8 ਸਿੱਖ ਕੈਦੀਆਂ ਦੀ ਰਿਹਾਈ ਦਾ ਸਵਾਗਤ, ਬਾਕੀਆਂ ਦੀ ਰਿਹਾਈ ਪ੍ਰਤੀ ਵੀ ਖੁਲਦਿਲੀ ਵਿਖਾਵੇ ਸਰਕਾਰ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਕਿਹਾ, ਦਮਦਮੀ ਟਕਸਾਲ ਸਮੇਤ ਸਿੱਖ ਜਥੇਬੰਦੀਆਂ ਵਲੋਂ ਸਮੇ ਸਮੇਂ ਕੀਤੇ ਗਏ ਵੱਡੇ ਉਪਰਾਲਿਆਂ ਦਾ ਨਿਕਲਿਆ ਚੰਗਾ ਨਤੀਜਾ।
5 Dariya News
ਮਹਿਤਾ/ਅਮ੍ਰਿਤਸਰ 29-Sep-2019
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ 9 ਸਿੱਖ ਸਿਆਸੀ ਕੈਦੀਆਂ ਨੂੰ ਵਿਸ਼ੇਸ਼ ਰਾਹਤ ਦੇਣ ਪ੍ਰਤੀ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਕਿ ਦੇਰ ਨਾਲ ਹੀ ਸਹੀ ਪਰ ਦਰੁਸਤ ਫੈਸਲਾ ਲਿਆ ਗਿਆ ਹੈ।ਉਹਨਾਂ ਕਿਹਾ ਕਿ ਦਮਦਮੀ ਟਕਸਾਲ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਦੇਸ਼ ਦੀਆਂ ਵੱਖ ਵੱਖ ਜੇਲਾਂ ਵਿਚ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਪਹਿਰਵਾਈ ਕਰਦਿਆਂ ਕੇਂਦਰ ਸਰਕਾਰ ਤੱਕ ਸਮੇਂ ਸਮੇਂ ਪਹੁੰਚ ਕਰਦੀਆਂ ਰਹੀਆਂ ਹਨ ਅਤੇ 22 ਕੈਦੀਆਂ ਪ੍ਰਤੀ ਵੇਰਵਿਆਂ ਸਹਿਤ ਸੂਚੀ ਸੌਪੀ ਤੇ ਕਈ ਵਾਰ ਭੇਜੀ ਜਾਂਦੀ ਰਹੀ ਹੈ। ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ 'ਚ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਦੀ ਤਰਫੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਦੇ ਮਦੇ ਨਜ਼ਰ ਜਿਥੇ 8 ਸਿੱਖ ਕੈਦੀਆਂ ਦੀ ਰਿਹਾਈ ਵਾਲਾ ਸ਼ਲਾਘਾਯੋਗ ਕਦਮ ਚੁਕਿਆ ਹੈ, ਉਥੇ ਇਕ ਜਿਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਫੈਸਲਾ ਲਿਆ ਹੈ, ਉਸ ਸਮੇਤ ਬਾਕੀ ਸਿੱਖ ਕੈਦੀਆਂ ਨੂੰ ਵੀ ਤੁਰੰਤ ਰਿਹਾਅ ਕਰਨ ਦਾ ਖੁਲ ਦਿਲੀ ਨਾਲ ਫੈਸਲਾ ਲਿਆ ਜਾਵੇ ਤਾਂ ਕਿ ਉਹ ਸਭ ਵੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾ ਸਕਣ। ਉਹਨਾਂ ਕਿਹਾ ਕਿ ਕੇਂਦਰ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਫੈਸਲੇ ਨੂੰ ਸਿੱਖ ਭਾਈਚਾਰੇ ਦੇ ਵੱਖ ਵੱਖ ਵਰਗਾਂ ਜਥੇਬੰਦੀਆਂ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਅਤੇ ਲਟਕ ਰਹੀ ਮੰਗ ਦੇ ਇਵਜ 'ਚ ਸਦਭਾਵਨਾ ਅਤੇ ਮਾਨਵੀ ਅਧਾਰ 'ਤੇ ਲਿਆ ਹੋਣਾ ਦਸਿਆ ਪਰ ਇਹ ਇਕ ਸਿਆਸੀ ਫੈਸਲਾ ਹੋਣ ਦੇ ਨਾਲ ਨਾਲ ਦੇਸ਼ ਦੀ ਭਾਈਚਾਰਕ ਸਾਂਝ ਪ੍ਰਤੀ ਇਕ ਚੰਗੀ ਸ਼ੁਰੂਆਤ ਵੀ ਹੈ। ਜਿਸ ਦੇ ਚੰਗੇ ਸਿੱਟੇ ਸਾਹਮਣੇ ਆਉਣਗੇ। ਸਮੂਹ ਸਿੱਖ ਕੈਦੀਆਂ ਦੀ ਰਿਹਾਈ ਵਰਗਾ ਠੋਸ ਕਦਮ ਨਿਸ਼ਚੇ ਹੀ ਪੰਜਾਬ ਅਤੇ ਸਿੱਖ ਕੌਮ ਨਾਲ ਕੇਂਦਰ ਦੀਆਂ ਕਾਂਗਰਸੀ ਸਰਕਾਰਾਂ ਵਲੋਂ ਕੀਤੇ ਜਾਂਦੇ ਗਲਤ ਵਿਵਹਾਰ ਅਤੇ ਵਿਤਕਰਿਆਂ ਕਾਰਨ ਸਿੱਖ ਕੌਮ 'ਚ ਆਈ ਬੇਗਾਨਗੀ ਦੀ ਭਾਵਨਾ ਨੂੰ ਦੂਰ ਕਰਨ ਅਤੇ ਸਿੱਖ ਕੌਮ ਦੀ ਦੇਸ਼ ਪ੍ਰਤੀ ਵਿਸ਼ਵਾਸ ਬਹਾਲੀ 'ਚ ਸਹਾਈ ਸਿੱਧ ਹੋਵੇਗੀ। ਸਿੱਖ ਕੈਦੀਆਂ ਦੀ ਰਿਹਾਈ ਦਾ ਸਵਾਗਤ ਕਰਨ ਵਾਲਿਆਂ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ, ਗਿਆਨੀ ਜੀਵਾ ਸਿੰਘ, ਜਥੇਦਾਰ ਸੁਖਦੇਵ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਵੀ ਸ਼ਾਮਿਲ ਹਨ।