5 Dariya News

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਤੇ ਚੁਕਾਈ ਦੇ ਨਾਲ ਨਾਲ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਦੀਆਂ ਹਦਾਇਤਾਂ

ਜਲੰਧਰ 'ਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ

5 Dariya News

ਜਲੰਧਰ 18-Oct-2019

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਜਲੰਧਰ ਨੂੰ  ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਦੇ ਨਾਲ ਨਾਲ ਕਿਸਾਨਾਂ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ।ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਜਿਣਸ ਦਾ ਇਕ ਇਕ ਦਾਣਾ ਖ਼ਰੀਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਮੰਡੀਆਂ ਵਿਚੋਂ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਪਣੀ ਫ਼ਸਲ ਵੇਚਣ ਲਈ ਮੰਡੀ ਆਉਣ ਵਾਲੇ ਕਿਸਾਨਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੌਸਮ ਨੂੰ ਦੇਖਦੇ ਹੋਏ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੌਸਮ ਦੀ ਤਬਦੀਲੀ ਨੂੰ ਦੇਖਦੇ ਹੋਏ ਮੰਡੀਆਂ ਵਿੱਚ ਖ਼ਰੀਦ ਕੀਤੇ ਗਏ ਝੋਨੇ ਦੀ ਸੁਰੱਖਿਆ ਅਤੇ ਸੰਭਾਲ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾਲ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਖੇਤੀਬਾੜੀ ਵਿਭਾਗ ਨਾਲ ਮਿਲ ਕਿ ਇਸ ਗੰਭੀਰ ਮੁੱਦੇ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਇਨ ਸਿਟੂ ਪ੍ਰਬੰਧਨ ਤਹਿਤ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਅਤਿ ਆਧੁਨਿਕ ਖੇਤੀ ਸੰਦਾਂ ਦੀ ਵੰਡ ਕਰਨੀ ਚਾਹੀਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ 15 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਏ ਝੋਨੇ ਵਿਚੋਂ 1.95 ਲੱਖ ਮੀਟਰਿਕ ਟਨ ਝੋਨੇ ਵਿਚੋਂ 1.87 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਖ਼ਰੀਦੇ ਝੋਨੇ ਦੀ ਚੁਕਾਈ ਨੂੰ ਹੋਰ ਤੇਜ਼ ਕੀਤਾ ਗਿਆ ਹੈ ਅਤੇ ਕਿਸਾਨਾਂ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਇਆ ਗਿਆ ਹੈ। ਸ੍ਰੀ ਸ਼ਰਮਾ ਨੇ ਮੁੱਖ ਮੰਤਰੀ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸਾਸਨ ਵਲੋਂ ਕਿਸਾਨਾਂ ਦੇ ਝੋਨੇ ਦੀ ਸਮੇਂ ਸਿਰ ਨਿਰਵਿਘਨ ਖਰੀਦ ਦੇ ਚੁਕਾਈ ਦੇ ਨਾਲ ਨਾਲ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੋ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਚੌਧਰੀ ਸੁਰਿੰਦਰ ਸਿੰਘ ਚੇਅਰਮੈਨ ਪਨਸਪ ਤੇਜਿੰਦਰ ਸਿੰਘ ਬਿੱਟੂ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਨਵਜੋਤ ਸਿੰਘ ਮਾਹਲ ਅਤੇ ਹੋਰ ਵੀ ਹਾਜ਼ਰ ਸਨ।