5 Dariya News

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ

5 Dariya News

ਖਰੜ 18-Oct-2019

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ 'ਗੁਰੂ ਨਾਨਕ ਬਾਣੀ-ਸਰਬਕਾਲੀ ਪਰਿਪੇਖ' ਦਾ ਆਯੋਜਨ ਕੀਤਾ ਗਿਆ।ਸ਼੍ਰੀ ਅਕਾਲ ਤਖਤ ਅੰਮ੍ਰਿਤਸਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਦਿਨ੍ਹਾਂ ਸਮਾਗਮ ਦੌਰਾਨ ਰੱਖੇ ਇਕ ਸੈਮੀਨਾਰ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜਿਕ ਵਿਤਕਰੇ ਦੀ ਵਿਰੋਧਤਾ ਕਰਦੇ ਹੋਏ ਸਮਾਜ ਵਿੱਚ ਏਕਤਾ ਅਤੇ ਇਕਜੁੱਟਤਾ ਦਾ ਹੌਕਾ ਦਿੱਤਾ। ਉਨ੍ਹਾਂ ਸਮੁੱਚੀ ਮਨੁੱਖਤਾ ਦੇ ਕਲਿਆਣ ਅਤੇ ਭਲਾਈ ਲਈ ਨਾਮ ਜਪਣ ਅਤੇ ਗੁਰਬਾਣੀ ਦੇ ਲੜ ਲੱਗਕੇ ਆਪਣਾ ਜੀਵਨ ਸੁਹੇਲਾ ਕਰਨ ਲਈ ਸਮਾਜ ਨੂੰ ਪ੍ਰੇਰਿਤ ਕੀਤਾ।ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਰੱਖੇ ਇਸ ਸੈਮੀਨਾਰ ਦੌਰਾਨ ਭਾਈ ਮਲਕੀਤ ਸਿੰਘ ਨੇ ਦੱਸਿਆ ਕਿ ਬਾਬੇ ਨਾਨਕ ਦੀ ਸਰਬਸਾਂਝੀ ਬਾਣੀ ਹਰ ਧਰਮ ਲਈ ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦੀ ਪ੍ਰਤੀਕ ਹੈ,ਜਿਸ ਵਿੱਚ ਮਰਦ ਅਤੇ ਔਰਤ ਨੂੰ ਬਰਾਬਰ ਦੱਸਿਆ ਗਿਆ ਹੈ। 'ਸੋ ਕਿਉਂ ਮੰਦਾ ਆਖੀਐ, ਜਿੱਤ ਜੰਮੈ ਰਾਜਾਨ' ਦੇ ਵਾਕਾਂ ਰਾਹੀਂ ਵੀ ਗੁਰੂ ਨਾਨਕ ਦੇਵ ਜੀ ਨੇ ਇਸਤਰੀ ਦੀ ਮਹਾਨਤਾ ਨੂੰ ਉਜਾਗਰ ਕੀਤਾ ਹੈ।ਇਸ ਤੋਂ ਇਲਾਵਾ ਵਿਸ਼ੇਸ਼ ਵਕਤਾ ਦੇ ਤੌਰ 'ਤੇ ਹਾਜਰ ਹੋਏ ਸ. ਬਲਵਿੰਦਰ ਸਿੰਘ ਜੌੜਾਸਿੰਘਾ  ਅਤੇ ਡਾ. ਮਨਮੋਹਨ ਸਿੰਘ ਨੇ ਸੈਮੀਨਾਰ ਵਿੱਚ ਬੋਲਦਿਆਂ ਕਿਹਾ ਕਿ ਗੁਰੂ ਜੀ ਨੇ ਕਿਰਤ ਕਰੋ, ਵੰਡ ਛਕੋ” (ਰੋਟੀ ਕਮਾਉਣ ਲਈ ਕੁਝ ਕੰਮ ਕਰੋ ਅਤੇ ਲੋੜਵੰਦਾਂ ਵਿੱਚ ਆਪਣੀ ਕਮਾਈ ਸਾਂਝੀ ਕਰੋ) ਦਾ ਪ੍ਰਚਾਰ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣਾ, ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਅਤੇ ਉਨ੍ਹਾਂ ਦੀਆਂ ਧਾਰਨਾਵਾਂ ਨੂੰ ਮੰਨਣਾ ਸਮੇਂ ਦੀ ਲੋੜ ਹੈ।ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਦਲਜੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸੱਚ ਦੇ ਰਾਹ 'ਤੇ ਚੱਲਦਿਆਂ ਗੁਰਬਾਣੀ ਨਾਲ ਜੁੜਨ ਅਤੇ ਅਸਲ ਅਰਥਾਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ।ਇਸ ਤੋਂ ਪਹਿਲਾਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਸੈਮੀਨਾਰ ਵਿੱਚ ਬੁਲਾਰਿਆਂ ਦਾ ਸਵਾਗਤ ਕੀਤਾ। ਇਸੇ ਸਬੰਧ ਵਿੱਚ ਸਮਾਰੋਹ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸ਼ਾਹਿਬ ਦੇ ਭੋਗ ਆਰੰਭ ਕਰਵਾਏ ਗਏ ਅਤੇ ਅੱਜ ਭੋਗ ਪਾਏ ਗਏ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਭਾਈ ਸਾਹਿਬ ਭਾਈ ਗੁਰਦੇਵ ਸਿੰਘ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਸ਼੍ਰੀ ਫਤਿਹਗੜ੍ਹ ਸਾਹਿਬ ਵੱਲੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।  ਇਸ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।