5 Dariya News

ਪੰਜਾਬ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲੜ ਰਹੀ ਹੈ : ਸੁਖਵਿੰਦਰ ਸਿੰਘ ਬਿੰਦਰਾ

ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਵਿੱਚ ਨੌਜਵਾਨਾਂ ਦਾ ਸਹਿਯੋਗ ਜ਼ਰੂਰੀ

5 Dariya News

ਐਸ. ਏ. ਐਸ. ਨਗਰ 16-Oct-2019

ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਐਸ. ਏ. ਐਸ. ਨਗਰ ਰੁਪਿੰਦਰ ਕੌਰ ਦੀ ਅਗਵਾਈ ਵਿੱਚ ਗਿਆਨ ਜੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਐਸ. ਏ. ਐਸ. ਨਗਰ ਵਿਖੇ ਰੈਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਭਰ ਦੇ ਰੈਡ ਰੀਬਨ ਕਲੱਬਾਂ ਨੇ ਹਿੱਸਾ ਲਿਆ।ਇਸ ਸੈਮੀਨਾਰ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ। ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵੱਡੀ ਗਿਣਤੀ ਨਸ਼ੇ ਦੇ ਸੌਦਾਗਰਾਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ ਅਤੇ ਨਸ਼ਿਆਂ ਵਿੱਚ ਗਲਤਾਨ ਹੋ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਜਾ ਰਿਹਾ ਹੈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਲਈ ਜਿਥੇ ਵੱਡੇ ਪੱਧਰ ਉਤੇ ਸੈਮੀਨਾਰ, ਰੈਲੀਆਂ ਅਤੇ ਹੋਰ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ ਉਥੇ ਖੇਡਾਂ ਨੂੰ ਵੀ ਉਤਸ਼ਾਹਤ ਕੀਤਾ ਜਾ ਰਿਹਾ ਹੈ।ਉਨ੍ਹਾਂ ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੀਆਂ ਗਤੀਵਿਧੀਆਂ ਉਤੇ ਚਾਨਣਾ ਪਾਉਂਦਿਆਂ ਕਿਹਾ ਕਿ ਨਵੇਂ ਯੂਥ ਕਲੱਬਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਗੈਰ ਸਰਗਰਮ ਯੂਥ ਕਲੱਬਾਂ ਨੂੰ ਸੁਰਜੀਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਅਤੇ ਤੰਦਰੁਸਤ ਬਣਾਉਣ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ। ਇਸ ਦੌਰਾਨ ਹਾਜ਼ਰੀਨ ਵੱਲੋਂ ਕਈ ਸਵਾਲ ਵੀ ਪੁੱਛੇ ਗਏ, ਜਿਨ੍ਹਾਂ ਦੇ ਚੇਅਰਮੈਨ ਸ੍ਰੀ ਬਿੰਦਰਾ ਨੇ ਤਸੱਲੀਬਖਸ਼ ਜਵਾਬ ਦਿੱਤੇ।

ਇਸ ਤੋਂ ਪਹਿਲਾਂ ਰਿਸੋਰਸ ਪਰਸਨ ਡਾ. ਗੁਰਮੁੱਖ ਸਿੰਘ ਸਿਹਤ ਵਿਭਾਗ, ਪੰਜਾਬ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਐਸ. ਏ. ਐਸ. ਨਗਰ, ਡਾ. ਰਾਕੇਸ਼ ਸਿੰਗਲਾ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸੁਚੇਤ ਕਰਦਿਆਂ ਦੱਸਿਆ ਕਿ ਕਿਵੇਂ ਨਸ਼ਾ ਵਿਅਕਤੀ ਨੂੰ ਆਪਣਾ ਗੁਲਾਮ ਬਣਾ ਲੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਆਪਣੇ ਆਲੇ-ਦੁਆਲੇ ਕੋਈ ਨਸ਼ੇ ਤੋਂ ਪੀੜਤ ਮਰੀਜ਼ ਮਿਲਦਾ ਹੈ ਤਾਂ ਉਸਦੀ ਨਸ਼ਾ ਮੁਕਤੀ ਵਿੱਚ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਬ੍ਰਹਮ ਕੁਮਾਰੀ ਭੈਣ ਬੀ. ਕੇ. ਮੀਨਾ ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਪਨਾਉਣ ਲਈ ਪ੍ਰੇਰਿਆ।  ਇਸ ਦੌਰਾਨ ਤੰਦਰੁਸਤ ਪੰਜਾਬ/ਤੰਦਰੁਸਤ ਨੌਜਵਾਨ, ਐਚ. ਆਈ. ਵੀ. /ਏਡਜ਼ ਅਤੇ ਐਂਟੀ ਡਰੱਗ ਵਿਸ਼ੇ ਉਤੇ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਗਿਆਨ ਜੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਲਕਸ਼ਮੀ ਨੇ ਪਹਿਲਾ, ਸ਼ਿਵਾਲਿਕ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਰਿਸਰਚ ਦੀ ਚਿਤਰਾ ਕੁਮਾਰੀ ਨੇ ਦੂਜਾ ਅਤੇ ਸਰਕਾਰੀ ਕਾਲਜ ਡੇਰਾਬੱਸੀ ਦੀ ਨੇਹਾ ਨੇ ਤੀਜਾ ਸਥਾਨ ਹਾਸਲ ਕੀਤਾ। ਮਹਿਮਾਨਾਂ ਵੱਲੋਂ ਜੇਤੂਆਂ ਦਾ ਸਰਟੀਫਿਕੇਟਾਂ ਅਤੇ ਮੈਡਲਾਂ ਨਾਲ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਤਜਿੰਦਰ ਕੌਰ ਅਤੇ ਗਿਆਨ ਜੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਨਿਸ਼ੂ ਨੂੰ ਹੌਸਲਾ ਵਧਾਊ ਇਨਾਮ ਦਿੱਤੇ ਗਏ। ਪੋਸਟਰ ਮੇਕਿੰਗ ਮੁਕਾਬਲੇ ਦੇ ਜੱਜਾਂ ਦੀ ਭੁਮਿਕਾ ਸ੍ਰੀ ਰਾਹੁਲ ਧੀਮਾਨ ਅਤੇ ਸ਼੍ਰੀਵਾਂਸ਼ ਸੋਹੀ ਸਹਾਇਕ ਪ੍ਰੋਫੈਸਰ ਆਰਟ ਕਾਲਜ ਚੰਡੀਗੜ੍ਹ ਨੇ ਨਿਭਾਈ।ਇਸ ਮੌਕੇ ਯੁਵਕ ਸੇਵਾਵਾਂ ਕਲੱਬ ਫੇਜ਼-11 ਮੁਹਾਲੀ, ਸ਼ਹੀਦ ਭਗਤ ਸਿੰਘ ਕਲੱਬ, ਮੁਹਾਲੀ, ਯੁਵਕ ਸੇਵਾਵਾਂ ਕਲੱਬ ਦੇਹ ਕਲਾਂ ਅਤੇ ਡਾਰ ਕਲੱਬ 3ਬੀ2 ਮੁਹਾਲੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਅਤੇ ਪਤਵੰਤੇ ਸੱਜਣ ਮੌਜੂਦ ਸਨ।