ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਅਨੀਮੀਆ ਮੁਕਤ ਜ਼ਿਲ੍ਹਾ ਬਣਾਉਣ ਲਈ ਹਰ ਸੰਭਵ ਉਪਰਾਲਾ ਕਰਨ ਦਾ ਸੱਦਾ
ਸਿਹਤ, ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਇਸ ਸਬੰਧੀ ਬਣਾਉਣ ਨੀਤੀ- ਡਿਪਟੀ ਕਮਿਸ਼ਨਰ
5 Dariya News
ਜਲੰਧਰ 21-Feb-2019
ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆ ਨੂੰ ਕਿਹਾ ਕਿ ਜ਼ਿਲ੍ਹੇ ਨੂੰ ਅਨੀਮੀਆ ਮੁਕਤ ਜ਼ਿਲ੍ਹਾ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ।'ਅਨੀਮੀਆ ਮੁਕਤ ਭਾਰਤ' ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਖੂਨ ਦੀ ਕਮੀ ਸਿਹਤ ਸਬੰਧੀ ਬਹੁਤ ਵੱਡੀ ਸਮੱਸਿਆ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਇਸ ਨੂੰ ਹੁਣ ਪੂਰੀ ਤਰ੍ਹਾਂ ਖ਼ਤਮ ਕਰੀਏ।ਸ੍ਰੀ ਸ਼ਰਮਾ ਨੇ ਕਿਹਾ ਕਿ ਪੌਸ਼ਣ ਅਭਿਆਨ ਔਰਤਾਂ ਅਤੇ ਬੱਚਿਆਂ ਲਈ ਪੌਸ਼ਟਿਕ ਖੁਰਾਕ ਦੇ ਸੁਧਾਰ ਸਬੰਧੀ ਕ੍ਰਾਂਤੀਕਾਰੀ ਪ੍ਰੋਗਰਾਮ ਹੈ । ਉਨ੍ਹਾਂ ਅਧਿਕਾਰੀਆਂ ਨੂੰ ਜਲੰਧਰ ਨੂੰ ਅਨੀਮੀਆ ਅਤੇ ਅਸੰਤੁਲਿਤ ਖੁਰਾਕ ਮੁਕਤ ਜ਼ਿਲ੍ਹਾ ਬਣਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਪਸ ਵਿੱਚ ਸੁਚੱਜੇ ਤਾਲਮੇਲ ਨਾਲ ਇਸਤਰੀ ਤੇ ਬਾਲ ਵਿਕਾਸ, ਸਿਹਤ ਤੇ ਪਰਿਵਾਰ ਭਲਾਈ, ਪੇਂਡੂ ਵਿਕਾਸ, ਪੰਚਾਇਤੀ ਰਾਜ ਸੰਸਥਾਵਾਂ, ਜਲ ਸਪਲਾਈ ਅਤੇ ਸੈਨੀਟੇਸ਼ਨ, ਖੁਰਾਕ ਸਪਲਾਈ, ਮਨੁੱਖੀ ਸਰੋਤ ਅਤੇ ਸਿੱਖਿਆ ਵਿਭਾਗ ਸਾਂਝੀ ਰਣਨੀਤੀ ਬਣਾ ਕੇ ਇਸ ਬਿਮਾਰੀ ਦੇ ਖਾਤਮੇ ਵਿੱਚ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਗਰਭਵਤੀ ਔਰਤਾਂ ਅਤੇ ਖੂਨ ਦੀ ਕਮੀ ਵਾਲੀਆਂ ਮਾਵਾਂ ਨੂੰ ਪੌਸ਼ਟਿਕ ਖੁਰਾਕ ਲੈਣ ਲਈ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਆਪਣੇ ਆਲੇ ਦੁਆਲੇ ਸਾਫ਼ ਸਫਾਈ ਰੱਖਣ, ਅਤੇ ਖਾਣ ਪੀਣ ਦੀਆਂ ਆਦਤਾਂ ਵਿੱਚ ਬਦਲਾਅ ਲਈ ਵੀ ਸਿੱਖਿਅਤ ਕਰਨਾ ਚਾਹੀਦਾ ਹੈ ਅਤੇ ਅਜਿਹੀਆਂ ਗਤੀਵਿਧੀਆਂ ਆਂਗਨਵਾੜੀ ਅਤੇ ਹੋਰ ਕੇਂਦਰਾਂ ਵਿੱਚ ਜਰੂਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ।ਸ੍ਰੀ ਸ਼ਰਮਾ ਨੇ ਕਿਹਾ ਕਿ ਪੌਸ਼ਣ ਅਭਿਆਨ ਦਾ ਮੁੱਖ ਮੰਤਵ 0 ਤੋਂ 6 ਸਾਲ ਦੇ ਬੱਚਿਆਂ, ਕਿਸ਼ੋਰ ਲੜਕੀਆਂ, ਗਰਭਵਤੀ ਔਰਤਾਂ ਅਤੇ ਖੂਨ ਦੀ ਕਮੀ ਵਾਲੀਆਂ ਮਾਵਾਂ ਲਈ ਪੌਸ਼ਟਿਕ ਖੁਰਾਕ ਵਿੱਚ ਸੁਧਾਰ ਲਿਆਉਣਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੰਕ ਫੂਡ ਅਤੇ ਅਸੰਤੁਲਿਤ ਖੁਰਾਕ ਬੱਚਿਆਂ ਦੀ ਸਿਹਤ ਵਿੱਚ ਵਿਗਾੜ ਦਾ ਵੱਡਾ ਕਾਰਨ ਬਣ ਰਹੇ ਹਨ ਇਸ ਲਈ ਸਿਹਤ ਵਿਭਾਗ ਨੂੰ ਸਮਾਜਿਕ ਸੁਧਾਰ ਅਤੇ ਬੱਚਿਆਂ ਨੂੰ ਸੰਤੁਲਿਤ ਖੁਰਾਕ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਉਣੀਆਂ ਚਾਹੀਦੀਆਂ ਹਨ। ਇਸ ਮੌਕੇ ਸਿਵਲ ਸਰਜਨ ਜਲੰਧਰ ਡਾ.ਰਾਜੇਸ ਕੁਮਾਰ ਬੱਗਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਬੱਚਿਆਂ, ਗਰਭਵਤੀ ਔਰਤਾਂ ਅਤੇ ਖੂਨ ਦੀ ਕਮੀ ਵਾਲੀਆਂ ਮਾਤਾਵਾਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਆਈਰਨ, ਫੋਲਿਕ ਐਸਿਡ, ਐਲਬੈਂਡਾਜੋਲ ਦੀਆਂ ਗੋਲੀਆਂ ਸਰਕਾਰ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਵੰਡੀਆਂ ਜਾ ਰਹੀਆਂ ਹਨ ਅਤੇ ਉਨਾਂ ਨੁੰ ਪੌਸ਼ਟਿਕ ਆਹਾਰ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਤਰਸੇਮ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰਿੰਦਰ ਸਿੰਘ, ਉਪ ਸਿੱਖਿਆ ਅਫ਼ਸਰ ਅਨਿਲ ਅਵਸਥੀ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਸਤੀਸ਼ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।