5 Dariya News

ਅਧਿਕਾਰੀ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ : ਹਰਿੰਦਰ ਸਿੰਘ ਖਾਲਸਾ

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਇਆ ਜਾਵੇ : ਕੁਲਜੀਤ ਸਿੰਘ ਨਾਗਰਾ

5 Dariya News

ਫ਼ਤਹਿਗੜ੍ਹ ਸਾਹਿਬ 26-Sep-2018

ਵਿਕਾਸ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਐਮ.ਪੀ.ਲੈਡ ਅਧੀਨ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਦੀ ਸਹੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਵਰਤੋਂ ਸਰਟੀਫਿਕੇਟ ਵੀ ਨਿਸ਼ਚਿਤ ਸਮੇਂ ਵਿੱਚ ਦਿੱਤੇ ਜਾਣ ਤਾਂ ਜੋ ਹੋਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਮਿਲ ਸਕਣ। ਇਹ ਪ੍ਰਗਟਾਵਾ ਮੈਂਬਰ ਲੋਕ ਸਭਾ ਹਰਿੰਦਰ ਸਿੰਘ ਖਾਲਸਾ ਨੇ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਭਲਾਈ ਸਕੀਮਾਂ ਯੋਗ ਲਾਭਪਾਤਰਾਂ ਤੱਕ ਪਹੁੰਚਾਉਣ ਵਿੱਚ ਕੋਤਾਹੀ ਵਿਖਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਜਿਸ 'ਤੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸ. ਖਾਲਸਾ ਨੂੰ ਅਧਿਕਾਰੀਆਂ ਵੱਲੋਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ 31 ਅਕਤੂਬਰ ਤੱਕ ਜਮ੍ਹਾਂ ਕਰਵਾ ਦਿੱਤੇ ਜਾਣਗੇ।ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ  ਕੁਲਜੀਤ ਸਿੰਘ ਨਾਗਰਾ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਲਾਈ ਸਕੀਮਾਂ ਤੋਂ ਵਾਂਝੇ ਰਹਿ ਗਏ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਗਈ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜਿਹੜੇ ਯੋਗ ਲਾਭਪਾਤਰਾਂ ਨੇ ਬਿਨੈ ਪੱਤਰ ਦਿੱਤੇ ਹਨ ਉਨ੍ਹਾਂ ਨੂੰ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਯੋਗ ਲਾਭਪਾਤਰ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਮਗਨਰੇਗਾ ਸਕੀਮ ਅਧੀਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਸ. ਢਿੱਲੋਂ ਨੇ ਦੱਸਿਆ ਕਿ ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ ਅਧੀਨ 111 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮਾਂ ਅਧੀਨ 92 ਪਿੰਡ ਕਵਰ ਕੀਤੇ ਜਾਣਗੇ । 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂ-ਅਰਬਨ ਮਿਸ਼ਨ ਅਧੀਨ ਸੰਘੋਲ ਕਲਸਟਰ ਦੇ 44 ਪਿੰਡਾਂ ਦੀਆਂ 32 ਸਕੀਮਾਂ 'ਤੇ 7 ਕਰੋੜ 28 ਲੱਖ 27 ਹਜਾਰ ਰੁਪਏ ਖਰਚ ਕੀਤੇ ਜਾਣਗੇ।ਸ. ਢਿੱਲੋਂ ਨੇ ਹੋਰ ਦੱਸਿਆ ਕਿ ਪ੍ਰਧਾਨ ਮੰਤਰੀ ਗਰਾਮ ਸੜ੍ਹਕ ਯੋਜਨਾ ਅਧੀਨ ਲੋਕ ਨਿਰਮਾਣ ਵਿਭਾਗ ਮੋਹਾਲੀ ਐਟ ਫ਼ਤਹਿਗੜ੍ਹ ਸਾਹਿਬ ਵੱਲੋਂ 21 ਕਰੋੜ 63 ਲੱਖ 92 ਹਜਾਰ ਦੀ ਲਾਗਤ ਨਾਲ ਸਰਹਿੰਦ ਮੰਡਲ ਦੀਆਂ 33.71 ਕਿਲੋਮੀਟਰ ਲੰਮੀਆਂ 4 ਸੜਕਾਂ ਦਾ ਕੰਮ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿੱਚੋਂ 2 ਸੜਕਾਂ ਦਾ ਕੰਮ ਮੁਕੰਮਲ ਹੋ ਗਿਆ ਹੈ ਜਦੋਂ ਕਿ ਰਹਿੰਦੀਆਂ 2 ਸੜਕਾਂ ਦਾ ਕੰਮ 30 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਨੈਸ਼ਨਲ ਰੂਰਲ ਲਾਇਵਲੀ ਹੁੱਡ ਮਿਸ਼ਨ ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖੇੜਾ ਬਲਾਕ ਦੇ 19 ਪਿੰਡਾਂ ਵਿੱਚ ਇਹ ਸਕੀਮ ਸ਼ੁਰੂ ਹੋ ਚੁੱਕੀ ਹੈ ਅਤੇ ਪਿੰਡਾਂ ਦੀ ਔਰਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਹੁਣ ਤੱਕ 101 ਸਵੈ ਸਹਾਇਤਾ ਸਮੂਹ ਅਤੇ 2 ਗਰਾਮ ਸੰਗਠਨ ਬਣਾਏ ਗਏ ਹਨ ਜਿਨ੍ਹਾਂ ਵਿੱਚੋਂ 61 ਸਵੈ ਸਹਾਇਤਾ ਸਮੂਹਾਂ ਨੂੰ 10 ਹਜਾਰ ਰੁਪਏ ਪ੍ਰਤੀ ਗਰੁੱਪ ਦੇ ਹਿਸਾਬ ਨਾਲ 6 ਲੱਖ 10 ਹਜਾਰ ਰੁਪਏ ਰਿਵਾਲਵਿੰਗ ਫੰਡ ਵਜੋਂ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 23 ਗਰੁੱਪਾਂ ਨੂੰ ਬੈਂਕਾਂ ਵੱਲੋਂ ਕਰਜ਼ੇ ਵੀ ਦਿਵਾਏ ਗਏ ਹਨ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਗਨਰੇਗਾ ਸਕੀਮ ਬਹੁਤ ਹੀ ਸਫਲਤਾ ਪੂਰਵਕ ਚੱਲ ਰਹੀ ਹੈ ਅਤੇ ਜ਼ਿਲ੍ਹੇ ਵਿੱਚ 5 ਕਰੋੜ 29 ਲੱਖ 56 ਹਜਾਰ ਰੁਪਏ ਖਰਚ ਕੇ 2 ਲੱਖ 2 ਹਜਾਰ 896 ਦਿਨਾਂ ਦਾ ਰੋਜ਼ਗਾਰ ਮਗਨਰੇਗਾ ਕਾਮਿਆਂ ਨੂੰ ਮੁਹੱਈਆ ਕਰਵਾਇਆ ਗਿਆ ਹੈ। 

