5 Dariya News

ਵਿਤ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਦਾ ਲਿਆ ਅਹਿਦ

ਪਲਾਸਟਿਕ ਤੋਂ ਛੁਟਕਾਰੇ ਲਈ 30 ਹਜ਼ਾਰ ਕੱਪੜੇ ਦੇ ਝੋਲੇ ਅਤੇ 20 ਹਜ਼ਾਰ ਸਟਿੱਕਰ ਵੰਡੇ

5 Dariya News

ਬਠਿੰਡਾ 02-Oct-2019

ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ 150ਵੇਂ ਜਨਮ ਦਿਵਸ ਮੌਕੇ ਨਗਰ ਸੁਧਾਰ ਟਰਸਟ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਧਾਈ ਦਿੰਦਿਆਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਦਾ ਅਹਿਦ ਲਿਆ। ਇਸ ਮੌਕੇ ਕੱਢੇ ਗਏ ਸਾਂਤੀ ਮਾਰਚ ਨੂੰ ਸ. ਬਾਦਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਸਾਂਤੀ ਮਾਰਚ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ, ਕਰਮਚਾਰੀਆਂ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਬਠਿੰਡਾ ਸ਼ਹਿਰ ਵਾਸੀਆਂ ਅਤੇ ਸ਼ਹਿਰ ਦੇ ਵੱਖ-ਵੱਖ ਸਰਕਾਰੀ, ਮਾਨਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਹ ਸਾਂਤੀ ਮਾਰਚ ਰੋਜ਼ ਗਾਰਡਨ ਵਿਖੇ ਜਾ ਕੇ ਸਮਾਪਤ ਹੋਇਆ।ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ. ਬਾਦਲ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜੀਵਨ ਬਾਰੇ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਉਹ ਅਹਿੰਸਾ ਦੇ ਪੁਜਾਰੀ ਸਨ। ਉਨ੍ਹਾਂ ਨੇ ਮੁਲਕ ਦੀ 70ਫ਼ੀਸਦੀ ਆਬਾਦੀ ਨੂੰ ਗਰੀਬ ਦੇਖਦਿਆਂ ਹੋਇਆਂ ਸਾਰੀ ਉਮਰ ਕੁੜਤਾ ਨਹੀਂ ਪਹਿਨਿਆਂ। ਉਨ੍ਹਾ ਵਿਦਿਆਰਥੀਆਂ ਨੂੰ ਸੰਬੋਧਤ ਹੁੰਦਿਆਂ ਕਿਹਾ ਕਿ ਜਿਸ ਭਾਰਤ ਦੀ ਆਜ਼ਾਦ ਫਿਜ਼ਾ ਵਿੱਚ ਅਸੀਂ ਸਾਹ ਲੈ ਰਹੇ ਹਾਂ ਉਹ ਮਹਾਤਮਾ ਗਾਂਧੀ ਵਰਗੇ ਮਹਾਨ ਫ਼ਕੀਰਾਂ ਕਾਰਣ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜਾਤ-ਪਾਤ, ਊਚ-ਨੀਚ, ਅਮੀਰ-ਗਰੀਬ ਦੇ ਭੇਦ-ਭਾਵ ਨੂੰ ਖਤਮ ਕਰਨ ਲਈ ਹਮੇਸ਼ਾਂ ਯਤਨਸ਼ੀਲ ਰਹੇ।ਵਿੱਤ ਮੰਤਰੀ ਸ. ਬਾਦਲ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਸਬੰਧੀ ਰੋਜ਼ ਗਾਰਡਨ ਵਿਖੇ ਕਰਵਾਏ ਗਏ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੀ ਸ਼ੁਰੂਆਤ ਉਨ੍ਹਾਂ ਸਮਾ ਰੋਸ਼ਨ ਕਰਨ ਦੀ ਰਸਮ ਕਰਨ ਉਪਰੰਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਸੂਬੇ ਭਰ 'ਚ ਵੱਖ-ਵੱਖ ਸਮਾਗਮ ਕਰਕੇ ਪੰਜਾਬ ਨੂੰ ਪਲਾਸਟਿਕ ਮੁਕਤ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਮਹਾਤਮਾ ਗਾਂਧੀ ਸਾਫ਼-ਸਫ਼ਾਈ ਰੱਖਣ ਦੇ ਮੁਰੀਦ ਸਨ, ਉਸ ਤਰ੍ਹਾਂ ਸਾਨੂੰ ਉਨ੍ਹਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਸ਼ਹਿਰ ਦੀ ਸਫ਼ਾਈ ਅਤੇ ਪਲਾਸਟਿਕ ਮੁਕਤ ਕਰਨ ਦਾ ਅਹਿਦ ਲੈਣਾ ਚਾਹੀਦਾ ਹੈ।

