੋਂ ਇਲਾਵਾ ਐਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਐਸ.ਆਰ. ਲੱਧੜ ਵੀ ਹਾਜ਼ਰ ਸਨ।