ਨਹਿਰੂ ਯੁਵਾ ਕੇਂਦਰ ਵੱਲੋਂ ਮਹਾਤਮਾ ਗਾਂਧੀ ਜੀ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਪੂਰਾ ਸਾਲ ਕਰਵਾਏ ਜਾਣਗੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ
5 Dariya News
ਫ਼ਿਰੋਜ਼ਪੁਰ 08-Oct-2018
ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਨਵੀਂ ਦਿੱਲੀ ਦੇ ਆਦੇਸ਼ਾਂ ਅਨੁਸਾਰ ਮਹਾਤਮਾ ਗਾਂਧੀ ਜੀ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਪੂਰਾ ਸਾਲ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਣਗੇ। ਜਿਵੇਂ ਸੈਮੀਨਾਰ, ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ, ਨੁੱਕੜ ਨਾਟਕ, ਗਾਂਧੀ ਜੀ ਦੇ ਜੀਵਨ ਤੇ ਆਧਾਰਿਤ ਫ਼ਿਲਮ ਸ਼ੋਅ ਅਤੇ ਗੋਸ਼ਟੀਆਂ, ਪ੍ਰਦਰਸ਼ਨੀਆਂ, ਪਦ ਯਾਤਰਾ ਆਦਿ ਦਾ ਆਯੋਜਨ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ ਪੰਜਾਬ ਫਾਰਮੇਸੀ ਕਾਲਜ ਪਿੰਡ ਸਾਈਆ ਵਾਲਾ ਵਿਖੇ ਸੈਮੀਨਾਰ ਅਤੇ ਵੱਖ-ਵੱਖ ਮੁਕਾਬਲੇ ਕਰਵਾ ਕੇ ਕੀਤਾ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰੀ. ਰਾਕੇਸ਼ ਪਾਠਕ ਅਤੇ ਸ੍ਰੀਮਤੀ ਨੀਲਮ ਪਾਠਕ ਡਾਇਰੈਕਟਰ ਪੰਜਾਬ ਫਾਰਮੈਸੀ ਕਾਲਜ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ। ਪ੍ਰੋਗਰਾਮ ਵਿੱਚ ਜ਼ਿਲ੍ਹਾ ਯੂਥ ਕੁਆਰਡੀਨੇਟਰ ਸਰਬਜੀਤ ਸਿੰਘ ਬੇਦੀ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਏ। ਇਹ ਪ੍ਰੋਗਰਾਮ ਪੰਕਜ ਸਚਦੇਵਾ ਪ੍ਰਿੰਸੀਪਲ ਦੇ ਵਿਸ਼ੇਸ਼ ਸਹਿਯੋਗ ਨਾਲ ਕੀਤਾ ਗਿਆ। ਪ੍ਰੋਗਰਾਮ ਦੌਰਾਨ ਮਹਾਤਮਾ ਗਾਂਧੀ ਜੀ ਦੇ ਜੀਵਨ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਉਪਰੰਤ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ ਅਤੇ ਨੌਜਵਾਨਾਂ ਨੂੰ ਸਵੱਛਤਾ ਸਬੰਧੀ ਸਹੁੰ ਚੁਕਾਈ ਗਈ।
ਪ੍ਰੋਗਰਾਮ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨੇ ਕਿਹਾ ਕਿ ਸਾਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਾਡੇ ਜੀਵਨ ਦੇ ਨਾਲ-ਨਾਲ ਸਵੱਛਤਾ ਤੇ ਆਪਸੀ ਭਾਈਚਾਰੇ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਧੀ ਜੀ ਨੇ ਸਾਨੂੰ ਸਹਿਣਸ਼ੀਲਤਾ ਭਰਿਆ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਰਸਤੇ ਤੇ ਚੱਲ ਕੇ ਸਹਿਣਸ਼ੀਲ ਅਤੇ ਅਹਿੰਸਾਵਾਦੀ ਹੋਣਾ ਚਾਹੀਦਾ ਹੈ।ਇਸ ਮੌਕੇ ਸ੍ਰੀਮਤੀ ਨੀਲਮ ਪਾਠਕ ਨੇ ਕਿਹਾ ਕਿ ਗਾਂਧੀ ਜੀ ਨੇ ਆਪਣਾ ਪੂਰਾ ਜੀਵਨ ਦੂਸਰਿਆਂ ਦੀ ਭਲਾਈ ਲਈ ਨਿਸ਼ਾਵਰ ਕੀਤਾ ਹੈ। ਉਨ੍ਹਾਂ ਹਮੇਸ਼ਾ ਸ਼ਾਂਤ ਰਹਿਣ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਵੱਲੋਂ ਵਿਖਾਏ ਰਸਤੇ ਤੇ ਚੱਲਕੇ ਇੱਕ ਚੰਗਾ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਦੇਸ਼ ਦੇ ਵਿਕਾਸ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਲਈ ਵੱਧ ਤੋਂ ਵੱਧ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਕਾਲਜ ਦੇ ਡਾਇਰੈਕਟਰ ਸ੍ਰੀ. ਰਾਕੇਸ਼ ਪਾਠਕ ਨੇ ਜਿੱਥੇ ਗਾਂਧੀ ਜੀ ਦੇ ਜੀਵਨ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਪ੍ਰੋਗਰਾਮ ਦੌਰਾਨ ਆਏ ਹੋਏ ਮਹਿਮਾਨਾਂ ਅਤੇ ਜੇਤੂਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀ. ਪੰਕਜ ਸਚਦੇਵਾ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਹਾਜ਼ਰ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗਗਨਦੀਪ ਸਿੰਘ, ਰਾਖੀ ਠਾਕੁਰ, ਨਵਜੋਤ ਕੌਰ, ਸ੍ਰੀ ਅਨਿਲ ਕੁਮਾਰ ਸਮੇਤ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸਨ।