5 Dariya News

ਸੂਬੇ ਵਿੱਚ ਘੋੜਿਆਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਚੁੱਕੇ ਜਾ ਰਹੇ ਵਿਸ਼ੇਸ਼ ਕਦਮ : ਬਲਬੀਰ ਸਿੰਘ ਸਿੱਧੂ

ਬਾਕਰਪੁਰ ਸਥਿਤ ਘੋੜਿਆਂ ਦੇ ਫਾਰਮ ਦਾ ਕੀਤਾ ਦੌਰਾ , ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀਆਂ ਮੁਸ਼ਕਲਾਂ ਦੇ ਹੱਲ ਦੀ ਵਚਨਬੱਧ

5 Dariya News

ਐਸ.ਏ.ਐਸ. ਨਗਰ (ਮੁਹਾਲੀ) 19-Aug-2018

ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਲਈ ਸੂਬੇ ਵਿੱਚ ਪਸ਼ੂ ਪਾਲਣ ਧੰਦੇ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਵੀ ਪ੍ਰਫੁੱਲਿਤ ਕੀਤਾ ਜਾਵੇਗਾ ਅਤੇ ਰਾਜ ਵਿੱਚ ਘੋੜਿਆਂ ਦੇ ਕਾਰੋਬਾਰ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਮੰਡੀਆਂ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪਿੰਡ ਬਾਕਰਪੁਰ ਵਿਖੇ ਜਤਿੰਦਰ ਸਿੰਘ ਬੈਦਵਾਣ ਦੇ ਉਦੈ ਸਟੱਡ ਫਾਰਮ ਦਾ ਦੌਰਾ ਕਰਦਿਆਂ ਕੀਤਾ। ਜਤਿੰਦਰ ਸਿੰਘ ਦੇ ਫਾਰਮ ਦੀ ਸ਼ਲਾਘਾ ਕਰਦਿਆਂ ਸ. ਸਿੱਧੂ ਨੇ ਦੱਸਿਆ ਕਿ ਜਤਿੰਦਰ ਸਿੰਘ ਨੇ ਕੁੱਲ 15 ਘੋੜੇ ਬਹੁਤ ਹੀ ਸੁਚੱਜੇ ਢੰਗ ਨਾਲ ਰੱਖੇ ਹੋਏ ਹਨ, ਜਿਨ੍ਹਾਂ ਵਿੱਚ ਵਿਦੇਸ਼ਾਂ ਤੋਂ ਮੰਗਵਾਏ ਘੋੜੇ ਵੀ ਸ਼ਾਮਲ ਹਨ।ਇਸ ਮੌਕੇ ਸ. ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਘੋੜਿਆਂ ਦੇ ਇਲਾਜ ਲਈ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਲੋੜੀਂਦੇ ਸਿਖਲਾਈ ਕੋਰਸ ਕਰਵਾਏ ਜਾਣਗੇ ਤਾਂ ਜੋ ਘੋੜਿਆਂ ਦੇ ਪਾਲਕਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾਲ ਆਵੇ। ਉਨ੍ਹਾਂ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਵਿੱਚ ਘੋੜਿਆਂ ਦਾ ਸਰਵੇਖਣ ਕਰਨ ਅਤੇ ਘੋੜਿਆਂ ਦੀ ਰਜਿਸਟਰੇਸ਼ਨ ਲਈ ਨੋਡਲ ਅਫ਼ਸਰ ਲਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਪਸ਼ੂ ਪਾਲਕਾਂ ਦੀਆਂ ਮੁਸ਼ਕਲਾਂ ਦਾ ਹੱਲ ਛੇਤੀ ਤੋਂ ਛੇਤੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਕਰਾਰ ਨੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਹਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ ਤੇ ਸੂਬੇ ਨੂੰ ਖੁਸ਼ਹਾਲ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਟੱਡ ਫਾਰਮ ਦੇ ਮਾਲਕ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਘੋੜੇ ਰੱਖਦਾ ਆ ਰਿਹਾ ਹੈ ਤੇ ਉਨ੍ਹਾਂ ਦੇ ਘੋੜੇ ਕੌਮੀ ਤੇ ਸੂਬਾਈ ਪੱਧਰ ਦੇ ਮੁਕਾਬਲਿਆਂ ਦੇ ਨਾਲ ਨਾਲ ਹੋਰ ਵੀ ਕਈ ਮੁਕਾਬਲੇ ਜਿੱਤਦੇ ਆ ਰਹੇ ਹਨ। ਉਨ੍ਹਾਂ ਨੇ ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂ ਪਾਲਕਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਸਟੱਡ ਫਾਰਮ ਦੇ ਦੌਰੇ ਲਈ ਧੰਨਵਾਦ ਕੀਤਾ। ਇਸ ਮੌਕੇ ਸ. ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਜੀ.ਐਸ. ਰਿਆੜ, ਜਗਤਾਰ ਸਿੰਘ ਬਾਕਰਪੁਰ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਗਬਰਦੇਵ ਸਿੰਘ, ਅਜੈਬ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।