5 Dariya News

ਪੁਲਿਸ ਜਵਾਨਾਂ ਦੀਆਂ ਸ਼ਹਾਦਤਾਂ ਸਾਡੇ ਲਈ ਪ੍ਰੇਰਨਾ ਸਰੋਤ- ਰਾਜ ਬਚਨ ਸੰਧੂ

ਪੰਜਾਬ ਪੁਲਿਸ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਲਈ ਕੁਰਬਾਨੀਆਂ ਲਾਮਿਸਾਲ - ਗੁਰਜੀਤ ਸਿੰਘ

5 Dariya News

ਫਰੀਦਕੋਟ 21-Oct-2018

ਪੰਜਾਬ ਪੁਲਿਸ ਫਰੀਦਕੋਟ ਵੱਲੋਂ ਅੱਜ ਪੁਲਿਸ ਲਾਈਨ ਫਰੀਦਕੋਟ ਵਿਖੇ ਸਮ੍ਰਿਤੀ ਦਿਵਸ ਐਸ ਐਸ ਪੀ ਸ. ਰਾਜ ਬਚਨ ਸਿੰਘ ਸੰਧੂ ਦੀ ਅਗਵਾਈ ਵਿੱਚ ਦੇਸ਼ ਦੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਹਥਿਆਰ ਉੱਲਟੇ ਕਰਕੇ ਸੋਗ ਸਲਾਮੀ ਅਤੇ ਸ਼ਹੀਦੀ ਸਮਾਰਕ 'ਤੇ  ਫੁੱਲ ਮਲਾਵਾਂ ਭੇਂਟ ਕਰਕੇ ਸ਼ਰਧਾਂਜਲੀਆਂ ਅਰਪਿਤ ਕਰਕੇ ਮਨਾਇਆ ਗਿਆ। ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ, ਨਿਆਂਪਾਲਿਕਾ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਸ਼ਹੀਦੀ ਸਮਾਗਮ ਵਿਚ ਚੀਫ਼  ਜੁਡੀਸ਼ੀਅਲ  ਮੈਜਿਸਟ੍ਰੇਟ ਸ੍ਰੀ ਕਪਿਲ ਦੇਵ ਸਿੰਗਲਾ, ਜੇ.ਐਮ.ਆਈ.ਸੀ ਸ੍ਰੀ ਸੁਰੇਸ਼ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਗੁਰਜੀਤ ਸਿੰਘ,  ਕਮਾਡੈਂਟ ਪੰਜਾਬ ਹੋਮਗਾਰਡ ਸੁਖਵੰਤ ਸਿੰਘ ਨੇ ਵਿਸ਼ੇਸ਼ ਤੌਰ ਤੇ  ਸ਼ਿਰਕਤ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੁਲਿਸ  ਕਪਤਾਨ ਸ. ਰਾਜਬਚਨ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ ਹੈ। ਉਨ੍ਹਾਂ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੇ  ਸ਼ਹੀਦਾਂ ਤੋਂ ਸੇਧ ਲੈ ਕੇ ਪੰਜਾਬ ਪੁਲਿਸ ਨੂੰ ਲੋਕ ਸੇਵਾ ਪ੍ਰਤੀ  ਹੋਰ ਵੀ ਤਨਦੇਹੀ ਨਾਲ ਸਮਰਪਿਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਦੀ ਹਰ ਮੁਸ਼ਕਿਲ ਦੀ ਘੜੀ ਵਿੱਚ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸਮਾਗਮ ਦੌਰਾਨ ਪਹੁੰਚੇ  ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਬੜੇ ਧਿਆਨ ਨਾਲ ਸੁਣੀਆਂ ਅਤੇ ਮੌਕੇ ਤੇ ਹੱਲ ਕੀਤੀਆਂ ਅਤੇ ਬਾਕੀ ਰਹਿੰਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਜੀਤ ਸਿੰਘ ਨੇ  ਇਸ ਮੌਕੇ ਕਿਹਾ ਕਿ ਪੁਲਿਸ  ਸਮਾਜ ਵਿੱਚ ਸਾਂਤੀ ਬਣਾਈ ਰੱਖਣ ਅਤੇ ਅਮਨ ਕਾਨੂੰਨ ਦੀ ਰਾਖੀ ਕਰਨ ਵਿੱਚ ਵੱਡੀ ਭੂਮਿਕਾ ਅਦਾ ਕਰਦੀ ਹੈ। 

