ਅਧਿਕਾਰੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਨੁੰ ਯਕੀਨੀ ਬਣਾਉਣ : ਗੋਇਲ
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਕਾਸ਼ਤ ਸਬੰਧੀ ਕੀਤਾ ਜਾਵੇਗਾ ਜਾਗਰੂਕ
5 Dariya News
ਫ਼ਤਹਿਗੜ੍ਹ ਸਾਹਿਬ 10-Jun-2019
ਸਮੂਹ ਅਧਿਕਾਰੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਵਾਂਝਾ ਨਾ ਰਹੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਦੀ ਸਮੀਖਿਆ ਸਬੰਧੀ ਸੱਦੀ ਗਈ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਦਿੱਤੀਆਂ।ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਕਾਸ਼ਤ ਸਬੰਧੀ ਜਾਗਰੂਕ ਕੀਤਾ ਜਾਵੇ ਇਸ ਦੇ ਨਾਲ-ਨਾਲ ਪਰਾਲੀ ਤੋਂ ਬਾਇਓ ਗੈਸ ਪਲਾਂਟ ਲਗਾਉਣ ਲਈ ਪੰਚਾਇਤਾਂ ਨੂੰ ਅਤੇ ਫਸਲਾਂ ਦੀ ਰਹਿੰਦ ਖੂੰਹਦ ਲਈ ਵਰਤੀ ਜਾਣ ਵਾਲੀ ਆਧੁਨਿਕ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਵਲਿਆਂ ਦੇ ਚਲਾਨ ਕੀਤੇ ਜਾਣ ਅਤੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਵਿਰੁੱਧ ਜਾਗਰੂਕ ਕੀਤਾ ਜਾਵੇ। ਸ਼੍ਰੀ ਗੋਇਲ ਨੇ ਕਾਰਜ ਸਾਧਕ ਅਫਸਰਾਂ ਨੂੰ ਆਖਿਆ ਕਿ ਜ਼ਿਨ੍ਹਾਂ ਸ਼ਹਿਰਾਂ ਵਿੱਚ ਸੀਵਰੇਜ ਪਾਉਣ ਦਾ ਕੰਮ ਚੱਲ ਰਿਹਾ ਹੈ ਉਸ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਸ਼ਹਿਰਾਂ 'ਚ ਨਜਾਇਜ਼ ਕਬਜਿਆਂ ਨੂੰ ਹਟਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਆਖਿਆ ਕਿ ਸ਼ਹਿਰਾਂ ਵਿੱਚ ਆਵਾਰਾ ਕੁੱਤਿਆਂ ਅਤੇ ਲਾਵਾਰਸ ਪਸ਼ੂਆਂ ਦਾ ਡਾਟਾ ਵੀ ਤਿਆਰ ਕੀਤਾ ਜਾਵੇ ਤਾਂ ਜੋ ਇਸ ਸਮੱਸਿਆ 'ਤੇ ਕਾਬੂ ਪਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਸ਼ਹਿਰਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਸਫਾਈ ਸਬੰਧੀ ਜਾਗਰੂਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਬੂਟੇ ਲਗਾਏ ਜਾ ਰਹੇ ਹਨ ਅਤੇ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਏ ਜਾਣਗੇ। ਉਨ੍ਹਾਂ ਇਸ ਟੀਚੇ ਨੂੰ ਪੂਰਾ ਕਰਨ ਲਈ ਵਿਭਾਗੀ ਤਾਲਮੇਲ ਕਰਨ ਦੀ ਹਦਾਇਤ ਵੀ ਕੀਤੀ।ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦਾ ਛੇਤੀ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਨੂੰ ਆਖਿਆ ਕਿ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਇਸ ਮੌਕੇ ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਰਤੀ ਕਾਮਿਆਂ ਨੂੰ ਪੰਜਾਬ ਲੇਬਰ ਐਂਡ ਅਦਰ ਕੰਸਟ੍ਰਕਸ਼ਨ ਵਰਕਰ ਵੈਲਫੇਅਰ ਬੋਰਡ ਨਾਲ ਰਜਿਸਟਰੇਸ਼ਨ ਕਰਾਉਣ ਲਈ ਕਿਰਤੀ ਕਾਮਿਆਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਰਤੀ ਕਾਮੇ ਪੰਜਾਬ ਲੇਬਰ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਹ ਲੈ ਸਕਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰ ਸਿੰਘ ਸੰਧੂ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਐਸ. ਡੀ.ਐਮ. ਬਸੀ ਪਠਾਣਾ ਸ਼੍ਰੀ ਜਗਦੀਸ਼ ਸਿੰਘ ਜੋਹਲ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਚਰਨਜੀਤ ਸਿੰਘ, ਡੀ.ਡੀ.ਪੀ.ਓ. ਰਵਿੰਦਰ ਸਿੰਘ ਸੰਧੂ, ਡੀ.ਐਫ.ਐਸ.ਸੀ. ਸ਼੍ਰੀਮਤੀ ਹਰਜੀਤ ਕੌਰ ਤੋਂ ਇਲਾਵਾ ਸਮੂਹ ਕਾਰਜ ਸਾਧਕ ਅਫਸਰ, ਬੀ.ਡੀ.ਪੀ.ਓਜ਼ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।