5 Dariya News

ਪੰਜਾਬ ਸਰਕਾਰ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ- ਰਾਣਾ ਗੁਰਮੀਤ ਸਿੰਘ ਸੋਢੀ

ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦੀ ਤਰਫੋਂ 5 ਕਰੋੜ ਰੁਪਏ ਦੀਆਂ ਜਿੰਮ ਕਿੱਟਾਂ, ਸੋਲਰ ਲਾਈਟਾਂ ਤੇ ਸੀ ਸੀ ਟੀ ਵੀ ਕੈਮਰਿਆਂ ਦੀ ਵੰਡ

5 Dariya News

ਬੰਗਾ 06-Mar-2019

ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਆਖਿਆ ਕਿ ਖੇਡ ਵਿਭਾਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਨਸ਼ਾ ਮੁਕਤ ਪੰਜਾਬ ਦੇ ਸਿਰਜਨਾ ਲਈ ਵੱਡੇ ਉਪਰਾਲੇ ਕਰ ਰਿਹਾ ਹੈ। ਉਲੰਪਿਕ ਤੇ ਏਸ਼ੀਆਈ ਖੇਡਾਂ ਦੇ ਗੋਲਡ ਮੈਡਲਿਸਟਾਂ ਨੂੰ ਇਨਾਮੀ ਰਾਸ਼ੀ 25 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ। ਪੰਜਾਬ ਵਿੱਚ 7 ਸਾਲ ਤੋਂ ਲੰਬਿਤ ਪਏ ਮਹਾਰਾਜਾ ਰਣਜੀਤ ਸਿੰਘ ਖੇਡ ਪੁਰਸਕਾਰ 18 ਮਾਰਚ ਨੂੰ ਵੰਡੇ ਜਾ ਰਹੇ ਹਨ। ਖੇਡ ਮੰਤਰੀ ਜੋ ਕਿ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਅੰਬਿਕਾ ਸੋਨੀ ਦੀ ਤਰਫੋਂ 5 ਕਰੋੜ ਰੁਪਏ ਮੁੱਲ ਦੀਆਂ ਸੋਲਰ ਲਾਈਟਾਂ, ਜਿੰਮ ਕਿੱਟਾਂ ਅਤੇ ਸੀ.ਸੀ.ਟੀ.ਵੀ. ਕੈਮਰਾ ਆਦਿ ਦੀ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵੱਖ ਵੱਖ ਪਿੰਡਾਂ ਨੂੰ ਵੰਡ ਕਰਨ ਪੁੱਜੇ ਸਨ, ਨੇ ਕਿਹਾ ਕਿ ਸ੍ਰੀਮਤੀ ਅੰਬਿਕਾ ਸੋਨੀ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ, ਜਿਸ ਨਾਲ ਪਿੰਡਾਂ ਦੇ ਵਿਕਾਸ ਦੇ ਨਾਲ ਨਾਲ ਪੰਜਾਬ ਦੀ ਨੌਜੁਆਨੀ ਨੂੰ ਵੀ ਨਵੀਂ ਸੇਧ ਮਿਲੇਗੀ। ਉਨ੍ਹਾਂ ਖਟਕੜ ਕਲਾਂ ਦੀ ਪਵਿੱਤਰ ਧਰਤੀ ਨੂੰ ਨਤਮਸਤਕ ਹੁੰਦਿਆ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਅੱਜ ਉਹ ਸ਼ਹੀਦ-ਏ-ਆਜ਼ਮ ਦੀ ਧਰਤੀ ’ਤੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦ ਵਿੱਚ ਉਸਾਰੀ ਗਈ ਸ਼ਾਨਦਾਰ ਯਾਦਗਾਰ ਅਤੇ ਮਿਊਜ਼ੀਅਮ ਤੋ ਬਾਅਦ ਪੰਜਾਬ ਸਰਕਾਰ ਖਟਕੜ ਕਲਾਂ ਜਾਂ ਬੰਗਾ ਵਿਖੇ ਉਨ੍ਹਾਂ ਦੇ ਨਾਮ ’ਤੇ ਇੱਕ ਬਹੁਤ ਹੀ ਆਹਲਾ ਦਰਜੇ ਦਾ ਖੇਡ ਸਟੇਡੀਅਮ ਬਣਾਏਗੀ। ਉਨ੍ਹਾਂ ਨੇ ਨਵਾਂਸ਼ਹਿਰ ਅਤੇ ਬਲਾਚੌਰ ਵਿਖੇ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਬੇਹਤਰੀਨ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਸ਼ਰਧਾ-ਸੁਮਨ ਅਰਪਿਤ ਕੀਤੇ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ’ਚੋਂ ਵਿਸ਼ਵ ਪੱਧਰ ’ਤੇ ਖਿਡਾਰੀਆਂ ਦੀ ਪਨੀਰੀ ਤਿਆਰ ਕਰਨ ਲਈ ਮੌਜੂਦਾ ਸਮੂਹ ਖੇਡ ਸਟੇਡੀਅਮਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਤਾਂ ਜੋ ਵਿਸ਼ਵ ਪੱਧਰੀ ਖੇਡ ਢਾਂਚਾ ਅਤੇ ਸਿਖਲਾਈ ਢਾਂਚਾ ਮੁਹੱਈਆਂ ਕਰਵਾ ਕੇ ਰਾਜ ਦੀ ਮਿੱਟੀ ’ਚੋਂ ਚੋਟੀ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ। ਖੇਡ ਮੰਤਰੀ ਰਾਣਾ ਸੋਢੀ ਨੇ ਪੰਜਾਬ ਸਰਕਾਰ ਵਲੋਂ ਰਾਜ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਰਾਜ ਦੀ ਵਿੱਤੀ ਹਾਲਤ ਨੂੰ ਬਹੁਤ ਹੀ ਮਾੜੇ ਹਾਲ ’ਚ ਛੱਡ ਕੇ ਗਈ ਸੀ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਨਾ ਸਿਰਫ਼ ਵਿੱਤੀ ਹਾਲਾਤ ਨੂੰ ਸੁਧਾਰਿਆਂ ਬਲਕਿ ਆਪਣੇ ਵਲੋਂ ਕੀਤੇ ਕਿਸਾਨਾਂ ਦੀ ਕਰਜ਼ ਮੁਆਫ਼ੀ ਦੇ ਵਾਅਦੇ ਨੂੰ ਵੀ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਜੋ ਕਿ ਕਿਸਾਨੀ ਕਰਜ਼ਾ ਰਾਹਤ ’ਤੇ ਨੁਕਤਾਚੀਨੀ ਕਰ ਰਹੀ ਹੈ, ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨਾਲ ਵਿਧਾਨ ਸਭਾ ਚੋਣਾਂ ਮੌਕੇ ਕੀਤੀ ਸੀ, ਉਹੀ ਹਾਲਤ ਉਨ੍ਹਾਂ ਦੀ ਲੋਕ ਸਭਾ ਚੋਣਾਂ ਵਿੱਚ ਹੋਵੇਗੀ। 