ਪੁਲਿਸ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਅਤੇ ਪੁਲਿਸ ਜਵਾਨਾਂ ਨੂੰ ਹਮੇਸ਼ਾ ਆਪਣੇ ਫਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਤੱਤਪਰ ਰਹਿਣਾ ਚਾਹੀਦਾ ਹੈ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਕਪਿਲ  ਦੇਵ ਸਿੰਗਲਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ  ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ।ਇਸ ਮੌਕੇ ਵਿਸ਼ੇਸ਼ ਤੌਰ ਤੇ ਜਿਲ੍ਹਾ ਫਰੀਦਕੋਟ ਨਾਲ ਸਬੰਧਤ 32 ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਐਸ ਪੀ ਹੈਡਕੁਆਟਰ ਸ਼੍ਰੀਮਤੀ ਗੁਰਮੀਤ ਕੌਰ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ,  ਕਰਮਚਾਰੀਆਂ ਦੇ ਨਾਮ ਤਫ਼ਸੀਲ ਸਹਿਤ ਪੜ੍ਹੇ ਅਤੇ ਦੱਸਿਆ ਕਿ ਸਤੰਬਰ 2017 ਤੋਂ ਅਗਸਤ 2018 'ਚ ਭਾਰਤ ਵਿਚ ਆਪਣੀ ਡਿਊਟੀ ਕਰਦੇ ਹੋਏ 414 ਅਧਿਕਾਰੀ, ਕਰਮਚਾਰੀ ਸ਼ਹੀਦੀ ਪਾ ਗਏ। ਇਸ ਤੋਂ ਪਹਿਲਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸੋਗ ਪਰੇਡ ਕਰਵਾਈ ਗਈ ਜਿਸ  ਦੀ ਅਗਵਾਈ ਉਪ ਕਪਤਾਨ ਪੁਲਿਸ ਸਪੈਸ਼ਲ ਬ੍ਰਾਂਚ ਸ. ਭੁਪਿੰਦਰ ਸਿੰਘ ਨੇ ਕੀਤੀ। ਇਸ ਮੌਕੇ ਐਸ ਪੀ (ਇਨਵੈਸਟੀਗੇਸ਼ਨ) ਸ. ਸੇਵਾ ਸਿੰਘ ਮੱਲੀ, ਡੀ.ਐਸ.ਪੀ ਜਸਤਿੰਦਰ ਸਿੰਘ, ਡੀ ਐਸ ਪੀ ਯਾਦਵਿੰਦਰ ਸਿੰਘ, ਡੀ.ਐਸ.ਪੀ. ਜੈਤੋ ਸ. ਕੁਲਦੀਪ ਸਿੰਘ ਸੋਈ, ਇੰਸਪੈਕਟਰ ਇਕਬਾਲ ਸਿੰਘ  ਤੋਂ ਇਲਾਵਾ ਪੰਜਾਬ ਹੋਮ ਗਾਰਡਜ਼, ਸ਼ਹੀਦਾਂ ਦੇ ਪਰਵਾਰ ਤੇ ਪੁਲੀਸ ਅਧਿਕਾਰੀ ਅਤੇ ਸੇਵਾਮੁਕਤ ਅਧਿਕਾਰੀ, ਕਰਮਚਾਰੀ ਵੀ ਹਾਜਰ ਸਨ। ਸਟੇਜ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸ੍ਰੀ ਜਸਬੀਰ ਸਿੰਘ ਜੱਸੀ ਨੇ ਨਿਭਾਈ।