5 Dariya News

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਰਵਾਨਾ

ਕਿਹਾ ਪਰਾਲੀ ਦੀ ਸੁਚੱਜੀ ਸੰਭਾਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ

5 Dariya News

ਜਲੰਧਰ 18-Oct-2019

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਪ੍ਰਤੀ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਛੇ ਅਤਿ ਆਧੁਨਿਕ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਨਾਂ ਪ੍ਰਚਾਰ ਵੈਨਾਂ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾਵੇਗਾ।ਖੇਤਬਾੜੀ ਅਤੇ ਕਿਸਾਨ ਭਲਾਈ ਦਫ਼ਤਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ ਪੈਦਾ ਹੁੰਦੀਆਂ ਜ਼ਹਿਰੀਲੀਆਂ ਗੈਸਾਂ ਜੋ ਮਨੁੱਖੀ ਸਿਹਤ ਅਤੇ ਵਾਤਾਵਰਣ ਲਈ ਬਹੁਤ ਨੁਕਸਾਨਦਾਇਕ ਹਨ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਅਤਿ ਆਧੁਨਿਕ ਜਾਗਰੂਕਤਾ ਵੈਨਾਂ ਜਿਨਾਂ ਵਿੱਚ ਆਡੀਓ-ਵੀਡੀਓ ਪ੍ਰਣਾਲੀ ਲਗਾਈ ਗਈ ਹੈ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਦੀ ਲੋੜ ਬਾਰੇ ਜਾਗਰੂਕ ਕਰਨਗੀਆਂ।  ਉਨ੍ਹਾ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਨਿਪਟਾਰਾ ਕਰਨਾ ਭੂਮੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਜਾਗਰੂਕਤਾ ਵੈਨਾਂ ਵਲੋਂ ਆਡੀਓ-ਵੀਡੀਓ ਪ੍ਰਣਾਲੀ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਤੋਂ ਇਲਾਵਾ ਪੈਂਫਲੇਟ ਅਤੇ ਪੋਸਟਰ ਵੰਡ ਕੇ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਛੱਡ ਕੇ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨਾਂ ਨੂੰ ਸੱਚਾ ਸਜਦਾ ਕਰ ਸਕਦੇ ਹਾਂ ਜੋ ਕਿ ਆਪ ਖੁਦ ਕੁਦਰਤੀ ਦੇ ਬਹੁਤ ਵੱਡੇ ਪ੍ਰੇਮੀ ਸਨ ਅਤੇ ਉਨਾਂ ਵਲੋਂ ' ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ' ਦੇ ਦਿੱਤੇ ਗਏ ਸੰਦੇਸ਼ 'ਤੇ ਚਲਦਿਆਂ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆਂ ਅਤੇ ਇਸ ਵਿੱਚ ਸੰਤੁਲਿਤ ਲਈ ਪੌਦੇ ਲਗਾਉਣੇ ਚਾਹੀਦੇ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਝੋਨੇ ਦੀ ਪਰਾਲੀ ਦਾ ਅਸਰਦਾਰ ਢੰਗ ਨਾਲ ਨਿਪਟਾਰਾ ਕਰਨ ਲਈ ਅਤਿ ਆਧੁਨਿਕ ਖੇਤੀ ਸੰਦਾਂ 'ਤੇ ਵੱਡੀਆਂ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਜਿਥੇ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕਦਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਸਾਰੇ ਪੌਸ਼ਟਿਕ ਅਤੇ ਸੂਖਮ ਤੱਤ ਨਸ਼ਟ ਹੋ ਜਾਂਦੇ ਹਨ । ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਰਲਾਉਣ ਨਾਲ ਜਿਥੇ ਭੂਮੀ ਦੀ ਉਪਰਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਖੇਤੀ ਲਾਗਤਾਂ ਵਿੱਚ ਵੀ ਕਮੀ ਆਉਂਦੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ.ਨਾਜ਼ਰ ਸਿੰਘ ਅਤੇ ਖੇਤੀਬਾੜੀ ਅਫ਼ਸਰ ਡਾ.ਨਰੇਸ਼ ਗੁਲਾਟੀ ਅਤੇ ਹੋਰ ਵੀ ਹਾਜ਼ਰ ਸਨ।