5 Dariya News

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ 65.65 ਫ਼ੀਸਦੀ ਵੋਟਾਂ ਪਈਆਂ: ਡਾ. ਪ੍ਰਸ਼ਾਂਤ ਕੁਮਾਰ ਗੋਇਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਪਾਰਟੀਆਂ ਸਮੇਤ ਚੋਣ ਅਮਲੇ ਦੀ ਕੀਤੀ ਸ਼ਲਾਘਾ

5 Dariya News

ਫ਼ਤਹਿਗੜ੍ਹ ਸਾਹਿਬ 19-May-2019

ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿੱਚ 65.65 ਫੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿੱਚ ਬਣਾਏ 1750 ਪੋਲਿੰਗ ਬੂਥਾਂ 'ਤੇ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਪੂਰੇ ਉਤਸ਼ਾਹ ਨਾਲ ਕੀਤਾ ਅਤੇ ਪਹਿਲੀ ਵਾਰ ਵੋਟ ਪਾਉਣ ਪੁੱਜੇ ਨੌਜਵਾਨਾਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਕਿਹਾ ਕਿ ਹਲਕੇ ਵਿੱਚ ਚੋਣਾਂ ਅਮਨ ਤੇ ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਲਈ ਹਲਕੇ ਦੇ ਵੋਟਰ ਅਤੇ ਵੋਟਾਂ ਪਵਾਉਣ ਦੇ ਕੰਮ ਵਿੱਚ ਲੱਗਿਆ ਚੋਣ ਅਮਲਾ ਵਧਾਈ ਦਾ ਪਾਤਰ ਹੈ।ਡਾ. ਗੋਇਲ ਨੇ ਦੱਸਿਆ ਕਿ ਵੋਟਾਂ ਪੈਣ ਉਪਰੰਤ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਅਤੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਖੇ ਬਣਾਏ ਗਏ ਸਟਰਾਂਗ ਰੂਮਾਂ ਵਿੱਚ ਰਖਵਾ ਦਿੱਤੀਆਂ ਗਈਆਂ ਹਨ। ਇਹ ਮਸ਼ੀਨਾਂ ਗਿਣਤੀ ਵਾਲੇ ਦਿਨ ਚੋਣ ਅਬਜ਼ਰਵਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਖੋਲ੍ਹੀਆਂ ਜਾਣਗੀਆਂ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਪਾਉਣ ਦਾ ਕੰਮ ਸਵੇਰੇ 07:00 ਵਜੇ ਤੋਂ ਸ਼ੁਰੂ ਹੋਇਆ ਤੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਸਵੇਰੇ 09:00 ਵਜੇ ਤੱਕ 10.55 ਫ਼ੀਸਦੀ, 11:00 ਵਜੇ ਤੱਕ 21.29 ਫ਼ੀਸਦੀ, 01:00 ਵਜੇ ਤੱਕ 36.89 ਫ਼ੀਸਦੀ, ਬਾਅਦ ਦੁਪਹਿਰ 03:00 ਵਜੇ ਤੱਕ 48.76 ਫ਼ੀਸਦੀ, 05:00 ਵਜੇ ਤੱਕ 58.21 ਫ਼ੀਸਦੀ ਅਤੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ 65.65 ਫ਼ੀਸਦੀ ਮਤਦਾਨ ਹੋਇਆ।ਵੋਟਾਂ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਨ 'ਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਜਿੱਥੇ ਹਲਕੇ ਦੇ ਵੋਟਰਾਂ ਅਤੇ ਲੋਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ, ਉਥੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੈਰਾਮਿਲਟਰੀ ਫੋਰਸਿਜ਼ ਅਤੇ ਪੰਜਾਬ ਪੁਲੀਸ ਦੇ ਜਵਾਨਾਂ ਅਤੇ ਡਿਊਟੀ ਵਿੱਚ ਲੱਗੇ ਅਧਿਕਾਰੀਆਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਵੋਟਾਂ ਬਿਨਾਂ ਕਿਸੇ ਲੜਾਈ ਝਗੜੇ ਤੋ ਮੁਕੰਮਲ ਹੋਈਆਂ ਹਨ ਅਤੇ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ, ਜਿਥੇ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ, ਬੱਸੀ ਪਠਾਣਾਂ, ਅਮਲੋਹ ਅਤੇ ਅਮਰਗੜ੍ਹ ਦੀਆਂ ਈ.ਵੀ.ਐਮ. ਮਸ਼ੀਨਾਂ ਰੱਖੀਆਂ ਗਈਆਂ ਹਨ, ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।