5 Dariya News

ਬੇਅਦਬੀ ਮਾਮਲੇ ‘ਚ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕੈਪਟਨ- ਹਰਪਾਲ ਚੀਮਾ

ਮਾਮਲੇ ਦੀ ਅਗਲੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ ਦਾ ਕੀਤਾ ਵਿਰੋਧ, ਇੱਕ ਦਿਨ ਦਾ ਸੈਸ਼ਨ ਜਸਟਿਸ ਰਣਜੀਤ ਸਿੰਘ ਕਮਿਸ਼ਨ ‘ਤੇ ਬਹਿਸ ਲਈ ਹੋਵੇ

5 Dariya News

ਚੰਡੀਗੜ੍ਹ 18-Aug-2018

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਦੂਸਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਲੀਕ ਹੋਣ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਿਆ ਹੈ ਅਤੇ ਦੋਸ਼ ਲਗਾਇਆ ਹੈ ਕਿ ਕੈਪਟਨ ਸਰਕਾਰ ਸੋਚੀ ਸਮਝੀ ਯੋਜਨਾ ਤਹਿਤ ਬਾਦਲਾਂ ਅਤੇ ਬਾਕੀ ਵੱਡੇ ਗੁਨਾਹਗਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਬੇਅਦਬੀ ਮਾਮਲੇ ਦੀ ਜਾਂਚ ਅੱਗੇ ਸੀਬੀਆਈ ਨੂੰ ਸੌਂਪੇ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੋਹਰੇ ਮਾਪਦੰਡ ਆਪਣਾ ਰਹੇ ਹਨ, ਪਹਿਲਾਂ ਨਸ਼ਿਆਂ ਦੇ ਮਾਮਲੇ ‘ਚ ਜਦ ਖ਼ੁਦ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਸੀਬੀਆਈ ਜਾਂਚ ਦੀ ਮੰਗ ਕਰ ਰਹੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਬਿਕਰਮ ਮਜੀਠੀਆ ਨੂੰ ਬਚਾਉਣ ਲਈ ਸੀਬੀਆਈ ਜਾਂਚ ਦਾ ਵਿਰੋਧ ਕਰਦੇ ਹੋਏ ਦਲੀਲ ਦਿੰਦੇ ਹਨ ਕਿ ਪੰਜਾਬ ਪੁਲਸ ਜਾਂਚ ਲਈ ਕਾਬਲ ਅਤੇ ਸਮਰੱਥ ਹੈ ਪਰੰਤੂ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ‘ਚ ਜਦ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਬਾਦਲ, ਗ੍ਰਹਿ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੋਟਕਪੂਰਾ ਤੋਂ ਤਤਕਾਲੀਨ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ, ਤਤਕਾਲੀਨ ਡੀਜੀਪੀ ਅਤੇ ਹੋਰ ਅਫ਼ਸਰ ਤੇ ਰਸੂਖਦਾਰ ਲੋਕ ਸਿੱਧੇ ਤੌਰ ‘ਤੇ ਫਸ ਰਹੇ ਹਨ ਤਾਂ ਮਾਮਲਾ ਲਟਕਾਉਣ ਅਤੇ 2019 ਦੀਆਂ ਲੋਕ ਸਭਾ ਚੋਣ ਲੰਘਾਉਣ ਦੇ ਮਨਸੂਬੇ ਨਾਲ ਇਹ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਕੈਪਟਨ ਸਰਕਾਰ ਦੇ ਇਸ ਫ਼ੈਸਲੇ ਦੀ ਆਮ ਆਦਮੀ ਪਾਰਟੀ ਨਿਖੇਧੀ ਕਰਦੀ ਹੈ ਅਤੇ ਫ਼ੈਸਲਾ ਵਾਪਸ ਲੈਣ ਦੀ ਮੰਗ ਕਰਦੀ ਹੈ।ਇਸ ਮੌਕੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ, ਸੂਬਾ ਖ਼ਜ਼ਾਨਚੀ ਸੁਖਵਿੰਦਰ ਸਿੰਘ ਸੁੱਖੀ ਅਤੇ ਜਨਰਲ ਸਕੱਤਰ ਤੇ ਸੂਬਾ ਵਿੱਤ ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਦੀ ਮੌਜੂਦਗੀ ‘ਚ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਬਿਨਾ ਦੇਰੀ ਸਪਸ਼ਟ ਕਰਨ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਲੀਕ ਹੋਈ ਰਿਪੋਰਟ ਅਸਲੀ ਹੈ ਜਾਂ ਨਹੀਂ? 

