ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਮਿਲੇਗਾ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ-ਪਰਮਿੰਦਰ ਸਿੰਘ ਪਿੰਕੀ
ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਕੀਤਾ ਗਿਆ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਉਦਘਾਟਨ
5 Dariya News
ਫਿਰੋਜ਼ਪੁਰ 20-Aug-2019
ਸਰਕਾਰ ਵੱਲੋਂ ਰਾਜ ਦੇ 43 ਲੱਖ ਪਰਿਵਾਰਾਂ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਯੋਗ ਲਾਭਪਾਤਰੀਆਂ ਲਈ 5 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦਾ ਸੁਨਹਿਰਾ ਮੌਕਾ ਲੈ ਕੇ ਆਈ ਹੈ। ਇਹ ਪ੍ਰਗਟਾਵਾ ਮੁੱਖ ਮਹਿਮਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਉਦਘਾਟਨੀ ਸਮਾਰੋਹ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਸ੍ਰੀ. ਸੁਮੇਰ ਸਿੰਘ ਗੁਰਜਰ ਅਤੇ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਸਮੂਹ ਹਾਜ਼ਰੀਨ ਨੂੰ ਦੱਸਿਆ ਕਿ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ 43 ਲੱਖ ਪਰਿਵਾਰਾਂ ਨੂੰ ਲਾਭ ਦਿੱਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਦਾ ਇਸ ਸਕੀਮ ਦਾ ਈ-ਕਾਰਡ ਬਣਿਆ ਹੋਵੇਗਾ ਉਸ ਲਾਭਪਾਤਰੀ ਨੂੰ ਪੰਜੀਕ੍ਰਿਤ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ 5 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਵੇਗੀ। ਇਹ ਕਾਰਡ ਜ਼ਿਲ੍ਹੇ ਦੇ ਹਰੇਕ ਸਰਕਾਰੀ ਹਸਪਤਾਲ ਵਿੱਚ ਮੁਫਤ ਬਣੇਗਾ ਅਤੇ ਜਿਲ੍ਹੇ ਦੇ 121 ਕਾਮਨ ਸਰਵਿਸ ਸੈਟਰਾਂ ਵਿੱਚ ਇਹ ਈ ਕਾਰਡ ਨਿਰਧਾਰਿਤ ਸ਼ਰਤਾ ਪੂਰੀਆਂ ਕਰਕੇ ਬਣਾਇਆ ਜਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਇਸ ਸਕੀਮ ਤਹਿਤ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਦੇ ਲਗਭਗ 50 ਹਜ਼ਾਰ ਈ-ਕਾਰਡ ਬਣਾਏ ਗਏ ਹਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ 1 ਲੱਖ 77 ਹਜ਼ਾਰ 734 ਪਰਿਵਾਰਾਂ ਦੇ ਈ.ਕਾਰਡ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਜਿਸ ਨਾਲ ਲੋਕਾਂ ਨੂੰ ਆਪਣਾ ਇਲਾਜ ਮੁਫਤ ਕਰਵਾਉਣ ਵਿੱਚ ਪੂਰੀ ਸੁਵਿਧਾ ਮਿਲੇਗੀ।ਕਮਿਸ਼ਨਰ ਸ੍ਰੀ. ਸੁਮੇਰ ਸਿੰਘ ਗੁਰਜਰ ਅਤੇ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਡਾਟਾ ਵਿੱਚ ਸ਼ਾਮਲ ਪਰਿਵਾਰ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਕਿਸਾਨ ਪਰਿਵਾਰ (ਜੇ-ਫਾਰਮ ਧਾਰਕ), ਉਸਾਰੀ ਭਲਾਈ ਬੋਰਡ ਅਤੇ ਪੰਜੀਕ੍ਰਿਤ ਉਸਾਰੀ ਕਾਮੇ ਲਾਭ ਲੈ ਸਕਦੇ ਹਨ। ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰਨ ਜਾਂ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿੱਚ ਅਰੋਗਿਆ ਮਿੱਤਰ ਨਾਲ ਸੰਪਰਕ ਕਰਨ।
ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕਿਹਾ ਕਿ ਉਹ ਆਪਣੇ-ਆਪਣੇ ਇਲਾਕੇ ਨੂੰ ਇਸ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਲੋਕ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਮੌਕੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਨਮ ਵਰਢੇਗੰਢ ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਯੋਗ ਲਾਭਪਾਤਰੀਆਂ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਅਧੀਨ ਆਪਣਾ ਇਲਾਜ ਸਰਕਾਰੀ ਹਸਪਤਾਲ ਅਤੇ ਪ੍ਰਾਈਵੇਟ ਹਸਪਤਾਲ ਜਿਵੇਂ ਕਿ ਅਸੀਜਾ ਅੱਖਾਂ ਦਾ ਹਸਪਤਾਲ, ਬਾਠ ਅੱਖਾਂ ਦਾ ਹਸਪਤਾਲ, ਏ.ਵਨ. ਨਾਗੀ ਹਸਪਤਾਲ ਮੁੱਦਕੀ ਵਿੱਚ ਬਿਲਕੁਲ ਮੁਫਤ ਕਰਵਾ ਸਕਦੇ ਹਨ ਅਤੇ ਅਨਿਲ ਬਾਗੀ ਹਸਪਤਾਲ, ਕਾਲੀਆਂ ਅੱਖਾਂ ਦਾ ਹਸਪਤਾਲ, ਆਸਥਾ ਹਸਪਤਾਲ ਗੁਰੂਹਰਸਹਾਏ ਅਤੇ ਓਸਨ ਹਸਪਤਾਲਾਂ ਨੂੰ ਵੀ ਜਲਦੀ ਇਸ ਸਕੀਮ ਤਹਿਤ ਪੰਜੀਕ੍ਰਿਤ ਹੋਣ ਵਾਸਤੇ ਪ੍ਰੋਸੈਸ ਵਿੱਚ ਹਨ। ਉਨ੍ਹਾਂ ਦੱਸਿਆ ਕਿ ਈ. ਕਾਰਡ ਜਾਰੀ ਕਰਾਉਣ ਲਈ ਯੋਗ ਲਾਭਪਾਤਰੀ ਕੋਲ ਆਪਣਾ ਆਧਾਰ ਕਾਰਡ, ਰਾਸ਼ਨ ਕਾਰਡ, ਵਿਅਕਤੀਗਤ ਪੈਨ ਕਾਰਡ (ਛੋਟੇ ਵਪਾਰੀਆਂ ਲਈ), ਪੰਜੀਕ੍ਰਿਤ ਕਾਰਡ (ਉਸਾਰੀ ਕਾਮਿਆਂ ਲਈ) ਦਸਤਾਵੇਜ਼ ਹੋਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਆਪਣੀ ਪਾਤਰਤਾ ਦੇਖਣ ਲਈ ਅਤੇ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ www.shapunjab.in ਅਤੇ ਟੋਲ ਫਰੀ ਹੈਲਪਲਾਈਨ ਨੰ: 104 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਅੰਤ ਵਿੱਚ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਯੋਗ ਲਾਭਪਾਤਰੀਆਂ ਨੂੰ ਈ-ਕਾਰਡ ਵੀ ਵੰਡ ਗਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਰਵਿੰਦਰਪਾਲ ਸਿੰਘ ਸੰਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰ. ਹਰਜਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਰਤਨਦੀਪ ਸੰਧੂ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਚਰਨ ਸਿੰਘ ਨਾਹਰ, ਜ਼ਿਲ੍ਹਾ ਸਿੱਖਿਆ ਅਫਸਰ ਕੁਲਵਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ. ਸੰਜੀਵ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਜਿੰਦਰ ਮਨਚੰਦਾ, ਸੀਨੀਅਰ ਮੈਡੀਕਲ ਅਫਸਰ ਡਾ. ਗੁਰਮੇਜ ਰਾਮ ਗੋਰਾਇਆ, ਜ਼ਿਲ੍ਹਾ ਸਿਹਤ ਅਫਸਰ ਡਾ. ਅਨੀਤਾ, ਜੋਨਲ ਮਲੇਰੀਆ ਅਫਸਰ ਡਾ. ਮੀਨਾਕਸ਼ੀ ਢੀਂਗੜਾ, ਫੂਡ ਸੇਫਟੀ ਅਫਸਰ ਮਨਜਿੰਦਰ ਸਿੰਘ ਢਿੱਲੋ, ਸਕੱਤਰ ਰੈੱਡ ਕਰਾਸ ਸ੍ਰੀ. ਅਸੋਕ ਬਹਿਲ, ਹਰਿੰਦਰ ਸਿੰਘ ਖੋਸਾ, ਰਾਜੀਵ ਹਾਂਡਾ, ਸੁਖਵਿੰਦਰ ਸਿੰਘ ਅਟਾਰੀ, ਪ੍ਰਿੰਸ, ਰਿਸ਼ੀ ਸ਼ਰਮਾ ਅਤੇ ਸ੍ਰੀ. ਵਿਕਾਸ ਕਾਲੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।