5 Dariya News

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਜਾਇਜ਼ਾ

ਕੈਬਨਿਟ ਸਬ-ਕਮੇਟੀ ਨੂੰ 27 ਮਈ ਨੂੰ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਖਿਆ

5 Dariya News

ਚੰਡੀਗੜ੍ਹ 04-May-2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਚ ਅਧਿਕਾਰੀਆਂ ਨਾਲ ਸਰਕਾਰੀ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ 27 ਮਈ ਨੂੰ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਖਿਆ ਤਾਂ ਕਿ ਮਸਲਿਆਂ ਦਾ ਹੱਲ ਛੇਤੀ ਕੀਤਾ ਜਾ ਸਕੇ। ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਭਾਵੇਂ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਸਰਕਾਰ ਇਸ ਮਸਲੇ 'ਤੇ ਕੋਈ ਫੈਸਲਾ ਨਹੀਂ ਲੈ ਸਕਦੀ ਪਰ ਇਹ ਮਹਿਸੂਸ ਕੀਤਾ ਗਿਆ ਕਿ ਲੰਬਿਤ ਮਸਲਿਆਂ ਦੇ ਹੱਲ ਲਈ ਚੋਣ ਨਤੀਜਿਆਂ ਦਾ ਐਲਾਨ ਹੋਣ ਤੋਂ ਤੁਰੰਤ ਬਾਅਦ ਇਕ ਮੀਟਿੰਗ ਕੀਤੀ ਜਾਣੀ ਚਾਹੀਦੀ ਹੈ।ਸਰਕਾਰੀ ਕਰਮਚਾਰੀਆਂ ਦੀ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮਾਮਲੇ ਬਾਰੇ ਪੂਰੀ ਤਰ੍ਹਾਂ ਜਾਣੂੰ ਹੈ ਅਤੇ ਮੁਲਾਜ਼ਮਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਢੁਕਵਾਂ ਫੈਸਲਾ ਲਿਆ ਜਾਵੇਗਾ।ਬੁਲਾਰੇ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੇ ਸਾਰੇ ਵਰਗਾਂ ਦੀ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਮੰਨਣਾ ਹੈ ਕਿ ਸਰਕਾਰੀ ਨੀਤੀਆਂ ਅਤੇ ਏਜੰਡੇ ਨੂੰ ਅਮਲੀਜਾਮਾ ਪਹਿਨਾਉਣ ਵਿੱਚ ਮੁਲਾਜ਼ਮਾਂ ਦੇ ਯੋਗਦਾਨ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਹਿਲਾਂ ਹੀ 7 ਫੀਸਦੀ ਮਹਿੰਗਾਈ ਭੱਤਾ (ਡੀ.ਏ.) ਜਾਰੀ ਕਰ ਚੁੱਕੀ ਹੈ ਜਦਕਿ ਮੁਲਾਜ਼ਮਾਂ ਦੀਆਂ ਹੋਰ ਵੱਖ-ਵੱਖ ਪ੍ਰਮੁੱਖ ਮੰਗਾਂ ਵਿੱਤ ਤੇ ਪ੍ਰਸੋਨਲ ਵਿਭਾਗਾਂ ਦੇ ਵਿਚਾਰ ਅਧੀਨ ਹਨ।