5 Dariya News

ਸੁਖਬੀਰ ਸਿੰਘ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖਾਂ ਵਿਰੁੱਧ ਨਫਰਤੀ ਅਪਰਾਧਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ ਦੀ ਅਪੀਲ

5 Dariya News

ਚੰਡੀਗੜ੍ਹ 18-Aug-2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਵਿਚ ਸਿੱਖਾਂ ਵਿਰੁੱਧ ਲਗਾਤਾਰ ਵਾਪਰ ਰਹੀਆਂ ਨਫਰਤੀ ਅਪਰਾਧਾਂ ਦੀਆਂ ਘਟਨਾਵਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ। ਇਸ ਦੇ ਨਾਲ ਹੀ ਉਹਨਾਂ ਨੇ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਫ਼ਰਤੀ ਹਮਲਿਆਂ ਦਾ ਟਾਕਰਾ ਕਰਨ ਲਈ ਸਥਾਨਕ ਲੋਕਾਂ ਨੂੰ ਸਿੱਖ ਧਰਮ ਅਤੇ ਸਿੱਖ ਵਿਸ਼ਵਾਸ਼ਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਮੁਹਿੰਮ ਸ਼ੁਰੂ ਕਰਨ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੱਲ੍ਹ ਨਿਊ ਜਰਸੀ ਵਿਚ ਹੋਇਆ ਤਿਰਲੋਕ ਸਿੰਘ ਦਾ ਕਤਲ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਅਮਰੀਕਾ ਵਿਚ ਸਿੱਖਾਂ ਉੱਤੇ ਨਫ਼ਰਤੀ ਹਮਲੇ ਦੀ ਤੀਜੀ ਘਟਨਾ ਹੈ। ਉਹਨਾਂ ਕਿਹਾ ਕਿ ਇਸ ਨਾਲ ਅਮਰੀਕਾ ਵਿਚ ਰਹਿੰਦੇ ਸਿੱਖਾਂ ਅੰਦਰ ਚਿੰਤਾ ਦੀ ਲਹਿਰ ਦੌੜ ਗਈ ਹੈ ਅਤੇ ਉਹਨਾਂ ਦੀ ਇਸ ਤਕਲੀਫ਼ ਨੂੰ ਦੂਰ ਕਰਨ ਲਈ ਤੁਰੰਤ ਜਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਮੈਂ ਸ੍ਰੀਮਤੀ ਸਵਰਾਜ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਮਸਲੇ ਨੂੰ ਉੱਚ ਪੱਧਰ ਉੱਤੇ ਉਠਾਉਣ ਤਾਂ ਕਿ ਅਮਰੀਕਾ ਵਿਚ ਵਸਦੇ ਸਿੱਖਾਂ ਦੀ ਜ਼ਿੰਦਗੀ ਅਤੇ ਸੰਪਤੀ ਦੀ ਰਾਖੀ ਕੀਤੀ ਜਾ ਸਕੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤਿਰਲੋਕ ਦੇ ਸਿੰਘ ਦੇ ਕਤਲ ਤੋਂ ਪਹਿਲਾਂ 31 ਜੁਲਾਈ ਨੂੰ ਕੈਲੀਫੋਰਨੀਆ ਵਿਚ ਸੁਰਜੀਤ ਸਿੰਘ ਉੱਤੇ ਹਮਲਾ ਹੋਇਆ ਸੀ ਅਤੇ ਉਸ ਤੋਂ ਬਾਅਦ 6 ਅਗਸਤ ਨੂੰ ਕੈਲੀਫੋਰਨੀਆ ਵਿਚ ਹੀ 71 ਸਾਲ ਦੇ ਬਜ਼ੁਰਗ ਸਾਹਿਬ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਉਹਨਾਂ ਕਿਹਾ ਕਿ ਇਹਨਾਂ ਹਮਲਿਆਂ ਦੇ ਸਾਬਿਤ ਕਰ ਦਿੱਤਾ ਹੈ ਕਿ ਅਮਰੀਕੀ ਸਮਾਜ ਅਜੇ ਸਿੱਖ ਧਰਮ ਨੂੰ ਲੈ ਕੇ ਗਲਤਫਹਿਮੀਆਂ ਦਾ ਸ਼ਿਕਾਰ ਹੈ ਅਤੇ ਇਸ ਦਿਸ਼ਾ ਵਿਚ ਜਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਉਹਨਾਂ ਕਿਹਾ ਕਿ ਸ੍ਰੀਮਤੀ ਸਵਰਾਜ ਅਮਰੀਕਾ ਵਿਚ ਭਾਰਤੀ ਦੂਤਘਰਾਂ ਨੂੰ ਇਸ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਬੇਨਤੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਉਹ ਵੀ ਸ੍ਰਥੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੁਨੀਆਂ ਭਰ ਦੀਆਂ ਸਿੱਖ ਜਥੇਬੰਦੀਆਂ  ਨੂੰ ਬੇਨਤੀ ਕਰਨਗੇ ਕਿ ਉਹ ਇਸ ਦਿਸ਼ਾ ਵਿਚ ਇੱਕ ਢੁੱਕਵੀਂ ਮੁਹਿੰਮ ਚਲਾਉਣ। ਉਹਨਾਂ ਕਿਹਾ ਕਿ ਅਮਰੀਕਾ ਵਿਚ ਵਸਦੇ ਸਿੱਖ ਭਾਈਚਾਰੇ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾਣਾ ਚਾਹੀਦਾ ਹੈ ਤਾਂ ਕਿ ਉਹਨਾਂ ਦੇ ਤੌਖਲੇ ਦੂਰ ਹੋ ਸਕਣ ਅਤੇ ਨਾਲ ਹੀ ਸਿੱਖ ਧਰਮ ਅਤੇ ਸੱਭਿਆਚਾਰ ਬਾਰੇ ਅਮਰੀਕੀ ਸਮਾਜ ਦੇ ਨਜ਼ਰੀਏ ਨੂੰ ਵੀ ਸੰਵੇਦਨਸ਼ੀਲ ਬਣਾਇਆ ਜਾ ਸਕੇ। ਸਰਦਾਰ ਬਾਦਲ ਨੇ ਨਿਊ ਜਰਸੀ ਵਿਚ ਆਪਣੇ ਸਟੋਰ ਵਿਚ ਕਤਲ ਕੀਤੇ ਗਏ ਤਿਰਲੋਕ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਮਾਤਮਾ ਅੱਗੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ ਲਈ ਅਰਦਾਸ ਕੀਤੀ।