ਡਿਪਟੀ ਕਮਿਸ਼ਨਰ ਵਲੋਂ ਵਿਆਹ ਪੁਰਬ ਦੀਆਂ ਤਿਆਰੀਆਂ ਦਾ ਜਾਇਜਾ
ਸੰਗਤਾਂ ਦੀ ਸਹੂਲਤ ਲਈ ਜ਼ਿਲਾ ਪ੍ਰਸ਼ਾਸਨ ਨੇ ਕੀਤੇ ਪ੍ਰਬੰਧ, ਸ਼ਹਿਰ ਵਿੱਚ ਨਗਰ ਕੀਰਤਨ ਦੇ ਮਾਰਗ ਦੀ ਮੁਰੰਮਤ ਕੀਤੀ
5 Dariya News
ਬਟਾਲਾ 14-Sep-2018
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਅੱਜ ਬਟਾਲਾ ਵਿਖੇ ਪਹੁੰਚੇ। ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਸਥਾਨਕ ਪੁਲਿਸ ਲਾਈਨ ਵਿਖੇ ਮੀਟਿੰਗ ਕਰਕੇ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਸ ਉਪਰੰਤ ਖੁਦ ਸ਼ਹਿਰ ਦਾ ਦੌਰਾ ਕਰਕੇ ਤਿਆਰੀਆਂ ਨੂੰ ਦੇਖਿਆ। ਇਸ ਮੌਕੇ ਉਨਾਂ ਨਾਲ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ, ਐੱਸ.ਡੀ.ਐੱਮ. ਬਟਾਲਾ ਸ੍ਰੀ ਰੋਹਿਤ ਗੁਪਤਾ, ਈ.ਓ. ਨਗਰ ਕੌਂਸਲ ਬਟਾਲਾ ਭੁਪਿੰਦਰ ਸਿੰਘ, ਐਕਸੀਅਨ ਪਾਵਰਕਾਮ ਰਮੇਸ਼ ਸਾਰੰਗਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 15 ਸਤੰਬਰ ਤੱਕ ਤਿਆਰੀਆਂ ਦੇ ਸਾਰੇ ਕੰਮ ਮੁਕੰਮਲ ਕਰ ਲਏ ਜਾਣ ਤਾਂ ਜੋ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਉਨਾਂ ਈ.ਓ. ਨਗਰ ਕੌਂਸਲ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਕੀਰਤਨ ਦੇ ਮਾਰਗ ਦਾ ਰਹਿੰਦਾ ਪੈਚ ਵਰਕ ਅੱਜ 14 ਸਤੰਬਰ ਸ਼ਾਮ ਤੱਕ ਹਰ ਹਾਲ ਵਿੱਚ ਪੂਰਾ ਕੀਤਾ ਜਾਵੇ। ਉਨਾਂ ਸੰਗਤਾਂ ਦੀ ਸਹੂਲਤ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਬਲਿਕ ਟਾਇਲਟਸ ਲਗਾਉਣ ਦੇ ਹੁਕਮ ਦਿੱਤੇ। ਉਨਾਂ ਕਿਹਾ ਕਿ ਵਿਆਹ ਪੁਰਬ ਦੀਆਂ ਤਿਆਰੀਆਂ ਸਬੰਧੀ ਕੰਮ ਨੂੰ ਸਾਰੇ ਅਧਿਕਾਰੀ ਤੇ ਕਰਮਚਾਰੀ ਸੇਵਾ ਭਾਵਨਾ ਨਾਲ ਕਰਨ ਤਾਂ ਜੋ ਸੰਗਤਾਂ ਦੀ ਸਹੂਲਤ ਅਤੇ ਆਓ-ਭਗਤ ਵਿੱਚ ਕੋਈ ਕਮੀ ਨਾ ਰਹੇ।
ਸ਼ਹਿਰ ਦਾ ਜਾਇਜਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਨੇ ਸਫ਼ਾਈ ਵਿਵਸਥਾ ’ਤੇ ਤਸੱਲੀ ਪ੍ਰਗਟ ਕਰਦਿਆਂ ਸਫ਼ਾਈ ਕਰਮਚਾਰੀਆਂ ਨੂੰ ਹੋਰ ਤਨਦੇਹੀ ਨਾਲ ਆਪਣਾ ਕੰਮ ਕਰਨ ਲਈ ਕਿਹਾ ਹੈ। ਉਨਾਂ ਕਿਹਾ ਕਿ ਸਫ਼ਾਈ ਕਰਮਚਾਰੀ ਵਿਆਹ ਪੁਰਬ ਦੌਰਾਨ ਵਿਸ਼ੇਸ਼ ਟੀਮਾਂ ਬਣਾ ਕੇ ਲੰਗਰ ਵਾਲੇ ਸਥਾਨਾ ਅਤੇ ਬਾਕੀ ਸ਼ਹਿਰ ਨੂੰ ਸਾਫ਼ ਰੱਖਣ ਲਈ ਇੱਕ ਮਿਸ਼ਨ ਵਜੋਂ ਕੰਮ ਕਰਨ। ਉਨਾਂ ਨਾਲ ਹੀ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਲੰਗਰ ਖਾ ਕੇ ਡੂਨੇ ਪਲੇਟਾਂ ਆਦਿ ਡਸਟਬੀਨ ਵਿੱਚ ਪਾਉਣ ਤਾਂ ਜੋ ਸਫ਼ਾਈ ਵਿਵਸਥਾ ਬਣੀ ਰਹੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਬਹੁਤ ਪਵਿੱਤਰ ਦਿਹਾੜਾ ਹੈ ਅਤੇ ਇਸਦੀਆਂ ਤਿਆਰੀਆਂ ਵਿੱਚ ਪ੍ਰਸ਼ਾਸਨ ਵਲੋਂ ਕੋਈ ਢਿੱਲ-ਮੱਠ ਨਹੀਂ ਵਰਤੀ ਜਾ ਰਹੀ। ਉਨਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਕਰਵਾਈ ਗਈ ਹੈ ਅਤੇ 3000 ਸਟਰੀਟ ਲਾਈਟਾਂ ਠੀਕ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਸੰਗਤਾਂ ਲਈ ਸਹੂਲਤ ਲਈ ਸਹਾਇਤ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ ਜਿਥੇ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਨਗਰ ਕੀਰਤਨ ਦੇ ਰੂਟ ਦਾ ਪੈਚ ਵਰਕ ਅੱਜ ਸ਼ਾਮ ਤੱਕ ਮੁਕੰਮਲ ਹੋ ਜਾਵੇਗਾ ਅਤੇ ਸੜਕਾਂ ਦੇ ਫੁੱਟਪਾਥ ਠੀਕ ਕਰਕੇ ਉਨਾਂ ਨੂੰ ਰੰਗ-ਰੋਗਨ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਾਵਨ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਅਤੇ ਨਾਲ ਹੀ ਪ੍ਰਸ਼ਾਸਨ ਦਾ ਵੀ ਪੂਰਨ ਸਹਿਯੋਗ ਕਰਨ। ਉਨਾਂ ਦੁਹਰਾਇਆ ਕਿ ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸਨ ਵਚਨਬੱਧ ਹੈ ਅਤੇ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।