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੁਣ ਤੱਕ 10 ਹਜ਼ਾਰ ਕਰੋੜ ਰੁਪਏ ’ਚੋ 4750 ਕਰੋੜ ਰੁਪਏ ਦੇ ਕਿਸਾਨੀ ਕਰਜ਼ੇ ਮੁਆਫ਼ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ 7 ਮਾਰਚ ਨੂੰ ਮੋਗਾ ਵਿਖੇ ਕੁਲ ਹਿੰਦ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ’ਚ ਹੋਣ ਵਾਲੀ ਰੈਲੀ ’ਚ ਬੇਜ਼ਮੀਨੇ ਕਿਸਾਨਾਂ ਦੇ ਕਰਜ਼ਿਆਂ ਦੇ ਮੁਆਫ਼ੀ ਦੀ ਯੋਜਨਾ ਵੀ ਐਲਾਨੀ ਜਾਵੇਗੀ। ਉਨ੍ਹਾਂ ਮੋਦੀ ਸਰਕਾਰ ਨੂੰ ਜੁਮਲੇਬਾਜ਼ਾਂ ਦੀ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਸੱਤ੍ਹਾ ਵਿੱਚ ਆਉਣ ਤੋਂ ਪਹਿਲਾਂ ਉਸ ਮੌਕੇ ਦੀ ਯੂ.ਪੀ.ਏ. ਸਰਕਾਰ ਨੂੰ ਹਰ ਕਦਮ ’ਤੇ ਨਿੰਦਣ ਵਾਲੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਆਪਣੇ ਕਾਰਜਕਾਲ ਦੌਰਾਨ ਕੋਈ ਅਜਿਹੀ ਪ੍ਰਾਪਤੀ ਨਹੀਂ ਕਰ ਸਕੇ, ਜਿਸ ’ਤੇ ਸਮੁੱਚਾ ਦੇਸ਼ ਮਾਣ ਕਰ ਸਕੇ। ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਸ੍ਰੀਮਤੀ ਅੰਬਿਕਾ ਸੋਨੀ ਨੂੰ ਵਿਕਾਸ ਦਾ ਮਸੀਹਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਬਤੌਰ ਕੇਂਦਰੀ ਮੰਤਰੀ ਪੰਜਾਬ ਲਈ ਕੀਤੀਆਂ ਸੇਵਾਵਾਂ ਹਮੇਸ਼ਾਂ ਯਾਦ ਰੱਖੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਪਾਰਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋ ਉਮੀਦਵਾਰ ਬਣਾਉਣਾ ਚਾਹੀਦਾ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਨੇ ਸ੍ਰੀਮਤੀ ਅੰਬਿਕਾ ਸੋਨੀ ਵਲੋਂ ਕੇਂਦਰੀ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਵਜੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ਦੇ ਨਵੀਨੀਕਰਨ ਲਈ 19 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਅਤੇ ਦੇਸ਼ ਭਰ ਵਿੱਚ ਵਿਰਾਸਤੀ ਤੇ ਸਭਿਆਚਾਰਕ ਥਾਂਵਾਂ ਦੀ ਸੰਭਾਲ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਐਮ.ਐਲ.ਏ. ਨਵਾਂਸ਼ਹਿਰ ਅੰਗਦ ਸਿੰਘ ਅਤੇ ਐਮ.ਐਲ.ਏ. ਬਲਾਚੌਰ ਵਲੋਂ ਇਸ ਮੌਕੇ ਜ਼ਿਲ੍ਹੇ ’ਚ ਨੌਜੁਆਨਾਂ ਲਈ ਖੇਡ ਢਾਂਚਾ ਵਿਕਸਤ ਕਰਨ ਦੀ ਮੰਗ ਰੱਖੀ ਗਈ, ਜਿਸ ਨੂੰ ਕਿ ਖੇਡ ਮੰਤਰੀ ਵਲੋਂ ਮੌਕੇ ’ਤੇ ਹੀ ਪ੍ਰਵਾਨ ਕਰ ਲਿਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਬੰਗਾ ਤਰਲੋਚਨ ਸਿੰਘ ਸੂੰਢ ਵਲੋਂ ਵੀ ਸੰਬੋਧਨ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਪ੍ਰੇਮ ਚੰਦ ਭੀਮਾ, ਸਾਬਕਾ ਪ੍ਰਧਾਨ ਸਤਵੀਰ ਸਿੰਘ ਪੱਲੀ ਝਿੱਕੀ, ਸਾਬਕਾ ਵਿਧਾਇਕ ਗੜ੍ਹਸ਼ੰਕਰ ਲਵਕੁਮਾਰ ਗੋਲਡੀ, ਡਾ. ਹਰਪ੍ਰੀਤ ਸਿੰਘ ਕੈਂਥ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਤਜਿੰਦਰ ਕੌਰ, ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਟਿਕੂ ਘਈ, ਨਵਾਂਸ਼ਹਿਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਿੰਦਰ ਚੋਪੜਾ, ਕਾਂਗਰਸ ਦੇ ਬਲਾਕ ਪ੍ਰਧਾਨਾਂ ’ਚ ਬੰਗਾ ਤੋਂ ਹਰਭਜਨ ਸਿੰਘ ਭਰੋਲੀ, ਔੜ ਤੋਂ ਜੁਝਾਰ ਸਿੰਘ, ਨਵਾਂਸ਼ਹਿਰ ਸ਼ਹਿਰੀ ਤੋਂ ਜੇਦੈਵ ਜਾਂਗੜਾ ਅਤੇ ਨਵਾਂਸ਼ਹਿਰ ਦਿਹਾਤੀ ਤੋ ਜੋਗਿੰਦਰ ਸਿੰਘ ਮੌਜੂਦ ਸਨ। ਪ੍ਰਸ਼ਾਸਨਿਕ ਅਧਿਕਾਰੀਆਂ ’ਚ ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ, ਐਸ.ਐਸ.ਪੀ. ਅਲਕਾ ਮੀਨਾ, ਏ.ਡੀ.ਸੀ. ਅਨੁਪਮ ਕਲੇਰ ਤੇ ਸਰਬਜੀਤ ਸਿੰਘ ਵਾਲੀਆ, ਐਸ.ਪੀ. (ਡੀ) ਵਜ਼ੀਰ ਸਿੰਘ, ਐਸ.ਡੀ.ਐਮ ਬੰਗਾ ਦੀਪਸ਼ਿਖਾ ਸ਼ਰਮਾ, ਐਸ.ਡੀ.ਐਮ. ਨਵਾਂਸ਼ਹਿਰ ਡਾ. ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਸ਼ਿਵ ਕੁਮਾਰ ਅਤੇ ਡੀ.ਐਸ.ਪੀ. ਬੰਗਾ ਐਨ.ਐਸ. ਮਾਹਲ ਮੌਜੂਦ ਸਨ।