5 Dariya News

ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੀਆਂ ਮਨੁੱਖਤਾ ਲਈ ਤੇ ਕੌਮ ਵਾਸਤੇ ਕੀਤੀਆਂ ਕੁਰਬਾਨੀਆਂ ਸਾਡੇ ਸਭ ਲਈ ਪ੍ਰੇਰਨਾ ਸਰੋਤ : ਜੇ ਪੀ ਨੱਡਾ

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ ਪੀ ਨੱਡਾ ਖਾਲਸਾ ਪੰਥ ਦੇ ਜਨਮ ਅਸਥਾਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ

5 Dariya News

ਸ੍ਰੀ ਆਨੰਦਪੁਰ ਸਾਹਿਬ 07-Oct-2019

ਜੈ ਪ੍ਰਕਾਸ਼ ਨੱਡਾ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰੀ ਪ੍ਰਧਾਨ ਬਣਨ ਉਪਰੰਤ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਦੌਰੇ ਦੀ ਸ਼ੁਰੂਆਤ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕਰਮ ਭੂਮੀ ਅਤੇ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਸ਼ੋਭਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਨੁੱਖਤਾ ਦੇ ਭਲੇ, ਸੁੱਖ ਸ਼ਾਂਤੀ, ਦੇਸ਼ ਦੀ ਏਕਤ ਤੇ ਅਖੰਡਤਾ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਕਰਕੇ ਕੀਤੀ।ਭਾਜਪਾ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਡਾ ਅੱਜ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ, ਜਿਥੇ ਉਹਨਾਂ ਕੁਝ ਸਮਾਂ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਨੱਡਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ਰਧਾ ਦੇ ਨਾਲ ਨਤਮਸਤਕ ਹੋਣ ਉਪਰੰਤ ਅਰਦਾਸ ਕੀਤੀ। ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਤੇ ਨਾਲ ਆਏ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੈ ਪ੍ਰਕਾਸ਼ ਨੱਡਾ ਨੇ ਕਿਹਾ ਕਿ ਮੈਨੂੰ ਅੱਜ ਦਸਮ ਗੁਰੁ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕਰਮ ਭੂਮੀ ਤੇ ਉਨ੍ਹਾਂ ਵੱਲੋਂ ਸਾਜੇ ਖਾਲਸਾ ਪੰਥ ਦੇ ਜਨਮ ਸਥਾਨ ਤੇ ਨਤਮਸਤਕ ਹੋ ਕੇ ਸ਼ਾਂਤੀ ਤੇ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਆਕੇ ਮੇਰੀ ਰੂਹ ਤਾਜ਼ਾ ਹੋ ਗਈ ਹੈ। ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਖਾਤਰ, ਆਪਣੀ ਕੌਮ ਦੇ ਲਈ ਜਿਸ ਤਰ੍ਹਾਂ ਸਰਬੰਸ ਵਾਰ ਕੇ ਕੁਰਬਾਨੀਆਂ ਕੀਤੀਆਂ ਉਹ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਖਾਸ ਤੌਰ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ, ਸਾਬਕਾ ਸਾਂਸਦ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮੀਤ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਹਲਕਾ ਇੰਚਾਰਜ ਡਾ. ਪਰਮਿੰਦਰ ਸ਼ਰਮਾ, ਜਨਰਲ ਸਕੱਤਰ ਪ੍ਰਦੇਸ਼ ਭਾਜਪਾ ਦਿਆਲ ਸਿੰਘ ਸੋਢੀ, ਰਜੇਸ਼ ਚੌਧਰੀ, ਸਾਬਕਾ ਮੈਂਬਰ ਗੁਰਿੰਦਰ ਸਿੰਘ ਗੋਗੀ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਸੰਦੀਪ ਸਿੰਘ ਕਲੌਤਾ ਤੋਂ ਇਲਾਵਾ ਮੈਨੇਜਰ ਜਸਵੀਰ ਸਿੰਘ ਅਤੇ ਸੂਚਨਾ ਅਫਸਰ ਹਰਦੇਵ ਸਿੰਘ ਹੈਪੀ ਵੀ ਹਾਜ਼ਰ ਸਨ।