ਉਨਾਂ ਇਹ ਵੀ ਮੰਗ ਕੀਤੀ ਕਿ ਰਿਪੋਰਟ ਵਿਧਾਨ ਸਭਾ ‘ਚ ਟੇਬਲ ਹੋਣ ਉਪਰੰਤ ਇੱਕ ਦਿਨ ਦਾ ਸੈਸ਼ਨ ਸਿਰਫ਼ ਬੇਅਦਬੀ ਕਲਾਂ ਗੋਲੀ ਕਾਂਡ ਅਤੇ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ‘ਤੇ ਬਹਿਸ ਹੋਣੀ ਚਾਹੀਦੀ ਹੈ।ਇੱਕ ਸਵਾਲ ਦੇ ਜਵਾਬ ‘ਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਸਾਂਝ ਕਿਸੇ ਤੋਂ ਛੁਪੀ ਨਹੀਂ ਅਤੇ ਇਸੇ ਕਾਰਨ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨੂੰ ਹਰ ਕਦਮ ‘ਤੇ ਬਚਾਉਂਦੇ ਆਏ ਹਨ। ਚੀਮਾ ਨੇ ਕਿਹਾ ਕਿ ਰਿਪੋਰਟ ਇਸ ਲਈ ਵੀ ਲੀਕ ਕੀਤੀ ਗਈ ਹੈ ਤਾਂ ਕਿ ਬਾਦਲ ਪੰਜਾਬ ਦਾ ਮਾਹੌਲ ਤਣਾਅ ਪੂਰਵਕ ਕਰ ਸਕਣ, ਕਿਉਂਕਿ ਆਪਣੇ ਅਤੇ ਆਪਣੀ ਰਾਜਨੀਤੀ ਲਈ ਧਰਮ ਅਤੇ ਧਾਰਮਿਕ ਸੰਪਰਦਾਵਾਂ ਨੂੰ ਕਿਵੇਂ ਵਰਤਣਾ ਹੈ ਬਾਦਲਾਂ ਤੋਂ ਵੱਧ ਕੋਈ ਨਹੀਂ ਜਾਣਦਾ। ਇਸ ਮੌਕੇ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚੋ ਇੱਕ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ, ਪਰੰਤੂ ਕਿਸੇ ਇੱਕ ਵੀ ਬੇਕਸੂਰ ਨੂੰ ਸਜਾ ਜਾਂ ਸ਼ੱਕ ਦੀ ਨਜ਼ਰ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਇਸ ਮੌਕੇ ਕੁਲਤਾਰ ਸਿੰਘ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦੀਆ ਸ਼ੁਰੂਆਤ ਤੋਂ ਲੈ ਕੇ ਅੰਤ ਤੱਕ ਮਨਤਾਰ ਸਿੰਘ ਬਰਾੜ ਪੂਰੇ ਮਾਮਲੇ ‘ਚ ਸੂਤਰਧਾਰ ਰਹੇ ਹਨ, ਜੇਕਰ ਮਨਤਾਰ ਸਿੰਘ ਦੀ ਚੰਗੇ ਤਰੀਕੇ ਨਾਲ ਪੁੱਛ-ਪੜਤਾਲ ਹੋ ਜਾਵੇ ਤਾਂ ਸਾਰੀ ਸਾਜ਼ਿਸ਼ ਅਤੇ ਸਾਜਿਸਕਾਰਾਂ ਦੀਆਂ ਪਰਤਾਂ ਖੁੱਲ ਜਾਣਗੀਆਂ।ਸੰਧਵਾਂ ਨੇ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਦੀ ਲੀਕ ਰਿਪੋਰਟ ਅਨੁਸਾਰ ਬੇਅਦਬੀ ਦੀਆਂ 150 ਤੋਂ ਵੱਧ ਘਟਨਾਵਾਂ ਹੋਈਆਂ ਹਨ। ਜਿੰਨਾ ‘ਚ ਸ੍ਰੀ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਦੀ ਬੇਅਦਬੀ ਵੀ ਸ਼ਾਮਲ ਹੈ। ਕੁਲਤਾਰ ਸਿੰਘ ਨੇ ਕਿਹਾ ਕਿ 2017 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਨੂੰ ਅੱਗ ਲਗਾਉਣ ਅਤੇ ਆਪਸ ‘ਚ ਵੰਡਣ ਲਈ ਅਜਿਹੇ ਗੁਨਾਹਾਂ ਨੂੰ ਅੰਜਾਮ ਦਿੱਤਾ ਗਿਆ।ਦੋਵਾਂ ਆਗੂਆਂ ਨੇ ਸਮੁੱਚੇ ਪੰਜਾਬੀਆਂ ਨੂੰ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ 2019 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਨੂੰ ਫਿਰ ਲਾਂਬੂ ਲਗਾਉਣ ਦੀਆਂ ਕੋਸ਼ਿਸ਼ਾਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੇ ਸ਼ੁਰੂ ਕਰ ਦਿੱਤੀਆਂ ਹਨ।