ਸਰਕਾਰ ਦੀਆਂ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ : ਵਿਜੇ ਸਾਂਪਲਾ
ਕਿਹਾ, ਫਗਵਾੜਾ-ਹੁਸ਼ਿਆਰਪੁਰ, ਹੁਸ਼ਿਆਰਪੁਰ-ਊਨਾ ਨੈਸ਼ਨਲ ਹਾਈਵੇਅਜ਼ ਦੇ ਕੰਮ 'ਚ ਲਿਆਂਦੀ ਜਾਵੇ ਤੇਜ਼ੀ
5 Dariya News
ਹੁਸ਼ਿਆਰਪੁਰ 26-Feb-2019
ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ, ਤਾਂ ਜੋ ਇਨ੍ਹਾਂ ਸਕੀਮਾਂ ਦਾ ਸਬੰਧਤ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਇਆ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਕੀਤੀ ਮੀਟਿੰਗ ਦੌਰਾਨ ਸਿੱਖਿਆ ਵਿਭਾਗ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।ਕੇਂਦਰੀ ਰਾਜ ਮੰਤਰੀ ਨੇ ਨੈਸ਼ਨਲ ਹਾਈਵੇਅਜ਼ ਅਥਾਰਟੀ ਅਤੇ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਫਗਵਾੜਾ-ਹੁਸ਼ਿਆਰਪੁਰ, ਹੁਸ਼ਿਆਰਪੁਰ-ਊਨਾ ਰਾਸ਼ਟਰੀ ਮਾਰਗਾਂ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਉਕਤ ਤੋਂ ਇਲਾਵਾ ਜਲੰਧਰ-ਹੁਸ਼ਿਆਰਪੁਰ, ਅੰਮ੍ਰਿਤਸਰ-ਹੁਸ਼ਿਆਰਪੁਰ ਰਾਸ਼ਟਰੀ ਮਾਰਗ ਤੋਂ ਇਲਾਵਾ ਹੋਰ ਮਾਰਗਾਂ ਦਾ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ, ਇਸ ਲਈ ਅਧਿਕਾਰੀ ਗੰਭੀਰਤਾ ਨਾਲ ਵਿੱਢੇ ਹੋਏ ਕੰਮ ਨੂੰ ਨੇਪਰੇ ਚਾੜ੍ਹਨ।ਸ੍ਰੀ ਵਿਜੇ ਸਾਂਪਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੋਸਟ ਮੈਟ੍ਰਿਕ, ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਸਰਵ ਸਿੱਖਿਆ ਅਭਿਆਨ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ, ਤਾਂ ਜੋ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਹਾ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਗੰਭੀਰ ਬਿਮਾਰੀਆਂ ਨਾਲ ਸਬੰਧਤ ਲੋੜਵੰਦ ਵਿਦਿਆਰਥੀਆਂ ਦਾ ਮੁਫ਼ਤ ਇਲਾਜ ਵੀ ਕਰਵਾਇਆ ਜਾ ਰਿਹਾ ਹੈ, ਇਸ ਲਈ ਇਸ ਯੋਜਨਾ ਸਬੰਧੀ ਵੀ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ 100 ਫੀਸਦੀ ਟੁਆਇਲਟ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਥੇ ਵਿਦਿਆਰਥੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ, ਉਥੇ ਰੰਗ-ਰੋਗਨ ਸਮੇਤ ਸਕੂਲਾਂ ਦੀ ਦਿੱਖ ਬਦਲਣ ਦੇ ਵੀ ਉਪਰਾਲੇ ਕੀਤੇ ਜਾਣ।
ਕੇਂਦਰੀ ਰਾਜ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਦਿਵਆਂਗਜਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲੋਕ ਤਾਂ ਹੀ ਫਾਇਦਾ ਚੁੱਕ ਸਕਦੇ ਹਨ, ਜੇਕਰ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਹੋਵੇ, ਇਸ ਲਈ ਇਨ੍ਹਾਂ ਸਕੀਮਾਂ ਪ੍ਰਤੀ ਜਾਗਰੂਕਤਾ ਫੈਲਾਉਣੀ ਵੀ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਤੋਂ ਇਲਾਵਾ ਇਨ੍ਹਾਂ ਸਕੀਮਾਂ ਬਾਰੇ ਜਾਗਰੂਕਤਾ ਵੀ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ 100 ਫੀਸਦੀ ਟੁਆਇਲਟ ਬਣਾ ਦਿੱਤੇ ਗਏ ਹਨ, ਜਦਕਿ ਸਰਕਾਰੀ ਸਕੂਲਾਂ ਵਿੱਚ 'ਸਮਰਪਣ' ਤਹਿਤ ਡੈਸਕ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੈਸ਼ਨਲ ਹਾਈਵੇਅਜ਼ ਅਥਾਰਟੀ ਅਤੇ ਪੀ.ਡਬਲਯੂ.ਡੀ. ਵਲੋਂ ਵਿੱਢੇ ਗਏ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਮੌਕੇ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮ੍ਰਿਤ ਸਿੰਘ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਦਿੱਤਿਆ ਉਪਲ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਸਰੀਨ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਬੰਸ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੋਹਨ ਸਿੰਘ ਲੇਹਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਸੰਜੀਵ ਕੁਮਾਰ ਗੌਤਮ, ਸ੍ਰੀ ਭਾਰਤ ਭੂਸ਼ਨ ਵਰਮਾ, ਨੈਸ਼ਨਲ ਹਾਈਵੇਅਜ਼ ਅਥਾਰਟੀ ਦੇ ਉਚ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।