ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕਰਵਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ
ਲੋਕਾਂ ਨੂੰ ਬਿਨਾਂ ਕਿਸੇ ਲਾਲਚ ਤੇ ਡਰ ਤੋਂ ਆਪਣੀ ਵੋਟ ਦਾ ਕਰਨਾ ਚਾਹੀਦਾ ਹੈ ਇਸਤੇਮਾਲ
5 Dariya News
ਫਿਰੋਜ਼ਪੁਰ 19-Mar-2019
ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਰਹੱਦੀ ਪਿੰਡ ਹਬੀਬ ਵਾਲਾ ਵਿਖੇ ਭਾਈ ਕਨ੍ਹਈਆ ਜੀ ਕਿਸਾਨ ਸੁਸਾਇਟੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਆਈ.ਏ.ਐੱਸ. ਪਹੁੰਚੇ।ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਅੱਜ ਦੇ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਦਾ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 1 ਜਨਵਰੀ 2019 ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਵੱਲੋਂ ਆਪਣੀਆਂ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ ਤਾਂ ਜੋ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਮਨਮਰਜ਼ੀ ਦੀ ਸਰਕਾਰ ਚੁਣ ਸਕਣ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਾਨੂੰ ਸਾਰਿਆ ਨੂੰ ਸੁਚੇਤ ਹੋ ਕੇ ਤੇ ਬਿਨਾਂ ਕਿਸੇ ਡਰ ਤੇ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਨਸ਼ਿਆਂ ਤੇ ਬੋਲਦਿਆਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਸ਼ਰਾਬ ਜਾਂ ਹੋਰ ਕਿਸੇ ਨਸ਼ੇ ਦੇ ਲਾਲਚ ਵਿੱਚ ਫਸ ਕੇ ਆਪਣੀ ਵੋਟ ਦੇ ਅਧਿਕਾਰ ਦੀ ਗ਼ਲਤ ਵਰਤੋਂ ਨਹੀਂ ਕਰਨੀ ਸਗੋਂ ਆਪਣੀ ਸੋਚ ਸਮਝ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨੀ ਹੈ ਤਾਂ ਵਧੀਆ ਸਰਕਾਰ ਚੁਣੀ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣੇ ਘਰ ਜਾ ਕੇ ਮਾਤਾ ਪਿਤਾ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਬਾਰੇ ਕਹਿਣ ਅਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਆਪਣੇ ਭੈਣ, ਭਰਾਵਾਂ, ਰਿਸਤੇਦਾਰਾਂ ਅਤੇ ਸਕੇ-ਸਬੰਧੀਆਂ ਨੂੰ ਵੋਟ ਬਣਵਾਉਣ ਤੇ ਵੋਟ ਦੇ ਸਹੀ ਇਸਤੇਮਾਲ ਕਰਨ ਲਈ ਵੀ ਕਹਿਣ।ਇਸ ਮੌਕੇ ਸਹਾਇਕ ਕਮਿਸ਼ਨਰ (ਜ.) ਸ੍ਰ. ਰਣਜੀਤ ਸਿੰਘ ਭੁੱਲਰ, ਸਕੱਤਰ ਰੈੱਡ ਕਰਾਸ ਸ੍ਰੀ. ਅਸ਼ੋਕ ਬਹਿਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।