5 Dariya News

ਮੋਬਾਇਲ ਲੈਬੋਰਾਟਰੀ ਰਾਹੀਂ ਲੋਕਾਂ ਦੇ ਦਰਾਂ 'ਤੇ ਜਾ ਕੇ ਦੁੱਧ ਦੇ ਸੈਂਪਲ ਕੀਤੇ ਟੈਸਟ

43 ਸੈਂਪਲਾਂ ਵਿਚੋਂ 36 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ, ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ ਬਾਹਰੀ ਪਦਾਰਥ ਨਹੀਂ ਪਾਏ ਗਏ

5 Dariya News

ਐਸ.ਏ.ਐਸ. ਨਗਰ (ਮੁਹਾਲੀ) 14-Dec-2018

ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਨੁਸਾਰ ਮੁਹਾਲੀ ਦੇ ਫੇਜ਼-3ਬੀ2 ਵਿਖੇ  ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣ ਲਈ ਦੁੱਧ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ਜਗਜੀਤ ਸਿੰਘ ਵੱਲੋਂ ਕੀਤਾ ਗਿਆ।ਡੇਅਰੀ ਟੈਕਨੋਲੋਜਿਸਟ ਸ੍ਰੀ ਦਰਸ਼ਨ ਸਿੰਘ ਦੀ ਦੇਖ ਰੇਖ ਹੇਠ ਲਗਾਏ ਗਏ ਦੁੱਧ ਪਰਖ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਏ ਜਾ ਰਹੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਮੋਬਾਇਲ ਲੈਬੋਰਾਟਰੀ ਰਾਹੀਂ ਦੁੱਧ ਦੇ 43 ਸੈਂਪਲ ਟੈਸਟ ਕੀਤੇ ਗਏ ਜਿਨ੍ਹਾਂ ਵਿੱਚੋ 36 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 07 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ। ਜਿਸ ਦੀ ਮਿਕਦਾਰ 11 ਤੋਂ 32 ਪ੍ਰਤੀਸ਼ਤ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ। ਸ੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਨਤੀਜੇ ਲਿਖਤੀ ਰੂਪ ਵਿੱਚ ਮੌਕੇ 'ਤੇ ਹੀ ਮੁਫਤ ਦਿੱਤੇ ਗਏ।ਡੇਅਰੀ ਟੈਕਨੋਲੋਜਿਸਟ ਨੇ ਦੱਸਿਆ ਕਿ ਡੇਅਰੀ ਵਿਭਾਗ ਦੇ ਦਫਤਰਾਂ ਵਿੱਚ ਵੀ  ਦੁੱਧ ਦੀ ਪਰਖ ਮੁਫਤ ਕਰਵਾਈ ਜਾ ਸਕਦੀ ਹੈ।  ਕਿਸੇ ਵੀ ਥਾਂ 'ਤੇ ਜੇਕਰ ਅਜਿਹਾ ਕੈਂਪ ਆਯੋਜਿਤ ਕਰਵਾਉਣਾ ਹੋਵੇ ਤਾਂ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫਤਰ ਜਾਂ ਹੈਲਪ ਲਾਇਨ ਨੰਬਰ 0172-5027285 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੁੱਖ ਮੰਤਵ ਦੁੱਧ ਖਪਤਕਾਰਾਂ ਨੂੰ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤਾਂ ਬਾਰੇ ਜਾਣਕਾਰੀ ਦੇਣਾ ਹੈ ਅਤੇ ਜਾਗਰੂਕ ਖਪਤਕਾਰ ਹੀ ਦੁੱਧ ਵਿੱਚ ਮਿਲਾਵਟ ਦੀ ਸੰਭਾਵਨਾਵਾਂ ਨੂੰ ਖਤਮ ਕਰ ਸਕਦੇ ਹਨ। ਇਸ ਮੌਕੇ ਸ੍ਰੀ ਅਤਿੰਦਰਪਾਲ ਸਿੰਘ, ਗੁਰਪਾਲ ਸਿੰਘ, ਦਰਸ਼ਨ ਸਿੰਘ, ਸੰਦੀਪ ਕੁਮਾਰ, ਕਰਮਜੀਤ ਸਿੰਘ, ਬਿਮਲਾ, ਭਿੰਦਰ ਕੌਰ, ਪ੍ਰਿਤਪਾਲ ਕੌਰ, ਗੁਰਮੀਤ ਕੌਰ, ਸਤਪਾਲ ਕੌਰ, ਪਰਮਿੰਦਰ ਕੌਰ, ਹਰਜੀਤ ਕੌਰ, ਸੁਰਜੀਤ ਕੌਰ, ਹਰਮੀਤ ਕੌਰ, ਹਰਦੇਵ ਸਿੰਘ, ਸੰਜੀਵ ਕੁਮਾਰ, ਸੁਰੇਸ਼ ਕੁਮਾਰ, ਗੁਰਦੀਪ ਸਿੰਘ ਸਮੇਤ ਪੰਜਾਬ ਡੇਅਰੀ ਵਿਕਾਸ ਬੋਰਡ ਦਾ ਅਮਲਾ ਅਤੇ ਹੋਰ ਦੁੱਧ ਖਪਤਕਾਰ ਵੀ ਮੌਜੂਦ ਸਨ।