5 Dariya News

ਰਣਜੀਤ ਸਿੰਘ ਬ੍ਰਹਮਪੁਰਾ ਸਣੇ ਟਕਸਾਲੀ ਅਕਾਲੀਆਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਤਖਤ ਸਾਹਿਬ ਦੇ ਜਥੇਦਾਰ ਗਿ: ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਆਨੰਦਪੁਰ ਸਾਹਿਬ 26-Apr-2019

ਅੱਜ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਸਣੇ ਹੋਰ ਟਕਸਾਲੀ ਅਕਾਲੀ ਦਲ ਦੇ ਆਗੂਆਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਉਪਰੰਤ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਸ੍ਰੀ ਅਕਾਲ ਤਖਤ, ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਸਥਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨ ਕਰਨ ਵਾਸਤੇ ਅਪੀਲ ਕੀਤੀ।ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੇ ਓ ਐਸ ਡੀ ਦਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਪਾਰਟੀ ਦੀ ਲੀਡਰਸ਼ਿਪ ਜਿਸ ਵਿੱਚ ਬ੍ਰਹਮਪੁਰਾ ਤੋਂ ਇਲਾਵਾ, ਜਨਰਲ ਸਕੱਤਰ ਸੇਵਾ ਸਿੰਘ ਸੇਖਵਾਂ, ਮੀਤ ਪ੍ਰਧਾਨ ਉਜਾਗਰ ਸਿੰਘ ਵਡਾਲੀ, ਕਰਨੈਲ ਸਿੰਘ ਪੀਰਮੁਹੰਮਦ, ਹਰਸੁਖਿੰਦਰ ਸਿੰਘ ਬੱਬੀ ਬਾਦਲ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਜਥੇਦਾਰ ਰਘਬੀਰ ਸਿੰਘ ਨੂੰ ਕਿਹਾ ਕਿ ਬਾਦਲਾਂ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ, ਸ੍ਰੀ ਅਕਾਲ ਤਖਤ ਸਣੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਮਿਆਰ ਨੂੰ ਗਹਿਰੀ ਸੱਟ ਵੱਜੀ ਹੈ ਅਤੇ ਇਹ ਧਾਰਮਿਕ ਸੰਸਥਾਨ ਤੇਜ਼ੀ ਦੇ ਨਾਲ ਗਿਰਾਵਟ ਵੱਲ ਗਏ ਹਨ। ਇਸ ਲਈ ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਅਦਾਰਿਆਂ ਦੇ ਗਿਰ ਰਹੇ ਮਿਆਰ ਵਿੱਚ ਸੁਧਾਰ ਲਿਆਉਣ ਵਾਸਤੇ ਲੋੜੀਂਦੇ ਉਪਰਾਲੇ ਕਰੋ ਤਾਂ ਜੋ ਸਿੱਖ ਕੌਮ ਦੀ ਆਸਥਾ ਨੂੰ ਕਾਇਮ ਰੱਖਿਆ ਜਾ ਸਕੇ।ਇਸਤੋਂ ਪਹਿਲਾਂ ਸਾਰੇ ਟਕਸਾਲੀ ਅਕਾਲੀ ਲੀਡਰਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੀ ਪਾਰਟੀ ਦੀ ਚੋਣ ਮੁਹਿੰਮ ਦੀ ਸਫਲਤਾ ਦੇ ਲਈ ਵਾਹਿਗੁਰੂ ਤੋਂ ਓਟ ਆਸਰਾ ਵੀ ਲਿਆ। ਇਸਤੋਂ ਬਾਅਦ ਬ੍ਰਹਮਪੁਰਾ ਨੇ ਗੱਲਬਾਤ ਦੌਰਾਨ ਇਹ ਵੀ ਕਿਹਾ ਕਿ ਬੇਸ਼ੱਕ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਉਨ੍ਹਾਂ ਦੀ ਪਾਰਟੀ ਨੇ ਕੋਈ ਉਮੀਦਵਾਰ ਨਹੀਂ ਖੜਾ ਕੀਤਾ ਪਰ ਉਹ ਬਾਦਲ ਪਰਿਵਾਰ ਦੇ ਉਮੀਦਵਾਰਾਂ ਨੂੰ ਹਰਾਉਣ ਵਾਸਤੇ ਪ੍ਰਚਾਰ ਕਰਨ ਦੇ ਲਈ ਉੱਥੇ ਜਰੂਰ ਜਾਣਗੇ।