ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਛੀਂਟਾਂਵਾਲਾ ਵਿਖੇ ਲੱਗੇਗਾ ਸਰਬੱਤ ਵਿਕਾਸ ਯੋਜਨਾ ਦਾ ਕੈਂਪ- ਕੁਮਾਰ ਅਮਿਤ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਛੀਂਟਾਂਵਾਲਾ ਨੂੰ ਹਰ ਪੱਖੋਂ ਵਿਕਸਤ ਪਿੰਡ ਬਨਾਉਣ ਲਈ ਵਿਸ਼ੇਸ਼ ਹਦਾਇਤਾਂ
5 Dariya News
ਪਟਿਆਲਾ 15-Nov-2018
ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲ ਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੇ ਸਬੰਧ ਵਿੱਚ ਜ਼ਿਲ੍ਹਾ ਪਟਿਆਲਾ ਦੇ ਪਿੰਡ ਛੀਂਟਾਂਵਾਲਾ ਨੂੰ ਵੀ ਸਰਵ ਪੱਖੀ ਵਿਕਾਸ ਲਈ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਛੀਂਟਾਂਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪ੍ਰਾਪਤ ਗੁਰਦੁਆਰਾ ਸਾਹਿਬ ਚੁਬਾਰਾ ਸਾਹਿਬ ਸੁਸ਼ੋਬਿਤ ਹੈ ਅਤੇ ਮੰਨਿਆ ਜਾਂਦਾ ਹੈ ਕਿ ਗੁਰੂ ਸਾਹਿਬ ਇਥੇ ਕਰੀਬ 17 ਦਿਨ ਠਹਿਰੇ ਸਨ। ਕੁਮਾਰ ਅਮਿਤ ਨੇ ਇਸ ਸਬੰਧੀਂ ਇੱਥੇ ਕੀਤੀ ਇੱਕ ਮੀਟਿੰਗ ਦੌਰਾਨ ਦੱਸਿਆ ਕਿ ਗ੍ਰਾਂਮ ਪੰਚਾਇਤ ਛੀਂਟਾਂਵਾਲਾ ਵਿਖੇ 23 ਨਵੰਬਰ ਨੂੰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਇੱਕ ਕੈਂਪ ਲਾਇਆ ਜਾਵੇਗਾ। ਇਸ ਦੌਰਾਨ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਪਹੁੰਚਾਏ ਜਾਣਗੇ। ਇਸ ਤੋਂ ਬਿਨ੍ਹਾਂ ਇੱਕ ਮੈਡੀਕਲ ਚੈਕਅਪ ਕੈਂਪ ਲਾਏ ਜਾਣ ਸਮੇਤ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੂਟੇ ਲਾਏ ਜਾਣਗੇ, ਪਸ਼ੂਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਇੱਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਗੁਰੂ ਨਾਨਕ ਸਾਹਿਬ ਦੀ ਚਰਨਛੋਹ ਪ੍ਰਾਪਤ ਇਸ ਪਿੰਡ ਨੂੰ ਪੰਜਾਬ ਸਰਕਾਰ ਨੇ ਇੱਕ ਪਾਇਲਟ ਪ੍ਰਾਜੈਕਟ ਵਜੋਂ ਅਪਣਾਇਆ ਹੈ, ਇਸ ਲਈ ਇਥੋਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਥੇ ਸੜਕਾਂ, ਪੀਣ ਵਾਲਾ ਪਾਣੀ, ਸੀਵਰੇਜ਼, ਸਮਸ਼ਾਨ ਘਾਟ ਆਦਿ ਸਮੇਤ ਹੋਰ ਲੋੜੀਂਦੀਆਂ ਥਾਵਾਂ 'ਤੇ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਕਰਵਾਏ ਜਾਣਗੇ। ਇਸ ਮੀਟਿੰਗ 'ਚ ਮੌਜੂਦ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀਂ ਪੂਰੀਆਂ ਤਿਆਰੀਆਂ ਕੀਤੀਆਂ ਰਹੀਆਂ ਹਨ। ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਅਪਣਾਏ ਗਏ ਇਸ ਪਿੰਡ ਨੂੰ ਹਰ ਪੱਖੋਂ ਵਿਕਸਤ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੀਟਿੰਗ 'ਚ ਹੋਰ ਅਧਿਕਾਰੀ ਵੀ ਮੌਜੂਦ ਸਨ।