5 Dariya News

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੋਡੀਪੁਰਾ ਦੇ ਸਰਕਾਰੀ ਸਕੂਲ ਵਿਚ ਲਗਾਏ ਪੌਦੇ

ਮਾਲ ਮੰਤਰੀ ਸ਼੍ਰੀ ਕਾਂਗੜ ਵਲੋਂ ਸਕੂਲੀ ਵਿਦਿਆਰਥਣਾਂ ਨੂੰ ਵੰਡੇ ਸਾਈਕਲ

5 Dariya News

ਬਠਿੰਡਾ 29-Jul-2019

ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਪੌਦੇ ਪ੍ਰਤੀ ਪਿੰਡ 'ਚ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਮਾਲ ਵਿਭਾਗ ਦੇ ਮੰਤਰੀ ਗੁਰਪੀ੍ਰਤ ਸਿੰਘ ਕਾਂਗੜ ਵਲੋਂ ਪਿੰਡ ਭੋਡੀਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬੂਟਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼੍ਰੀ ਕਾਂਗੜ ਵਲੋਂ ਗਿਆਰਵੀਂ ਅਤੇ ਬਾਰਵੀਂ ਜਮਾਤ ਦੀਆਂ ਲੋੜਵੰਦ ਸਕੂਲੀ ਵਿਦਿਆਰਥਣਾਂ ਨੂੰ 38 ਸਾਈਕਲ ਵੀ ਮੁਹੱਈਆ ਕਰਵਾਏ ਗਏ। ਇਸ ਮੌਕੇ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਵੰਬਰ ਮਹੀਨੇ ਵਿਚ ਮਨਾਏ ਜਾਣ ਵਾਲੇ 550 ਸਾਲਾਂ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਜ਼ਿਲ੍ਹੇ ਦੇ 219 ਪਿੰਡਾਂ ਵਿਚ 550-550 ਬੂਟੇ ਲਗਾਉਣ ਦਾ ਟੀਚਾ ਅਗਸਤ ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ਨੂੰ ਮੁੱਖ ਰੱਖਦਿਆਂ ਪਿੰਡਾਂ ਵਿਚ ਪੌਦੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਸਮਾਗਮ ਮੌਕੇ ਸ਼੍ਰੀ ਕਾਂਗੜ ਨੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਹਰੇਕ ਵਿਦਿਆਰਥੀ 10-10 ਬੂਟੇ ਲਗਾਵੇ ਤਾਂ ਜੋ ਵਾਤਵਰਣ ਦੀ ਸ਼ੁੱਧਤਾ ਬਣਾਉਣ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਸਕੂਲੀ ਬੱਚਿਆਂ ਨੂੰ ਕਿਹਾ ਕਿ ਉਹ ਆਪਣੇ ਦੋਸਤਾਂ ਅਤੇ ਸਕੇ ਸਬੰਧੀਆਂ ਨੂੰ ਬੂਟੇ ਲਗਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਜ਼ਿਲ੍ਹੇ ਨੂੰ ਹੀ ਨਹੀਂ ਬਲਕਿ ਪੂਰੇ ਸੂਬੇ ਨੂੰ ਮੁੜ ਹਰਿਆ-ਭਰਿਆ ਬਣਾਇਆ ਜਾ ਸਕੇ। ਭੋਡੀਪੁਰਾ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਮ੍ਰਿਤਪਾਲ ਸਿੰਘ ਭੱਟੀ ਨੇ ਬੱਚਿਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਪੌਦਿਆਂ ਦਾ ਮਨੁੱਖੀ ਜੀਵਨ ਵਿਚ ਬਹੁਤ ਅਹਿਮ ਰੋਲ ਹੈ। ਉਨ੍ਹਾਂ ਦੱਸਿਆ ਕਿ ਪੌਦੇ ਸਾਨੂੰ ਆਕਸੀਜਨ ਪ੍ਰਦਾਨ ਕਰਦੇ ਹਨ ਅਤੇ ਵਾਤਾਵਰਣ ਨੂੰ ਸਾਫ਼ ਸੁੱਥਰਾ ਰੱਖਣ ਵਿਚ ਸਹਾਈ ਹੁੰਦੇ ਹਨ। ਇਸ ਦੌਰਾਨ ਸਕੂਲ ਵਿਚ ਛਾਂਦਾਰ ਬੂਟੇ ਬਰਮਾ ਡੇਕਾਂ, ਬੋਹੜ, ਨਿੰਮ ਆਦਿ ਪੌਦੇ ਲਗਾਏ ਗਏ।ਇਸ ਮੌਕੇ ਪਿੰਡ ਕੋਰ ਸਿੰਘ ਵਾਲਾ ਅਤੇ ਹਾਕਮ ਸਿੰਘ ਵਾਲਾ ਦੀ ਪੰਚਾਇਤ ਅਤੇ ਪਿੰਡ ਦੇ ਮੋਹਤਵਾਰ ਆਦਿ ਹਾਜ਼ਰ ਸਨ।