5 Dariya News

ਨੌਜਵਾਨਾਂ 'ਚ ਆਤਮ ਵਿਸ਼ਵਾਸ ਅਤੇ ਸਕਾਰਤਮਕ ਸੋਚ ਨੌਜਵਾਨਾਂ ਦੇ ਵਿਕਾਸ ਲਈ ਹੈ ਮਹੱਤਵਪੂਰਨ- ਨਿਰਮਲ ਕੌਸ਼ਿਕ

5 Dariya News

ਫਰੀਦਕੋਟ 22-Nov-2018

ਜ਼ਿਲ੍ਹਾ ਪ੍ਰਸ਼ਾਸਨ ਅਤੇ ਨਹਿਰੂ ਯੁਵਾ ਕੇਂਦਰ ਫਰੀਕਦਕੋਟ ਭਾਰਤ ਸਰਕਾਰ ਵੱਲੋਂ ਕੌਮੀ ਏਕਤਾ ਹਫ਼ਤੇ ਦੇ ਤਹਿਤ ਜ਼ਿਲ੍ਹਾ ਯੂਥ ਕੋ-ਆਰਡੀਨੇਟਰ ਫਰੀਦਕੋਟ ਸਰਬਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁੱਖ ਲੇਖਾਕਾਰ ਮਨਜੀਤ ਸਿੰਘ ਭੁੱਲਰ ਦੀ ਦੇਖ ਰੇਖ ਹੇਠ ਕੌਮੀ ਏਕਤਾ ਹਫਤਾ 25 ਨਵੰਬਰ ਤੱਕ ਵੱਖ ਵੱਖ ਯੂਥ ਕਲੱਬਾਂ, ਪਿੰਡਾਂ ਅਤੇ ਵੋਕੇਸ਼ਨ ਸੈਂਟਰਾਂ ਵਿਚ ਮਨਾਇਆ ਜਾ ਰਿਹਾ ਹੈ।ਇਸ ਸਬੰਧ ਵਿਚ ਅੱਜ ਨਹਿਰੂ ਯੁਵਾ ਕੇਂਦਰ ਫਰੀਦਕੋਟ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਾ ਨਿਰਮਲ ਕੌਸ਼ਿਕ ਨੇ ਸ਼ਿਰਕਤ ਕੀਤੀ। ਉਨ੍ਹਾਂ ਇਸ ਮੌਕੇ ਸੰਬੋਧਿਤ ਕਰਦਿਆਂ ਕਿਹਾ ਕਿ ਆਤਮ ਵਿਸ਼ਵਾਸ ਅਤੇ ਸਕਾਰਤਮਕ ਸੋਚ ਨੌਜਵਾਨਾਂ ਦੇ ਵਿਕਾਸ ਲਈ ਬਹੁਤ ਹੀ ਮਹੱਤਵਪੂਰਨ ਹੈ। ਇਸ ਲਈ ਨੌਜਵਾਨਾਂ ਨੂੰ ਸਮਾਜ ਵਿੱਚੋਂ ਹਰ ਤਰ੍ਹਾਂ ਦੀ ਬੁਰਾਈ ਖਤਮ ਕਰਨ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੇ ਸ਼ਹੀਦਾਂ ਵੱਲੋਂ ਪਾਏ ਪੂਰਨਿਆਂ ਤੇ ਚੱਲ ਕੇ  ਵੱਧ ਤੋਂ ਵੱਧ ਲੋਕ ਭਲਾਈ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਮਨਾਏ ਜਾ ਰਹੇ ਕੌਮੀ ਏਕਤਾ ਹਫ਼ਤੇ ਦੌਰਾਨ ਪਿੰਡਾਂ ਵਿੱਚ ਵੱਧ ਤੋਂ ਵੱਧ ਪ੍ਰੋਗਰਾਮ ਕਰਵਾ ਕੇ ਰਾਸ਼ਟਰੀ ਏਕਤਾ ਅਤੇ ਦੇਸ਼ ਭਗਤੀ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ।

ਇਸ ਮੌਕੇ ਮਨਜੀਤ ਸਿੰਘ ਭੁੱਲਰ ਨੇ ਆਖਿਆ ਕਿ ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ। ਇਸ ਲਈ ਇਨ੍ਹਾਂ ਨੂੰ ਦੇਸ਼ ਦੀ ਏਕਤਾ ਨੂੰ ਕਾਇਮ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸਮਾਜ ਵਿੱਚ ਜ਼ਰੂਰਤਮੰਦ ਲੋਕਾਂ ਲਈ ਵੱਧ ਤੋਂ ਵੱਧ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਰਾਸ਼ਟਰੀ ਏਕਤਾ ਅਤੇ ਆਪਣੀ ਮਾਤਰ ਭਾਸ਼ਾ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਪ੍ਰੋਗਰਾਮ ਦੇ ਕੋ-ਆਰਡੀਨੇਟਰ ਸੀਪਿਕਾ ਰਾਣੀ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਕੌਮੀ ਏਕਤਾ ਦੇ ਸੰਬੰਧ ਵਿਚ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੌਜਵਾਨਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।  ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਜਸਪ੍ਰੀਤ ਸਿੰਘ, ਰਾਜਵੀਰ ਕੌਰ, ਵੋਕੇਸ਼ਨਲ ਟੀਚਰ ਕਰਮਜੀਤ ਕੌਰ ਸੇਖੋ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ। ਇਸ ਮੌਕੇ ਮਹਿਮਾਨਾਂ ਅਤੇ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।