ਇਸ ਮੌਕੇ ਵਿੱਤ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਠਿੰਡਾ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਪਲਾਸਟਿਕ ਮੁਕਤ ਕਰਨ ਲਈ 140 ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਇਸ ਦੇ ਮੱਦੇਨਜ਼ਰ ਅੱਜ ਉਨ੍ਹਾਂ ਵੱਲੋਂ ਖੁਦ ਸ਼ਹਿਰ ਦੇ ਵੱਖ-ਵੱਖ 14 ਸਥਾਨਾਂ 'ਤੇ ਜਾ ਕੇ ਇਸ ਮੁਹਿੰਮ ਵਿੱਚ ਹਿੱਸਾ ਲਿਆ ਜਾਵੇਗਾ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੂਰੀ ਦੁਨੀਆਂ ਤੋਂ ਯਾਤਰੀ ਪੰਜਾਬ ਆ ਰਹੇ ਹਨ। ਇਸ ਦੇ ਮੱਦੇਨਜ਼ਰ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪ੍ਰਹੇਜ਼ ਕਰਨ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਲਈ ਪੰਜਾਬ ਨੂੰ ਧੂੰਏ ਤੋਂ ਮੁਕਤ ਰੱਖਿਆ ਜਾ ਸਕੇ।ਮਨਪ੍ਰੀਤ ਬਾਦਲ ਨੇ ਕਿਹਾ ਕਿ ਸਾਨੂੰ ਆਪਣੀ ਧਰਤੀ ਮਾਂ ਨੂੰ ਹਜ਼ਾਰਾਂ ਸਾਲਾਂ ਲਈ ਪਲਾਸਟਿਕ ਮੁਕਤ ਕਰਨ ਲਈ ਪਲਾਸਟਿਕ ਦੀ ਥਾਂ ਲੋਕਾਂ ਨੂੰ ਖ਼ਾਦੀ ਦੇ ਕੱਪੜੇ ਦੇ ਬਣੇ ਝੋਲਿਆਂ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਪੋਲੀਥੀਨ ਦੀ ਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ। ਇਸ ਦੌਰਾਨ ਨਗਰ ਨਿਗਮ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਏ ਗਏ ਕੱਪੜੇ ਦੇ 30 ਹਜ਼ਾਰ ਝੋਲੇ ਅਤੇ 20 ਹਜ਼ਾਰ ਸਟਿੱਕਰ ਵੀ ਵੰਡੇ ਗਏ। ਇਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ, ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਕੇਵਲ ਕ੍ਰਿਸ਼ਨ ਅਗਰਵਾਲ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮ ਸਿੰਘ ਸ਼ੇਰਗਿੱਲ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਅਮਰਿੰਦਰ ਸਿੰਘ ਟਿਵਾਣਾ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਵਰਿੰਦਰ ਸਿੰਘ, ਕਾਂਗਰਸੀ ਆਗੂ ਜੈਜੀਤ ਜੌਹਲ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਮੋਹਨ ਲਾਲ ਝੂੰਬਾ, ਟਹਿਲ ਸਿੰਘ ਸੰਧੂ ਆਦਿ ਸ਼ਖਸੀਅਤਾਂ ਤੋਂ ਇਲਾਵਾ ਪ੍ਰਸ਼ਾਸ਼ਨਿਕ ਅਧਿਕਾਰੀ ਤੇ ਸਕੂਲਾਂ ਦੇ ਵਿਦਿਆਰਥੀ ਭਾਰੀ ਗਿਣਤੀ ਵਿੱਚ ਸ਼ਾਮਲ ਸਨ।