5 Dariya News

ਮੱਖੂ ਨੇੜਲੇ ਪਿੰਡਾਂ ਲਾਲੂਵਾਲਾ, ਜੋਗੇਵਾਲਾ ਅਤੇ ਜਮਾਲੀਵਾਲਾ ਵਿਖੇ ਲਗਾਏ ਗਏ ਮੈਡੀਕਲ ਕੈਂਪ

ਮੋਬਾਈਲ ਮੈਡੀਕਲ ਟੀਮਾਂ ਨੇ ਲੋਕਾਂ ਦੀ ਜਾਂਚ ਕਰਨ ਤੋਂ ਬਾਅਦ ਮੌਕੇ 'ਤੇ ਹੀ ਦਿੱਤੀਆਂ ਦਵਾਈਆਂ

5 Dariya News

ਫ਼ਿਰੋਜ਼ਪੁਰ 25-Aug-2019

ਜ਼ਿਲ੍ਹਾ ਫਿਰੋਜ਼ਪੁਰ ਦੇ ਸਿਹਤ ਵਿਭਾਗ ਵੱਲੋਂ ਅੱਜ ਮੱਖੂ ਨਾਲ ਨੇੜਲੇ ਪਿੰਡਾਂ ਲਾਲੂਵਾਲਾ, ਜੋਗੀਵਾਲਾ ਅਤੇ ਜਮਾਲੀਵਾਲਾ ਵਿਖੇ ਮੈਡੀਕਲ ਕੈਂਪ ਲਗਾਏ ਗਏ, ਤਾਂ ਜੋ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਅਤੇ ਇਲਾਜ ਬਿਨ੍ਹਾਂ ਦੇਰੀ ਤੋਂ ਕੀਤਾ ਜਾ ਸਕੇ।ਫਿਰੋਜ਼ਪੁਰ ਦੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਐਤਵਾਰ ਨੂੰ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਕੀਤਾ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਚੱਲ ਰਹੇ ਮੈਡੀਕਲ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ 16 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਦਿਨ ਰਾਤ ਲੋਕਾਂ ਦਾ ਇਲਾਜ ਕਰਨ ਵਿੱਚ ਜੁਟੀਆਂ ਹੋਈਆਂ ਹਨ। ਹੁਣ ਤੱਕ ਮੈਡੀਕਲ ਟੀਮਾਂ ਵੱਲੋਂ ਲਗਭਗ 500 ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।ਸਿਵਲ ਸਰਜਨ ਫਿਰੋਜ਼ਪੁਰ ਨੇ ਪਿੰਡ ਲਾਲੂਵਾਲਾ, ਜੋਗੀਵਾਲਾ ਅਤੇ ਜਮਾਲੀਵਾਲਾ ਵਿੱਚ ਲਗਾਏ ਗਏ ਮੈਡੀਕਲ ਕੈਂਪਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਮਰੀਜਾਂ ਦੀ ਜਾਂਚ ਅਤੇ ਉਨ੍ਹਾਂ ਨੂੰ ਇੱਥੇ ਦਿੱਤੀਆਂ ਜਾ ਰਹੀਆਂ ਦਵਾਈਆਂ ਬਾਰੇ ਜਾਣਕਾਰੀ ਹਾਸਲ ਕੀਤੀ। ਸਿਵਲ ਸਰਜਨ ਨੇ ਕਈ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਫੀਡਬੈਕ ਵੀ ਹਾਸਲ ਕੀਤੀ। ਡਾ. ਹਰੀ ਨਰਾਇਣ ਨੇ ਦੱਸਿਆ ਕਿ ਕੈਂਪਾਂ ਵਿੱਚ ਜ਼ਿਆਦਾਤਰ ਮਰੀਜ਼ ਗੰਦੇ ਪਾਣੀ ਨਾਲ ਚਮੜੀ ਦੀ ਲਾਗ ਦੀ ਸਮੱਸਿਆ ਨਾਲ ਆ ਰਹੇ ਹਨ, ਜਿਨ੍ਹਾਂ ਨੂੰ ਮੌਕੇ 'ਤੇ ਦਵਾਈਆਂ ਦਿੱਤੀਆਂ ਗਈਆਂ ਹਨ।ਵਰਣਨਯੋਗ ਹੈ ਕਿ ਪੂਰੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਬੰਧਨ ਲਈ 20 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿੱਥੇ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਰਹਿਣ, ਖਾਣ ਪੀਣ ਅਤੇ ਇਲਾਜ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 600 ਦੇ ਕਰੀਬ ਲੋਕਾਂ ਨੂੰ ਹੜ੍ਹ ਪ੍ਰਭਾਵਤ ਇਲਾਕਿਆਂ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਨੂੰ ਭੋਜਨ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਰਾਹਤ ਕੇਂਦਰਾਂ ਵਿਚ ਲਿਜਾਇਆ ਗਿਆ ਹੈ। ਇਸ ਤੋਂ ਇਲਾਵਾ ਮੋਬਾਈਲ ਕਿਸ਼ਤੀਆਂ ਦੀਆਂ ਟੀਮਾਂ ਪਿੰਡਾਂ 'ਚ ਜਾ ਰਹੀਆਂ ਹਨ ਅਤੇ ਲੋਕਾਂ  ਨੂੰ ਭੋਜਨ ਅਤੇ ਦਵਾਈਆਂ ਮੁਹੱਈਆ ਕਰਵਾ ਰਹੀਆਂ ਹਨ।