5 Dariya News

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੀਨੀਅਰ ਸਿਟੀਜ਼ਨਾਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜ਼ਿਲ੍ਹੇ ਦੇ ਸੀਨੀਅਰ ਸਿਟੀਜ਼ਨਾਂ, ਦਿਵਿਆਂਗ ਵੋਟਰਾਂ ਅਤੇ ਥਰਡ ਜੈਂਡਰ ਵੋਟਰਾਂ ਨੂੰ ਸਹੂਲਤ ਦੇਣ ਹਿੱਤ ਬੱਸਾਂ ਮੁਹੱਈਆ ਕਰਵਾਈਆਂ ਗਈਆਂ

5 Dariya News

ਮੋਗਾ 19-May-2019

ਜ਼ਿਲ੍ਹੇ ਦੇ ਸੀਨੀਅਰ ਸਿਟੀਜ਼ਨਾਂ, ਦਿਵਿਆਂਗ ਵੋਟਰਾਂ ਅਤੇ ਥਰਡ ਜੈਂਡਰ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਹੂਲਤ ਦੇਣ ਹਿੱਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬੱਸਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਉਨ੍ਹਾਂ ਨੂੰ ਤੋਹਫ਼ੇ ਵੀ ਦਿੱਤੇ ਗਏ, ਤਾਂ ਜਂੋ ਉਨ੍ਹਾਂ ਨੂੰ ਆਪਣੇ ਪੋਲਿੰਗ ਬੂਥਾਂ ਤੱਕ ਪਹੁੰਚਣ ਲਈ ਆਸਾਨੀ ਰਹੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੀਨੀਅਰ ਸਿਟੀਜ਼ਨਾਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ 'ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ, ਸਹਾਇਕ ਕਮਿਸ਼ਨਰ ਲਾਲ ਵਿਸਵਾਸ਼ ਬੈਂਸ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਸਵੀਪ ਜ਼ਿਲ੍ਹਾ ਨੋਡਲ ਅਫ਼ਸਰ ਬਲਵਿੰਦਰ ਸਿੰਘ, ਸਰਦਾਰੀ ਲਾਲ ਕਾਮਰਾ ਅਤੇ ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਮਹਾਂਤਿਉਹਾਰ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ ਨੇ ਕੁਸ਼ਟ ਆਸ਼ਰਮ ਨੇੜੇ ਬਹੋਨਾ ਚੌਕ ਮੋਗਾ ਵਿਖੇ ਜਾ ਕੇ ਦਿਵਿਆਂਗ ਵਿਅਕਤੀਆਂ ਨੂੰ ਬੱਸ ਰਾਹੀਂ ਰਾਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਸਥਿਤ ਪੋਲਿੰਗ ਬੂਥਾਂ ਤੱਕ ਪਹੁੰਚਾਇਆ ਤਾਂ ਜੋ ਉਹ ਬਿਨ੍ਹਾਂ ਕਿਸੇ ਮੁਸ਼ਕਲ ਦੇ ਆਪਣਾ ਕੀਮਤੀ ਮਤਦਾਨ ਕਰ ਸਕਣ। ਇਸ ਮੌਕੇ ਉਨ੍ਹਾਂ ਦਿਵਿਆਂਗ ਵਿਅਕਤੀਆਂ ਨੂੰ ਤੋਹਫ਼ੇ ਵੀ ਪ੍ਰਦਾਨ ਕੀਤੇ। ਇਸ ਉਪਰੰਤ ਉਨ੍ਹਾਂ ਥਰਡ ਜੈਂਡਰ ਵੋਟਰਾਂ ਦੀ ਬੱਸ ਨੂੰ ਨਗਰ ਨਿਗਮ ਮੋਗਾ ਤੋਂ ਹਰੀ ਝੰਡੀ ਦੇ ਕੇ ਉਨ੍ਹਾਂ ਦੇ ਸਬੰਧਤ ਪੋਲਿੰਗ ਬੂਥਾਂ ਤੱਕ ਪਹੁੰਚਾਣ ਲਈ ਰਵਾਨਾ ਕੀਤਾ। ਉਨ੍ਹਾਂ ਸਥਾਨਕ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਬਣੇ ਮਾਡਲ ਬੂਥ ਅਤੇ ਸਖੀ ਪੋਲਿੰਗ ਬੂਥਾਂ ਦਾ ਵੀ ਨਿਰੀਖਣ ਕੀਤਾ ਅਤੇ ਵੋਟਰਾਂ ਦੀ ਹੌਸਲਾ ਅਫ਼ਜਾਈ ਕੀਤੀ। ਗੌਰਤਲਬ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਵੀ ਗਿਫ਼ਟ ਅਤੇ ਪ੍ਰਸੰਸਾਂ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ।