5 Dariya News

ਮੁੱਖ ਸਕੱਤਰ ਵੱਲੋ ਦੋ-ਰੋਜ਼ਾ ਵਰਕਸ਼ਾਪ ਦਾ ਉਦਘਾਟਨ

5 Dariya News

ਮੁਹਾਲੀ 10-Jun-2019

ਸੂਬੇ ਦੇ ਨਾਗਰਿਕਾਂ ਨੂੰ ਸਮਾਜਿਕ ਤੇ ਆਰਥਿਕ ਲਾਭ ਬਿਹਤਰੀਨ ਢੰਗ ਨਾਲ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਇੰਡੀਅਨ ਬਿਜ਼ਨੈਸ ਸਕੂਲ, ਮੁਹਾਲੀ ਵਿੱਚ ਅਫ਼ਸਰਾਂ ਲਈ ਦੋ-ਰੋਜ਼ਾ ਵਰਕਸ਼ਾਪ ਕਰਾਈ ਗਈ। ਸੂਬੇ ਦੇ ਵੱਖ ਵੱਖ ਵਿਭਾਗਾਂ ਵਿੱਚ ਹੋਰ ਬਿਹਤਰ ਤਾਲਮੇਲ ਬਣਾ ਕੇ ਤਰਜੀਹਾਂ ਨਿਰਧਾਰਤ ਕਰਨ ਲਈ ਪੰਜਾਬ ਦੇ ਯੋਜਨਾ ਵਿਭਾਗ ਵੱਲੋਂ ਇਹ ਵਰਕਸ਼ਾਪ ਕਰਾਈ ਜਾ ਰਹੀ ਹੈ। ਇਸ ਵਰਕਸ਼ਾਪ ਦਾ ਉਦਘਾਟਨ ਸੂਬੇ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਖੇਤੀਬਾੜੀ, ਸਿਹਤ ਅਤੇ ਕਾਨੂੰਨ ਵਿਵਸਥਾ ਸੂਬੇ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਤਰ੍ਹਾਂ ਦੇ ਸਿਖਲਾਈ ਪ੍ਰੋਗਰਾਮ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸਾਡੇ ਵਿਹਾਰ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਬਲਕਿ ਇਹ ਸਿਖਲਾਈ ਪ੍ਰੋਗਰਾਮ ਜਨਤਕ ਭਲਾਈ ਸਕੀਮਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋ ਸਕਦੇ ਹਨ।ਜ਼ਿਕਰਯੋਗ ਹੈ ਕਿ ਦੋ ਦਿਨਾਂ ਇਸ ਵਰਕਸ਼ਾਪ ਵਿਚ ਵੱਖ-ਵੱਖ ਵਿਸ਼ਿਆਂ ਸਬੰਧੀ ਸੈਸ਼ਨ ਰੱਖੇ ਗਏ ਹਨ ਜਿਸ ਵਿਚ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ।ਇਸ ਮੌਕੇ ਯੋਜਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪਾਲ ਸਿੰਘ, ਯੋਜਨਾ ਵਿਭਾਗ ਦੇ ਵਿਸ਼ੇਸ਼ ਸਕੱਤਰ ਦਲਜੀਤ ਸਿੰਘ ਮਾਂਗਟ, ਵਿਭਾਗ ਦੇ ਡਾਇਰੈਕਟਰ ਸੁਮਿਤ ਚੋਪੜਾ ਅਤੇ ਡਾ. ਪਵਨ ਮਾਮੀਦੀ ਹਾਜ਼ਰ ਸਨ।