5 Dariya News

ਦੋ ਰੋਜ਼ਾ ਮਾਈਕਰੋ ਲੀਗਲ ਲਿਟਰੇਸੀ ਕੈਂਪ ਸਫ਼ਲਤਾਪੂਰਵਕ ਸੰਪੰਨ

ਵਿਭਾਗਾਂ ਨੇ ਵੱਖ-ਵੱਖ ਸਕੀਮਾਂ ਤਹਿਤ ਮੁਫ਼ਤ ਭਰੇ 570 ਫਾਰਮ : ਸੀ.ਜੇ.ਐਮ.

5 Dariya News

ਹੁਸ਼ਿਆਰਪੁਰ 23-Oct-2018

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇੰਚਾਰਜ ਚੇਅਰਪਰਸਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰਿਆ ਸੂਦ ਦੇ ਨਿਰਦੇਸ਼ਾਂ 'ਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਦੀ ਅਗਵਾਈ ਵਿੱਚ ਪਿੰਡ ਬਾਗਪੁਰ ਵਿਖੇ ਲਗਾਇਆ ਗਿਆ ਦੋ ਰੋਜ਼ਾ ਮਾਈਕਰੋ ਲੀਗਲ ਲਿਟਰੇਸੀ ਕੈਂਪ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਿਆ ਹੈ। ਇਸ ਮੌਕੇ ਸੁਚੇਤਾ ਅਸ਼ੀਸ਼ ਦੇਵ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਇਕ ਛੱਤ ਥੱਲੇ ਸਹੂਲਤਾਂ ਮੁਹੱਈਆ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਦੋ ਦਿਨਾਂ ਕੈਂਪ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਬਾਗਪੁਰ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ 12 ਸਟਾਲ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟਾਲਾਂ ਵਿੱਚ ਸੇਵਾ ਕੇਂਦਰ, ਲੇਬਰ ਵਿਭਾਗ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼, ਆਧਾਰ ਕਾਰਡ, ਜਨਮ ਅਤੇ ਮੌਤ ਰਜਿਸਟਰਾਰ, ਜ਼ਿਲ੍ਹਾ ਭਲਾਈ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਬਾਲ ਸੁਰੱਖਿਆ ਵਿਭਾਗ, ਪੰਜਾਬ ਰੋਡਵੇਜ਼, ਤਹਿਸੀਲਦਾਰ ਦਫ਼ਤਰ ਅਤੇ ਡੀ.ਸੀ. ਦਫ਼ਤਰ ਸ਼ਾਮਲ ਸਨ। 

ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਕਿਹਾ ਕਿ ਕੈਂਪ ਦੇ ਦੋਨਾਂ ਦਿਨਾਂ ਵਿੱਚ ਵਿਭਾਗਾਂ ਵਲੋਂ ਵੱਖ-ਵੱਖ ਸਕੀਮਾਂ ਤਹਿਤ 570 ਫਾਰਮ ਮੁਫ਼ਤ ਭਰੇ ਗਏ ਹਨ। ਇਸ ਤੋਂ ਇਲਾਵਾ ਇਲਾਕਾ ਵਾਸੀਆਂ ਨੂੰ ਵਿਭਾਗਾਂ ਵਲੋਂ ਦਿੱਤੀਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣੂ ਵੀ ਕਰਵਾਇਆ ਗਿਆ, ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀ ਇਨ੍ਹਾਂ ਯੋਜਨਾਵਾਂ ਦਾ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਵਾਸੀਆਂ ਦੀ ਸਹੂਲਤ ਲਈ ਇਕ ਮਿੰਨੀ ਫਰੰਟ ਦਫ਼ਤਰ ਵੀ ਬਣਾਇਆ ਗਿਆ ਸੀ, ਜਿਥੇ ਮੌਜੂਦ ਵਕੀਲ ਸਾਹਿਬਾਨ ਵਲੋਂ ਪਿੰਡ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਲਾਹ ਅਤੇ ਮੁਸ਼ਵਰਾ ਦਿੱਤਾ ਗਿਆ। ਉਨ੍ਹਾਂ ਕੈਂਪ ਦੀ ਸਫ਼ਲਤਾ 'ਤੇ ਸਮੂਹ ਗ੍ਰਾਮ ਪੰਚਾਇਤ, ਪਿੰਡ ਵਾਸੀਆਂ, ਕੈਂਪ ਵਿੱਚ ਭਾਗ ਲੈਣ ਵਾਲੇ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਪ੍ਰਗਟਾਇਆ। ਇਸ ਦੌਰਾਨ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।