ਜ਼ਿਲ੍ਹੇ ਅੰਦਰ ਆਗਾਮੀ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਆਂ ਚੋਣਾਂ ਨੂੰ ਨਿਰਪੱਖ, ਆਜ਼ਾਦਾਨਾ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ-ਡਿਪਟੀ ਕਮਿਸ਼ਨਰ
ਸਮੂਹ ਅਧਿਕਾਰੀ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ, ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਢੁਕਵੇ ਇੰਤਜਾਮ ਕੀਤੇ ਜਾਣਗੇ-ਐਸ.ਐਸ.ਪੀ.
5 Dariya News
ਮੋਗਾ 30-Aug-2018
ਰਾਜ ਚੋਣ ਕਮਿਸ਼ਨ ਵੱਲੋ ਆਗਾਮੀ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਜ਼ਿਲ੍ਹੇ ਅੰਦਰ ਨਿਰਪੱਖ, ਆਜ਼ਾਦਾਨਾ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰ੍ਰਗਟਾਵਾ ਡਿਪਟੀ ਕਮਿਸ਼ਨਰ ਦਵਿੰਦਰਪਾਲ ਸਿੰਘ ਖਰਬੰਦਾ ਨੇ ਇਨ੍ਹਾਂ ਚੋਣਾਂ ਦੇ ਅਗੇਤਰੇ ਪ੍ਰਬੰਧਾਂ ਸਬੰਧੀ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੀਟਿੰਗ ਵਿੱਚ ਸੀਨੀਅਰ ਪੁਲਿਸ ਕਪਤਾਨ ਗੁਰਪ੍ਰੀਤ ਸਿੰਘ ਤੂਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਕਮਿਸ਼ਨਰ ਨਗਰ ਨਿਗਮ ਅਨੀਤਾ ਦਰਸ਼ੀ ਵੀ ਮੌਜੂਦ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋ ਤਾਲਮੇਲ ਰਾਹੀ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋ ਲਾਗੂ ਕੀਤੇ ਗਏ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਆਪਣੇ ਪੱਧਰ 'ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਪਿਲਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਸਮੂਹ ਰਿਟਰਨਿੰਗ ਅਫ਼ਸਰਾਂ/ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਚੋਣ ਮਿਤੀ ਤੋ ਪਹਿਲਾਂ ਨਿੱਜੀ ਤੌਰ ਤੇ ਪੋਲਿੰਗ ਬੂਥਾਂ ਦਾ ਨਿਰੀਖਣ ਕਰਨ ਹਦਾਇਤ ਕੀਤੀ, ਤਾਂ ਜੋ ਰਹਿੰਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ੍ਰ. ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਢੁਕਵੇ ਇੰਤਜਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਸੁਰੱਖਿਆ ਅਮਲੇ ਦੀ ਗਿਣਤੀ ਵਧਾਈ ਜਾਵੇਗੀ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ। ਇਸ ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਸਹਾਇਕ ਕਮਿਸ਼ਨਰ ਲਾਲ ਵਿਸ਼ਵਾਸ਼ ਬੈਸ, ਐਸ.ਡੀ.ਐੱਮ. ਮੋਗਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਬਾਘਾਪੁਰਾਣਾ ਅਮਰਬੀਰ ਸਿੰਘ ਸਿੱਧੂ, ਐਸ.ਡੀ.ਐਮ. ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ, ਸਮੂਹ ਤਹਿਸੀਲਦਾਰ/ਨਾਇਬ ਤਹਿਸੀਲਦਾਰ ਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਹਾਜ਼ਰ ਸਨ।