ਉਨ੍ਹਾਂ ਹੋਰ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਜ਼ਿਲ੍ਹੇ ਦੇ 20308 ਪਰਿਵਾਰਾਂ ਨੂੰ 100 ਦਿਨ ਦਾ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਜਿਸ ਕਾਰਨ ਇਹ ਜ਼ਿਲ੍ਹਾ ਮਗਨਰੇਗਾ ਸਕੀਮ ਨੂੰ ਲਾਗੂ ਕਰਨ ਵਿੱਚ ਪੰਜਾਬ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਲ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਪੇਂਡੂ ਆਵਾਸ ਯੋਜਨਾ ਅਧੀਨ ਜ਼ਿਲ੍ਹੇ ਵਿੱਚ 291 ਲਾਭਪਾਤਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿੱਚੋਂ 183 ਲਾਭਪਾਤਰੀਆਂ ਨੂੰ 30 ਹਜਾਰ ਰੁਪਏ  ਪਹਿਲੀ ਕਿਸਤ ਵਜੋਂ,  145 ਲਾਭਪਾਤਰਾਂ ਨੂੰ ਦੂਜੀ ਕਿਸ਼ਤ ਵਜੋਂ 72 ਹਜ਼ਾਰ ਰੁਪਏ ਅਤੇ 61 ਲਾਭਪਾਤਰਾਂ ਨੂੰ 18 ਹਜਾਰ ਰੁਪਏ ਤੀਜੀ ਕਿਸ਼ਤ ਵਜੋਂ ਦਿੱਤੇ ਜਾ ਚੁੱਕੇ ਹਨ।ਇਸ ਮੌਕੇ ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਖਮਾਣੋਂ ਸ਼੍ਰੀ ਪਰਮਜੀਤ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਜਗਦੀਸ਼ ਸਿੰਘ ਜੋਹਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਵਿਜੇ, ਵਿਧਾਇਕ ਕਾਕਾ ਰਣਦੀਪ ਸਿੰਘ ਦੇ ਪ੍ਰਤੀਨਿਧ ਸ਼੍ਰੀ ਰਾਮ ਕ੍ਰਿਸ਼ਨ ਭੱਲਾ, ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਦੇ ਪ੍ਰਤੀਨਿਧ ਸ਼੍ਰੀ ਗੁਰਮੀਤ ਸਿੰਘ, ਕਾਂਗਰਸ ਦੇ ਮੰਡੀ ਗੋਬਿੰਦਗੜ੍ਹ ਦੇ ਬਲਾਕ ਪ੍ਰਧਾਨ ਸ਼੍ਰੀ ਰਜਿੰਦਰ ਬਿੱਟੂ, ਡੀ.ਡੀ.ਪੀ.ਓ. ਅਮਰੀਕ ਸਿੰਘ ਸਿੱਧੂ, ਸ਼੍ਰੀ ਰਿੱਕੀ ਵਾਲੀਆ, ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼੍ਰੀਮਤੀ ਮਨਜੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਏ.ਪੀ.ਓ. ਸ਼੍ਰੀ ਵਿਜੇ ਧੀਰ, ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼੍ਰੀ ਸ਼ੇਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।