5 Dariya News

ਸਿੱਖਿਆ ਤੇ ਸਿਹਤ ਖੇਤਰਾਂ ’ਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਵਿਆਪਕ ਉਪਰਾਲੇ : ਸੁਖਬਿੰਦਰ ਸਿੰਘ ਸਰਕਾਰੀਆ

ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਨਵੀਂਆਂ ਗਊਸ਼ਾਲਾਵਾਂ ਬਣਾਉਣ ਲਈ ਜਲਦ ਕੀਤੀ ਜਾਵੇਗੀ ਢੁੱਕਵੀਂਆਂ ਥਾਂਵਾਂ ਦੀ ਪਛਾਣ: ਸਰਕਾਰੀਆ

5 Dariya News

ਬਰਨਾਲਾ 30-Aug-2019

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਵਰਗੇ ਬੁਨਿਆਦੀ ਖੇਤਰਾਂ ’ਚ ਸੁਧਾਰ ਲਿਆਉਣ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਮੁੱਢਲੀਆਂ ਸਹੂਲਤਾਂ ਦੀ ਗੁਣਵੱਤਾ ’ਚ ਸੁਧਾਰ ਕੀਤਾ ਜਾ ਸਕੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਰੋਤ ਮੰਤਰੀ ਪੰਜਾਬ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਦੂਸਰੀ ਮੀਟਿੰਗ ਦੀ ਚੇਅਰਮੈਨ ਵਜੋਂ ਪ੍ਰਧਾਨਗੀ ਕਰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ’ਚ ਮਿਆਰੀ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਬਰਨਾਲਾ ਜ਼ਿਲੇ ਦੀਆਂ ਸਿਹਤ ਸੰਸਥਾਵਾਂ ਦਾ ਮਿਆਰ ਉੱਚਾ ਚੁੱਕਣ ਲਈ ਵੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਟਾਫ਼ ਤੇ ਹੋਰਨਾਂ ਲੋੜਾਂ ਸਬੰਧੀ ਵਿਸਥਾਰਤ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਜ਼ਿਲੇ ’ਚ ਸਮਾਰਟ ਸਕੂਲ ਵਿਕਸਿਤ ਕਰਵਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ’ਚ ਪੜਨ ਵਾਲੇ ਵਿਦਿਆਰਥੀਆਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ।ਸ. ਸਰਕਾਰੀਆ ਨੇ ਦੱਸਿਆ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਢੁੱਕਵੀਂਆਂ ਥਾਂਵਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ ਜਿੱਥੇ ਆਵਾਰਾ ਪਸ਼ੂ ਸੰਭਾਲਣ ਲਈ ਗਊਸ਼ਾਲਾਵਾਂ ਬਣਾਈਆਂ ਜਾ ਸਕਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਪਿੰਡਾਂ ਦੀਆਂ ਿਕ ਸੜਕਾਂ ਤੋਂ ਰੂੜੀਆਂ ਤੇ ਹੋਰ ਨਾਜਾਇਜ਼ ਕਬਜ਼ੇ ਹਟਵਾਉਣ ਲਈ ਵੀ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। 

ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਵੱਲੋਂ ਜ਼ਿਲੇ ਦੀਆਂ ਕੁਝ ਸੜਕਾਂ ਦੀ ਖਸਤਾ ਹਾਲਤ ਨਾਲ ਸਬੰਧੀ ਵੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਤੋਂ ਬਾਅਦ ਸ. ਸਰਕਾਰੀਆ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਬਰਸਾਤ ਦੇ ਦਿਨਾਂ ਤੋਂ ਬਾਅਦ ਇਨਾਂ ਦੀ ਰਿਪੇਅਰ ਕਰਨ ਲਈ ਕਿਹਾ ਗਿਆ ਹੈ। ਉਨਾਂ ਕਿਹਾ ਕਿ ਇਸਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਚਲਾਈ ਗਈ ਲੜੀ ਤੇ ਹੋਰਨਾਂ ਮੁਹਿੰਮਾਂ ਤਹਿਤ ਲਗਾਏ ਗਏ ਬੂਟਿਆਂ ਨੂੰ ਬਚਾਉਣ ਲਈ ‘ਟ੍ਰੀ ਗਾਰਡਾਂ’ ਦੀ ਲੋੜ ’ਤੇ ਵੀ ਪੰਜਾਬ ਸਰਕਾਰ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਸੂਬਾ ਪੱਧਰ ’ਤੇ ਇਸਦਾ ਹੱਲ ਕੱਢਿਆ ਜਾਵੇਗਾ।

ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਪਲੇਠੀ ਮੀਟਿੰਗ ’ਚ ਚੁੱਕੇ ਗਏ ਲਗਭਗ ਸਾਰੇ ਮਸਲਿਆਂ ਨੂੰ ਹੱਲ ਕਰਵਾ ਲਿਆ ਗਿਆ ਹੈ ਜਿਸ ’ਤੇ ਸਬੰਧਤ ਮੈਂਬਰਾਂ ਵੱਲੋਂ ਤਸੱਲੀ ਦਾ ਪ੍ਰਗਟਾਵਾ ਵੀ ਕੀਤਾ ਗਿਆ। ਉਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਮੇਟੀ ਦੇ ਮੈਂਬਰਾਂ ਵੱਲੋਂ ਇਸ ਮੀਟਿੰਗ ’ਚ ਚੁੱਕੇ ਗਏ ਮਸਲਿਆਂ ਨੂੰ ਵੀ ਗੰਭੀਰਤਾ ਨਾਲ ਹੱਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਬਰਨਾਲਾ ਵਾਸੀਆਂ ਦੀ ਹਰ ਸਮੱਸਿਆ ਦੇ ਹੱਲ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਫੌਰੀ ਕਾਰਵਾਈ ਯਕੀਨੀ ਬਣਾਈ ਜਾਂਦੀ ਹੈ। ਉਨਾਂ ਕੈਬਨਿਟ ਮੰਤਰੀ ਨੂੰ ਵਿਸ਼ਵਾਸ ਦਵਾਇਆ ਕਿ ਮੀਟਿੰਗ ’ਚ ਚੁੱਕੇ ਗਏ ਮਸਲਿਆਂ ਤੋਂ ਇਲਾਵਾ ਵੀ ਕਮੇਟੀ ਮੈਂਬਰਾਂ ਵੱਲੋਂ ਧਿਆਨ ’ਚ ਲਿਆਂਦੇ ਹਰ ਮੁੱਦੇ ਦਾ ਸਮਾਂਬੱਧ ਤਰੀਕੇ ਨਾਲ ਹੱਲ ਜ਼ਰੂਰ ਕਰਵਾਇਆ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ) ਪਰਵੀਨ ਕੁਮਾਰ, ਐਸ.ਡੀ.ਐਮ. ਬਰਨਾਲਾ ਸੰਦੀਪ ਕੁਮਾਰ, ਐਸ.ਡੀ.ਐਮ. ਤਪਾ ਕਰਨਦੀਪ ਸਿੰਘ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਐਮ.ਐਲ.ਏ. ਧੌਲਾ ਪਿਰਮਲ ਸਿੰਘ, ਐਮ.ਐਲ.ਏ. ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਸਿਵਲ ਸਰਜਨ ਡਾ. ਜੁਗਲ ਕਿਸ਼ੋਰ, ਪ੍ਰਧਾਨ ਨਗਰ ਕੌਂਸਲ ਬਰਨਾਲਾ ਸੰਜੀਵ ਸ਼ੋਰੀ, ਜਤਿੰਦਰ ਜਿੰਮੀ, ਉਜਾਗਰ ਸਿੰਘ ਬੀਹਲਾ, ਚੰਦ ਸਿੰਘ ਚੋਪੜਾ, ਡਿੰਪਲ ਉੱਪਲੀ, ਕੈਪਟਨ ਸਾਧੂ ਸਿੰਘ, ਰਛਪਾਲ ਸਿੰਘ, ਨਵਤੇਜ ਸਿੰਘ ਚੀਮਾ, ਬਲਦੇਵ ਸਿੰਘ ਭੁੱਚਰ ਅਤੇ ਹੋਰ ਕਮੇਟੀ ਮੈਂਬਰ ਤੇ ਅਧਿਕਾਰੀ ਹਾਜ਼ਰ ਸਨ।