5 Dariya News

ਹੁਸ਼ਿਆਰਪੁਰ ਜ਼ਿਲ੍ਹੇ 'ਚ ਸ਼ਾਂਤੀਪੂਰਵਕ ਸ਼ੁਰੂ ਹੋਈ ਵੋਟ ਪ੍ਰਕ੍ਰਿਆ

ਡਿਪਟੀ ਕਮਿਸ਼ਨਰ ਨੇ ਕੀਤੀ ਵੋਟ ਦੇ ਅਧਿਕਾਰ ਦੀ ਵਰਤੋਂ, ਵੈਬ ਕਾਸਟਿੰਗ ਰਾਹੀਂ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ

5 Dariya News

ਹੁਸ਼ਿਆਰਪੁਰ 19-May-2019

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੋਕ ਸਭਾ ਚੋਣਾਂ ਲਈ ਸ਼ਾਂਤੀਪੂਰਵਕ ਤਰੀਕੇ ਨਾਲ ਵੋਟ ਪ੍ਰਕ੍ਰਿਆ ਸ਼ੁਰੂ ਹੋਈ ਅਤੇ 05-ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ 11 ਵਜੇ ਤੱਕ 23.8 ਫੀਸਦੀ ਵੋਟਾਂ ਪਈਆਂ। ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਬੂਥ ਨੰਬਰ-143 (ਵਿਧਾਨ ਸਭਾ ਹਲਕਾ 043-ਹੁਸ਼ਿਆਰਪੁਰ) ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਅਪੀਲ ਕੀਤੀ ਕਿ ਲੋਕਤੰਤਰ ਦੇ ਇਸ ਮਹਾ ਤਿਉਹਾਰ ਵਿੱਚ ਹਰੇਕ ਵੋਟਰ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਜਿਥੇ ਵੋਟ ਪਾਉਣ ਆਏ ਵੋਟਰਾਂ ਦਾ ਉਤਸ਼ਾਹ ਵਧਾਇਆ, ਉਥੇ ਪੋਲਿੰਗ ਸਟਾਫ ਦੀ ਹੌਂਸਲਾ ਅਫਜ਼ਾਈ ਵੀ ਕੀਤੀ। ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਵੈਬ ਕਾਸਟਿੰਗ ਰਾਹੀਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ  ਦੇ 1911 ਪੋਲਿੰਗ ਬੂਥਾਂ ਵਿਚੋਂ 50 ਫੀਸਦੀ ਬੂਥਾਂ 'ਤੇ ਵੈਬ ਕਾਸਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ 763 ਅਜਿਹੇ ਪੋਲਿੰਗ ਬੂਥਾਂ ਦੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਇਨ੍ਹਾਂ ਬੂਥਾਂ ਵਿੱਚ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ 121, ਸ਼ਾਮਚੁਰਾਸੀ ਦੇ 108, ਗੜ੍ਹਸ਼ੰਕਰ ਦੇ 114, ਦਸੂਹਾ ਦੇ 107, ਹੁਸ਼ਿਆਰਪੁਰ ਦੇ 103, ਉੜਮੁੜ ਦੇ 107 ਅਤੇ ਚੱਬੇਵਾਲ ਵਿਧਾਨ ਸਭਾ ਹਲਕੇ ਦੇ 103 ਪੋਲਿੰਗ ਬੂਥ ਸ਼ਾਮਲ ਹਨ। ਈਸ਼ਾ ਕਾਲੀਆ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਵੈਬ ਕਾਸਟਿੰਗ ਰਾਹੀਂ ਮੱਤਦਾਨ ਪ੍ਰਕ੍ਰਿਆ ਦੀ ਨਿਗਰਾਨੀ ਰੱਖਣ ਲਈ ਪਹਿਲੀ ਵਾਰ ਅਜਿਹਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵੈਬ ਕਾਸਟਿੰਗ ਰਾਹੀਂ ਬੂਥਾਂ ਦਾ ਜਾਇਜ਼ਾ ਲੈਣ ਦੌਰਾਨ ਸਬੰਧਤ ਪ੍ਰੀਜਾਇਡਿੰਗ ਅਫ਼ਸਰਾਂ ਨਾਲ ਫੋਨ 'ਤੇ ਗੱਲਬਾਤ ਵੀ ਕੀਤੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਮੱਤਦਾਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਚੋਣਵੇਂ ਪੋਲਿੰਗ ਬੂਥਾਂ ਦੀ ਚੈਕਿੰਗ ਕਰਨ ਦੌਰਾਨ ਸਬੰਧਤ ਚੋਣ ਅਮਲੇ ਨੂੰ ਪੂਰੀ ਜ਼ਿੰਮੇਵਾਰੀ ਅਤੇ ਨਿਯਮਾਂ ਮੁਤਾਬਕ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਬੂਥ 'ਤੇ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ, ਤਾਂ ਤੁਰੰਤ ਉਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪਹਿਲੀ ਵਾਰ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਲਿਜਾਣ ਵਾਲੇ ਵਾਹਨਾਂ 'ਤੇ ਜੀ.ਪੀ.ਐਸ. ਡਿਵਾਈਸ ਲਗਾਏ ਗਏ ਹਨ, ਤਾਂ ਜੋ ਮਸ਼ੀਨਾਂ ਲਿਜਾਣ ਵਾਲੇ ਵਾਹਨਾਂ ਦੀ ਨਜ਼ਰਸਾਨੀ ਕੀਤੀ ਜਾ ਸਕੇ।