5 Dariya News

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਇਤਿਹਾਸਕ ਦਰਸ਼ਨੀ ਡਿਊੜੀ ਢਾਹੁਣ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮੈਮੋਰੰਡਮ ਦਿੱਤਾ

ਬਾਦਲਾਂ ਨੇ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਦੇ ਮੁੱਖੀ ਕੁੰਵਰ ਵਿਜੇ ਪ੍ਰਤਾਪ ਨੂੰ ਜਾਂਚ ਕਰਨ ਤੋਂ ਧਮਕਾਇਆ: ਬ੍ਰਹਮਪੁਰਾ

5 Dariya News

ਅੰਮ੍ਰਿਤਸਰ 06-Apr-2019

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਨੇ ਤਰਨ ਤਾਰਨ ਦੇ ਦਰਬਾਰ ਸਾਹਿਬ ਵਿਖੇ ਇਤਿਹਾਸਕ ਦਰਸ਼ਨੀ ਡਿਊੜੀ ਦੇ ਢਾਹੁਣ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਕੇ ਅੱਜ ਇੱਕ ਮੈਮੋਰੰਡਮ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਵਫ਼ਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕੁੱਝ ਅਧਿਕਾਰੀਆਂ, ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮਿਲੀਭੁਗਤ ਨਾਲ ਕੁੱਝ ਲੋਕਾਂ ਨੇ 30 ਮਾਰਚ ਦੀ ਰਾਤ ਨੂੰ ਹਥਿਆਰਬੰਦ ਗੁੰਡਿਆਂ ਦੀ ਮੱਦਦ ਨਾਲ ਪੁਰਾਤਨ ਦਰਸ਼ਨੀ ਡਿਊੜੀ ਨੂੰ ਢਾਹ ਦਿੱਤਾ ਸੀ ਜੋ ਕਿ ਬਹੁਤ ਮੰਦਭਾਗੀ ਗੱਲ ਹੈ ਜਿਸ ਨਾਲ ਦੁਨੀਆਂ ਭਰ ਵਿਚ ਵੱਸਦੇ ਸਿੱਖਾਂ ਵਿਚ ਭਾਰੀ ਰੋਸ ਹੈ ਅਤੇ ਜਿੰਨ੍ਹਾਂ ਦੋਸ਼ੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਅਤੇ ਪੰਥ ਚੋਂ ਛੇਕਿਆ ਜਾਣਾ ਚਾਹੀਦਾ ਹੈ। ਟਕਸਾਲੀਆਂ ਨੇ ਸਾਂਝੇ ਤੌਰ ਤੇ ਕਿਹਾ ਕਿ ਇਸ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਤੋਂ ਇੰਨਸਾਫ ਮਿਲਣ ਦੀ ਕੋਈ ਉਮੀਦ ਨਹੀਂ ਹੈ ਪਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਆਪਣੇ ਤੌਰ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।ਸ੍ਰ. ਬ੍ਰਹਮਪੁਰਾ ਨੇ ਮੈਮੋਰੰਡਮ ਦੇਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਾਡੀ ਗੱਲ ਤੇ ਗੌਰ ਕੀਤਾ ਹੈ ਅਤੇ ਭਰੋਸਾ ਦਿਵਾਇਆ ਹੈ ਕਿ ਉਹ ਅਕਾਲ ਤਖ਼ਤ ਸਾਹਿਬ ਵਲੋਂ ਇਤਿਹਾਸਕ ਦਰਸ਼ਨੀ ਡਿਊੜੀ ਢਾਹੁਣ ਦੇ ਸੰਬੰਧ ਵਿਚ ਇੱਕ ਵਿਸ਼ੇਸ਼ ਉੱਚ ਪੱਧਰੀ ਕਮੇਟੀ ਦਾ ਗਠਨ ਕਰਨਗੇ ਅਤੇ ਸਿੱਖੀ ਸਿਧਾਂਤਾਂ ਅਨੁਸਾਰ ਕਾਰਵਾਈ ਨੂੰ ਅਮਲ ਵਿਚ ਲਿਆਉਣਗੇ।ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਦੀ ਘਟਨਾ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਮੁੱਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਕਥਿਤ ਤੌਰ ਤੇ ਬਾਦਲਾਂ ਵਲੋਂ ਧਮਕਾਇਆ ਜਾ ਰਿਹਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ ਜਦ ਕਿ ਕੁੰਵਰ ਵਿਜੇ ਪ੍ਰਤਾਪ ਇਸ ਕੇਸ ਦੀ ਜਾਂਚ ਬਿਲਕੁਲ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨਿਭਾ ਰਹੇ ਹਨ ਅਤੇ ਬਾਦਲਾਂ ਵਲੋਂ ਇੱਕ ਇਮਾਨਦਾਰ ਅਫ਼ਸਰ ਨੂੰ ਅਜਿਹੀਆਂ ਧਮਕੀਆਂ ਦੇਣੀਆਂ ਚਾਹੀਦੀ ਹਨ।

