ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤੇ ਕਿਡਜ਼ ਕੇਅਰ ਰੂਮ ਦਾ ਡੀਸੀ ਨੇ ਕੀਤਾ ਉਦਘਾਟਨ
ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਬੱਚਿਆਂ ਦੀ ਸਾਂਭ-ਸੰਭਾਲ ਲਈ ਆ ਰਹੀਆਂ ਮੁਸ਼ਕਿਲਾਂ ਤੋਂ ਨਿਜ਼ਾਤ ਦਿਵਾਉਣ ਲਈ ਬਣਾਇਆ ਗਿਆ ਕਿਡਜ਼ ਕੇਅਰ ਰੂਮ : ਡਿਪਟੀ ਕਮਿਸ਼ਨਰ
5 Dariya News
ਮਾਨਸਾ 11-Jul-2019
ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਵਿਖੇ ਡਿਊਟੀ ਨਿਭਾਅ ਰਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਬੱਚਿਆਂ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ 'ਤੇ ਇੱਕ ਕਿਡਜ਼ ਕੇਅਰ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਉਦਘਾਟਨ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਕਿਹਾ ਕਿ ਇਸ ਕੰਪਲੈਕਸ ਵਿਖੇ ਕਈ ਅਧਿਕਾਰੀ ਅਤੇ ਕਰਮਚਾਰੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਵਿੱਚੋਂ ਕਈਆਂ ਦੇ ਬੱਚੇ ਕਾਫ਼ੀ ਛੋਟੀ ਉਮਰ ਦੇ ਹਨ ਅਤੇ ਜਿਨ੍ਹਾਂ ਦਾ ਖ਼ਿਆਲ ਰੱਖਣ ਵਾਲਾ ਘਰ ਵਿੱਚ ਕੋਈ ਵੀ ਵਿਅਕਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਮੁਲਾਜ਼ਮਾਂ ਨੂੰ ਬੱਚਿਆਂ ਨੂੰ ਸੰਭਾਲਣ ਪ੍ਰਤੀ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਕਮਰੇ ਵਿੱਚ ਬੱਚਿਆਂ ਦੇ ਖੇਡਣ ਲਈ ਝੂਲੇ, ਖਿਡੋਣੇ, ਜਿਨ੍ਹਾਂ ਵਿੱਚ ਵਿੱਦਿਅਕ ਖਿਡੌਣੇ ਵੀ ਸ਼ਾਮਿਲ ਹਨ, ਰੱਖੇ ਗਏ ਹਨ, ਤਾਂ ਜੋ ਬੱਚੇ ਇੱਥੇ ਖੇਡਣ ਦੇ ਨਾਲ-ਨਾਲ ਕੁਝ ਸਿੱਖ ਵੀ ਸਕਣ। ਸਹਾਇਕ ਕਮਿਸ਼ਨਰ ਸ਼੍ਰੀ ਨਵਦੀਪ ਕੁਮਾਰ ਨੇ ਹੋਰ ਦੱਸਿਆ ਕਿ ਇੱਥੇ ਜਲਦੀ ਹੀ ਇੱਕ ਅਲਮਾਰੀ ਅਤੇ ਬੱਚਿਆਂ ਲਈ ਹੋਰ ਖਿਡੌਣਿਆਂ ਦਾ ਪ੍ਰਬੰਧ ਕੀਤਾ ਜਾਵੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸ਼ਰ ਸ਼੍ਰੀਮਤੀ ਅਵਿਨਾਸ਼ ਕੌਰ ਮੌਜੂਦ ਸਨ।