ਰਣਜੀਤ ਸਿੰਘ ਬ੍ਰਹਮਪੁਰਾ ਨੇ ਨਸ਼ਿਆਂ ਦੇ ਮੁੱਦੇ ਤੇ ਬੋਲਦਿਆਂ ਕਿਹਾ ਕਿ ਬਿਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਿਜਲੀਵਾਲ ਵਿਖੇ ਨਸ਼ਿਆਂ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਹੈ ਜੋ ਕਿ ਬੇਹੱਦ ਚਿੰਤਾ ਦਾ ਵਿਸ਼ਾ ਹੈ ਅਤੇ ਪੰਜਾਬ ਵਿਚ ਨਸ਼ਿਆਂ ਦੀ ਵਿਕਰੀ ਹਜੇ ਵੀ ਵੱਡੇ ਪੱਧਰ ਤੇ ਹੋ ਰਹੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਨਾਲ ਅਸਫ਼ਲ ਹੋ ਚੁੱਕੀ ਹੈ। ਇਸ ਸੰਬੰਧ ਸਿਆਸਤਦਾਨਾਂ ਅਤੇ ਪੁਲਿਸ ਅਧਿਕਾਰੀਆਂ ਦੀ ਸਹਿਮਤੀ ਤੋਂ ਬਗੈਰ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਨਹੀਂ ਕੀਤਾ ਜਾ ਸਕਦਾ ਅਤੇ ਜੇਕਰ ਸਰਕਾਰ ਨਸ਼ੇ ਬੰਦ ਕਰਨਾ ਚਾਹੇਂ ਤਾਂ ਨਸ਼ਿਆਂ ਦਾ ਕਾਰੋਬਾਰ ਪੰਜਾਬ ਵਿਚ ਇੱਕ ਹਫ਼ਤੇ ਵਿਚ ਬੰਦ ਹੋ ਸਕਦਾ ਹੈ।ਸ੍ਰ. ਬ੍ਰਹਮਪੁਰਾ ਨੇ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਚੋਣ ਲਡ਼ਨ ਬਾਰੇ ਸਪੱਸ਼ਟ ਕਿਹਾ ਕਿ ਪਹਿਲਾਂ ਅਸੀਂ ਬੀਬੀ. ਖਾਲੜਾ ਨੂੰ ਆਪਣੀ ਪਾਰਟੀ ਤੋਂ ਚੋਣ ਲੜਨ ਲਈ ਪੁਛਿਆ ਸੀ ਪਰ ਉਨ੍ਹਾਂ ਰਾਜਨੀਤੀ ਵਿਚ ਆਉਣ ਲਈ ਇੰਨਕਾਰ ਕਰ ਦਿੱਤਾ ਸੀ ਪਰ ਇਸ ਦੇ ਉਲਟ ਪੰਜਾਬ ਡੈਮੋਕ੍ਰੇਟਿਕ ਐਲਾਇੰਸ, ਸੁਖਪਾਲ ਸਿੰਘ ਖਹਿਰਾ ਵਲੋਂ ਗੱਠਜੋੜ ਬਣਾਉਣ ਦੇ ਸੰਬੰਧ ਵਿਚ ਕੀਤੀਆਂ ਮੇਰੇ ਨਾਲ ਮੀਟਿੰਗਾਂ 'ਚ ਬੀਬੀ ਖਾਲੜਾ ਦਾ ਇੱਕ ਵਾਰ ਵੀ ਜ਼ਿਕਰ ਤੱਕ ਨਹੀਂ ਕੀਤਾ ਜਿਸਤੋਂ ਸਪੱਸ਼ਟ ਹੁੰਦਾ ਹੈ ਕਿ ਮਨੁੱਖੀ ਅਧਿਕਾਰਾਂ ਜਸਵੰਤ ਸਿੰਘ ਖਾਲੜਾ ਦੀ ਧਰਮਪਤਨੀ ਬੀਬੀ ਖਾਲੜਾ ਦੇ ਨਾਂ ਨੂੰ ਵਰਤ ਕੇ ਵਿਦੇਸ਼ਾਂ ਤੋਂ ਪੈਸਾਂ ਇਕੱਠਾ ਕੀਤਾ ਜਾ ਰਿਹਾ ਹੈ।ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਦੇ ਮੌਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਨੂੰ ਸਾਰੇ ਰਾਜਨੀਤਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਸਾਂਝੇ ਤੌਰ ਤੇ ਪ੍ਰਕਾਸ਼ ਪੁਰਬ ਮਨਾਉਣ ਲਈ ਦਿੱਤੀਆਂ ਹਦਾਇਤਾਂ ਦਾ ਕੋਈ ਫਾਇਦਾ ਨਹੀਂ ਕਿਉਜੋ ਸ਼੍ਰੋਮਣੀ ਕਮੇਟੀ ਤੇ ਸਿਰਫ਼ 3 ਵਿਅਕਤੀਆਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਏ ਦੀਆਂ ਹਦਾਇਤਾਂ ਚਲਦੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਵੀ ਬਾਦਲਾਂ ਦੁਆਰਾ ਦਿੱਤੀਆਂ ਹਦਾਇਤਾਂ ਤੇ ਹੀ ਕੰਮ ਕਰਦੀ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ, ਖਡੂਰ ਸਾਹਿਬ ਤੋਂ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਰਵਿੰਦਰ ਸਿੰਘ ਬ੍ਰਹਮਪੁਰਾ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਓਐਸਡੀ ਦਮਨਜੀਤ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।